ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਲਾਮਬੰਦੀ
ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨਬੰਦੀ
Publish Date: Fri, 09 Jan 2026 06:20 PM (IST)
Updated Date: Sat, 10 Jan 2026 04:06 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਮੋਗਾ ਦੀਆਂ ਧਾਰਮਿਕ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਬੀਕੇਯੂ ਲੱਖੋਵਾਲ ਦੇ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋਂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਭੇਖਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਇਕੱਠ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ, ਪੱਤਰਕਾਰਾਂ ਅਤੇ ਸਮਾਜਿਕ ਬੁੱਧੀਜੀਵੀਆਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਚੰਡੀਗੜ੍ਹ ਵਿਖੇ ਸਿੱਖ ਜੱਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਗਾਤਾਰ ਜਾਰੀ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਇਸ ਮਾਮਲੇ ’ਤੇ ਕੋਈ ਢੁੱਕਵਾਂ ਕਦਮ ਨਹੀਂ ਚੁੱਕ ਰਹੀਆਂ। ਮੀਟਿੰਗ ਵਿੱਚ ਦੱਸਿਆ ਗਿਆ ਕਿ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਅਤੇ ਮੋਦੀ ਸਰਕਾਰ ਵੱਲੋਂ ਬੰਦ ਕੀਤੇ ਗਏ ਸਮਾਜਿਕ ਬੁੱਧੀਜੀਵੀ ਕੈਦੀਆਂ ਦੀ ਰਿਹਾਈ ਦੇ ਮਸਲੇ ’ਤੇ ਹੁਣ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਕਿਸਾਨ ਜੱਥੇਬੰਦੀਆਂ ਵੀ ਖੁੱਲ੍ਹ ਕੇ ਹਮਾਇਤ ਵਿੱਚ ਆ ਗਈਆਂ ਹਨ। ਇਸ ਤਹਿਤ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਦੇ ਤੌਰ ’ਤੇ ਦੋ ਵੱਡੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ। ਆਗੂਆਂ ਮੁਤਾਬਕ 12 ਜਨਵਰੀ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਮੁਫ਼ਤ ਕੀਤੇ ਜਾਣਗੇ ਜਦਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬੀਜੇਪੀ ਦਫ਼ਤਰਾਂ ਦਾ ਘਿਰਾਓ ਕਰਕੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਕੜੀ ਤਹਿਤ ਮੋਗਾ ਜ਼ਿਲ੍ਹੇ ’ਚ 12 ਜਨਵਰੀ ਨੂੰ ਦਾਰਾਪੁਰ ਅਤੇ ਕਮਾਲ ਕੇ ਵਾਲਾ ਟੋਲ ਪਲਾਜ਼ਾ ਪੰਜ ਘੰਟਿਆਂ ਲਈ ਰਾਹਗੀਰਾਂ ਵਾਸਤੇ ਟੋਲ ਮੁਕਤ ਕੀਤਾ ਜਾਵੇਗਾ ਅਤੇ 26 ਜਨਵਰੀ ਨੂੰ ਬੀਜੇਪੀ ਦਫ਼ਤਰਾਂ ਅੱਗੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਜਸਮੇਲ ਸਿੰਘ ਰਾਜਿਆਣਾ, ਕੁਲਜੀਤ ਸਿੰਘ ਪੰਡੋਰੀ, ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ,ਕਿਰਤੀ ਕਿਸਾਨ ਯੂਨੀਅਨ, ਬਲਕਰਨ ਸਿੰਘ ਢਿੱਲੋਂ, ਲਖਵਿੰਦਰ ਸਿੰਘ ਰੌਲੀ ਬੀਕੇਯੂ ਲੱਖੋਵਾਲ, ਕਸ਼ਮੀਰ ਸਿੰਘ ਭੇਖਾ, ਸੁਖਮੰਦਰ ਸਿੰਘ, ਸੁਖਦੀਪ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕੁਲਦੀਪ ਸਿੰਘ, ਅੰਮ੍ਰਿਤ ਸਿੰਘ ਅਤੇ ਹਰਦੀਪ ਸਿੰਘ ਸਮੇਤ ਕਈ ਹੋਰ ਆਗੂ ਹਾਜ਼ਰ ਸਨ।