- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਆਮ

ਮਨਪ੍ਰੀਤ ਸਿੰਘ ਮੱਲੇਆਣਾ, ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਪੇਂਡੂ ਖ਼ੇਤਰਾਂ ਵਿਚ ਕਾਨੂੰਨੀ ਹੱਕ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦਿਆਂ ਅੱਜ ਮੋਗਾ ਹਲਕੇ ਦੇ ਪਿੰਡ ਕਾਲੀਏਵਾਲਾ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵ) ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਸਾਲਾਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਸੌਂਪ ਕੇ ਕਾਨੂੰਨੀ ਮਾਲਕੀ ਹੱਕ ਦਿੱਤੇ ਗਏ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਮੌਜੂਦਗੀ ਵਿਚ ਲਾਭਪਾਤਰੀਆਂ ਨੂੰ ਰਜਿਸਟਰੀਆਂ ਦੇ ਦਸਤਾਵੇਜ਼ ਵੰਡੇ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪੇਂਡੂ ਪਰਿਵਾਰ ਦਹਾਕਿਆਂ ਤੋਂ ਆਪਣੀ ਜਾਇਦਾਦ ਦੇ ਕਾਨੂੰਨੀ ਮਾਲਕੀ ਹੱਕਾਂ ਤੋਂ ਵਾਂਝੇ ਸਨ। ਇਸ ਕਾਰਨ ਉਨ੍ਹਾਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਜਾਇਦਾਦ ਦੀ ਖਰੀਦੋ-ਫਰੋਖ਼ਤ ਕਰਨ ਸਮੇਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਇਤਿਹਾਸਕ ਪਹਿਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਸਲ ਕਾਨੂੰਨੀ ਮਾਲਕੀ ਹੱਕ ਦਿਵਾ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਿਚ ਸਹਾਈ ਹੋ ਰਹੀ ਹੈ। ਹੁਣ ਲੋਕ ਆਪਣੀ ਜਾਇਦਾਦ ਦੇ ਪੱਕੇ ਮਾਲਕ ਬਣ ਸਕਣਗੇ ਅਤੇ ਮਾਲਕੀ ਹੱਕਾਂ ਸਬੰਧੀ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਰਜਿਸਟਰੀਆਂ ਪ੍ਰਾਪਤ ਕਰਨ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ। ਸਮਾਗਮ ਵਿਚ ਪ੍ਰਸ਼ਾਸਨਿਕ ਅਧਿਕਾਰੀ, ਪਿੰਡ ਦੀ ਪੰਚਾਇਤ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵੀ ਮੌਜੂਦ ਸਨ।