- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼

ਭਾਜਪਾ ਦੀ ਨਸ਼ਾਮੁਕਤ ਪੰਜਾਬ ਯਾਤਰਾ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਕੀਤਾ ਲਾਮਬੰਦ, ਪੰਜਾਬ ਸਰਕਾਰ ਨੂੰ ਘੇਰਿਆ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਪੰਜਾਬ ਨਸ਼ਾ ਮੁਕਤੀ ਯਾਤਰਾ’ ਤਹਿਤ ਮੋਗਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਅਜੈ ਟਮਟਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮਹਾਰਾਜਾ ਪੈਲੇਸ ਮੋਗਾ ਵਿਖੇ ਭਾਜਪਾ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅਜੈ ਟਮਟਾ ਨੇ ਨਸ਼ਿਆਂ ਦੇ ਮੁੱਦੇ ਨੂੰ ਪੰਜਾਬ ਦੇ ਭਵਿੱਖ ਨਾਲ ਜੋੜਦਿਆਂ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਲੜਾਈ ਵਿਚ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੇ ਹਰ ਖ਼ੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਸ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਸੂਬੇ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ ਤਾਂ ਉਨ੍ਹਾਂ ਨੂੰ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਦੇਣੇ ਪੈਣਗੇ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾ ਕੇ ਹੀ ਪੰਜਾਬ ਨੂੰ ਅੱਗੇ ਲਿਜਾਇਆ ਜਾ ਸਕਦਾ ਹੈ।
ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਮਹਾਰਾਜਾ ਪੈਲੇਸ ਵਿਖੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਜੈ ਟਮਟਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਨੂੰ ਆਖ਼ਰ ਚਲਾ ਕੌਣ ਰਿਹਾ ਹੈ। ਉਨ੍ਹਾਂ ਸਤਿੰਦਰ ਜੈਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਨਾਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਕਿਤੇ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਇਹ ਸਵਾਲ ਪੰਜਾਬ ਦੇ ਲੋਕਾਂ ਵੱਲੋਂ ਵੀ ਪੁੱਛਿਆ ਜਾ ਰਿਹਾ ਹੈ। ਅਜੈ ਟਮਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਸਰਕਾਰ ਬਣਾਉਣ ਸਮੇਂ ਨਸ਼ਿਆਂ ਦੇ ਖ਼ਾਤਮੇ ਨੂੰ ਵੱਡਾ ਮੁੱਦਾ ਬਣਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਕੀਤੇ ਗਏ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੀ ਸਥਿਤੀ ਵਿਚ ਅੰਤਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਾਨੂੰਨ-ਵਿਵਸਥਾ ਦਾ ਮਾਮਲਾ ਨਹੀਂ ਬਲਕਿ ਇਹ ਪਰਿਵਾਰਾਂ, ਨੌਜਵਾਨਾਂ ਅਤੇ ਸਮੁੱਚੇ ਸਮਾਜ ਨਾਲ ਜੁੜਿਆ ਹੋਇਆ ਗੰਭੀਰ ਮੁੱਦਾ ਹੈ।
ਭਾਜਪਾ ਦੀਆਂ ਪ੍ਰਾਪਤੀਆਂ ਦਾ ਕੀਤਾ ਜ਼ਿਕਰ
ਕੇਂਦਰੀ ਰਾਜ ਮੰਤਰੀ ਨੇ ਭਾਜਪਾ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ, ਉਸ ਨੂੰ ਪੂਰਾ ਕਰਨ ਲਈ ਕੰਮ ਕਰਦੀ ਹੈ। ਉਨ੍ਹਾਂ ਰਾਮ ਮੰਦਰ ਦੀ ਉਸਾਰੀ, ਨਕਸਲਵਾਦ ਦੇ ਖ਼ਾਤਮੇ ਅਤੇ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਨੂੰ ਉਦਾਹਰਨਾਂ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਵੱਡੇ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਭਾਜਪਾ ਵੱਲੋਂ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਅਜਿਹੀ ਦਿਸ਼ਾ ਦੀ ਲੋੜ ਹੈ, ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਰੋਕਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੌਕੇ ਅਤੇ ਸਹੀ ਮੰਚ ਮੁਹੱਈਆ ਕਰਵਾਉਣ ਦੀ ਹੈ।
ਹਰ ਪਰਿਵਾਰ ਨੂੰ ਬਣਨਾ ਪਵੇਗਾ ਨਸ਼ਾਮੁਕਤੀ ਮੁਹਿੰਮ ਦਾ ਹਿੱਸਾ
ਅਜੈ ਟਮਟਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਜਦੋਂ ਤੱਕ ਪਰਿਵਾਰ, ਸਮਾਜਿਕ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਨੌਜਵਾਨ ਅਤੇ ਆਮ ਲੋਕ ਇਕੱਠੇ ਹੋ ਕੇ ਇਸ ਸਮੱਸਿਆ ਵਿਰੁੱਧ ਆਵਾਜ਼ ਨਹੀਂ ਉਠਾਉਂਦੇ, ਉਦੋਂ ਤੱਕ ਇਸ ਦਾ ਪੂਰਾ ਹੱਲ ਸੰਭਵ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਘਰ ਨੂੰ ਆਪਣੇ ਨੌਜਵਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦਾ ਮਤਲਬ ਸਿਰਫ਼ ਨਸ਼ਾ ਛੱਡਣਾ ਨਹੀਂ, ਬਲਕਿ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਹੈ। ਇਸ ਲਈ ਉਨ੍ਹਾਂ ਨੂੰ ਸਿੱਖਿਆ, ਹੁਨਰ ਸਿਖਲਾਈ, ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਵੀਆਂ ਉਡਾਣਾਂ ਦੇਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਰੇਲ ਰਾਹੀਂ ਲੁਧਿਆਣਾ ਪੁੱਜੇ, ਮੋਗਾ ’ਚ ਦਿੱਤਾ ਗਾਰਡ ਆਫ਼ ਆਨਰ
ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਅਜੈ ਟਮਟਾ ਦਿੱਲੀ ਤੋਂ ਰੇਲ ਰਾਹੀਂ ਲੁਧਿਆਣਾ ਪਹੁੰਚੇ। ਲੁਧਿਆਣਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਉਹ ਮੋਗਾ ਪਹੁੰਚੇ, ਜਿੱਥੇ ਮੋਗਾ ਦੇ ਰੈਸਟ ਹਾਊਸ ਵਿਖੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਮਹਾਰਾਜਾ ਪੈਲੇਸ ਵਿਖੇ ਹੋਏ ਸਮਾਗਮ ਦੌਰਾਨ ਅਜੈ ਟਮਟਾ ਨੇ ਵਰਕਰਾਂ ਨੂੰ ਨਸ਼ਾ ਮੁਕਤੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸਿਆਸੀ, ਸਮਾਜਿਕ ਅਤੇ ਪਰਿਵਾਰਕ ਪੱਧਰ ’ਤੇ ਲਗਾਤਾਰ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਤਾਕਤ ਨੂੰ ਨਸ਼ਿਆਂ ਤੋਂ ਬਚਾ ਕੇ ਰਾਸ਼ਟਰ ਨਿਰਮਾਣ ਵਿਚ ਲਗਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।