ਮੇਨ ਬਾਜ਼ਾਰ ’ਚ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
ਡੀਸੀ ਮੋਗਾ ਸਾਗਰ ਸੇਤੀਆ ਨੇ ਮੋਗਾ
Publish Date: Fri, 02 Jan 2026 03:52 PM (IST)
Updated Date: Sat, 03 Jan 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਡੀਸੀ ਮੋਗਾ ਸਾਗਰ ਸੇਤੀਆ ਨੇ ਮੋਗਾ ਸ਼ਹਿਰ ਦੇ ਮੇਨ ਬਜਾਰ ਵਿਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀਟੀ ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ 9 ਰਾਹੀਂ ਦੇਵ ਹੋਟਲ ਚੌਂਕ ਤੱਕ ਜਾਇਆ ਕਰਨਗੇ। ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ) ਤੱਕ ਭਾਰੀ ਵਾਹਨਾਂ ਦੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਐਂਟਰੀ ਹੋਣ ਨਾਲ ਬਜਾਰ ਵਿਚ ਭੀੜ ਵਧ ਜਾਂਦੀ ਹੈ ਅਤੇ ਆਵਾਜਾਈ ਵਿਚ ਰੁਕਾਵਟ ਪੇਸ਼ ਆਉਂਦੀ ਹੈ। ਇਸ ਨਾਲ ਆਮ ਪਬਲਿਕ ਵਿਚ ਵਾਹਨ ਇਕ ਦੂਸਰੇ ਤੋਂ ਅੱਗੇ ਕੱਢਣ ਕਰਕੇ ਤਕਰਾਰ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ ਇਸ ਕਰਕੇ ਲੜਾਈ ਝਗੜਾ ਵੀ ਹੋ ਸਕਦਾ ਹੈ। ਉਕਤ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਡੀਸੀ ਵੱਲੋਂ ਜ਼ਿਲ੍ਹੇ ਵਿਚ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਗੱਡੀ ਜਿਸ ਦੇ ਅੱਗੇ ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ੍ਹਾਂ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਰਿਫਲੈਕਟਰ ਆਦਿ ਨਾ ਲੱਗਾ ਹੋਣ ਕਰਕੇ ਅੱਗੇ ਤੋਂ ਤੇਜ ਲਾਈਟਾਂ ਵਾਲਾ ਵਹੀਕਲ ਆਉਣ ਤੇ ਅਜਿਹੇ ਵਹੀਕਲਜ ਵਿਖਾਈ ਨਹੀਂ ਦਿੰਦੇ ਅਤੇ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦੇ ਹਨ ਉਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਦਾ ਖਤਰਾ ਪੈਦ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ। ਉਕਤ ਦੋਨੋਂ ਹੁਕਮ 28 ਫਰਵਰੀ ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।