- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਰਤੀ ਕਿਸਾਨ ਯੂਨੀਅਨ ਅਤੇ

ਕਿਸਾਨ ਜਥੇਬੰਦੀਆਂ ਨੇ ਐੱਸਡੀਐੱਮ ਦਫਤਰ ਅੱਗੇ ਧਰਨਾ ਲਾ ਕੇ ਕੀਤੀ ਨਾਰੇਬਾਜ਼ੀ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਿਹਾਲ ਸਿੰਘ ਵਾਲਾ ਦੇ ਐੱਸਡੀਐੱਮ ਦਫ਼ਤਰ ਅੱਗੇ ਧਰਨੇ ਦੌਰਾਨ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਨੂੰ ਵੱਖ ਵੱਖ ਆਗੂਆਂ ਨੇ ਸੰਬੋਧਨ ਕੀਤਾ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਾਜ਼ਰ ਸਿੰਘ ਖਾਈ, ਬਲਾਕ ਆਗੂ ਬੇਅੰਤ ਸਿੰਘ ਮੱਲੇਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਗੁਰਮੁੱਖ ਸਿੰਘ ਹਿੰਮਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਈ ਮਹੀਨੇ ਦੌਰਾਨ ਇਲਾਕੇ ਵਿਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਮਈ ਮਹੀਨੇ ਵਿਚ ਹਲਕੇ ਦੇ ਕਈ ਪਿੰਡਾਂ ਵਿਚ ਹੋਈ ਗੜ੍ਹੇਮਾਰੀ ਅਤੇ ਖਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਇੱਥੋਂ ਤੱਕ ਕਿ ਕਈ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਸਰਕਾਰੀ ਪੱਧਰ ’ਤੇ ਗਿਰਦਾਵਰੀ ਕਰਵਾਏ ਜਾਣ ਦੇ ਬਾਵਜੂਦ ਪਿੰਡ ਮਾਛੀਕੇ ਦੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲਣ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਦਕਿ ਹੋਰ ਪਿੰਡਾਂ ਵਿਚ ਹੋਈ ਗੜ੍ਹੇਮਾਰੀ ਨਾਲ ਕਿਸਾਨਾਂ ਨੂੰ ਮੁਆਵਜ਼ਾ ਮਿਲ ਚੁੱਕਾ ਹੈ ਪਰ ਮਾਛੀਕੇ ਪਿੰਡ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਧਰਨਾਕਾਰੀ ਕਿਸਾਨਾਂ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀ ਕਿਸਾਨੀ ਲਈ ਫਸਲਾਂ ਦਾ ਨੁਕਸਾਨ ਵੱਡਾ ਝਟਕਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੀ ਪੂਰੀ ਰਿਪੋਰਟ ਦੇ ਆਧਾਰ ’ਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਜਾਰੀ ਕੀਤਾ ਜਾਵੇ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਐੱਸਡੀਐੱਮ ਦਫ਼ਤਰ ਵੱਲੋਂ ਮੁਆਵਜ਼ੇ ਲਈ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਇਕਜੁੱਟ ਹਨ ਅਤੇ ਜਦੋਂ ਤੱਕ ਨੁਕਸਾਨੀਆਂ ਫਸਲਾਂ ਦਾ ਬਣਦਾ ਮੁਆਵਜ਼ਾ ਪਿੰਡ ਮਾਛੀਕੇ ਦੇ ਕਿਸਾਨਾਂ ਨੂੰ ਨਹੀਂ ਮਿਲਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਧਰਨੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਸਕੱਤਰ ਗੁਰਮੁੱਖ ਸਿੰਘ ਹਿੰਮਤਪੁਰਾ, ਇਕਾਈ ਪ੍ਰਧਾਨ ਗੁਰਨਾਮ ਸਿੰਘ ਮਾਛੀਕੇ, ਭੋਲਾ ਸਿੰਘ ਮਾਛੀਕੇ, ਡਾ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾ ਗੁਰਮੇਲ ਸਿੰਘ ਮਾਛੀਕੇ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸਹਾਇਕ ਸਕੱਤਰ ਜਸਵੀਰ ਸਿੰਘ ਮਾਛੀਕੇ ਨੇ ਵੀ ਸੰਬੋਧਨ ਕੀਤਾ।
ਕੀ ਕਿਹਾ ਐੱਸਡੀਐੱਮ ਗਗਨਦੀਪ ਨੇ
ਜਦੋਂ ਇਸ ਸਬੰਧੀ ਐੱਸਡੀਐੱਮ ਗਗਨਦੀਪ ਨਿਹਾਲ ਸਿੰਘ ਵਾਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਾਰੇ ਬਿੱਲ ਪਾਸ ਕੀਤੇ ਜਾ ਚੁੱਕੇ ਹਨ। ਕਿਸਾਨਾਂ ਦੀ ਤਲੱਸੀ ਲਈ ਟੋਕਣ ਨੰਬਰ ਵੀ ਮੁਹੱਈਆ ਕਰਵਾ ਦਿੱਤਾ ਹੈ, ਅੱਗੇ ਕਿੱਥੇ ਕਾਰਵਾਈ ਰਹਿੰਦੀ ਹੈ ਉਹ ਖਜਾਨਾ ਦਫ਼ਤਰ ਹੀ ਦੱਸ ਸਕਦਾ ਹੈ। ਐੱਸਡੀਐੱਮ ਦਫ਼ਤਰ ਵੱਲੋਂ ਮੁਆਵਜ਼ੇ ਦੀ ਰਕਮ ਸਬੰਧੀ ਕੋਈ ਦੇਰੀ ਨਹੀਂ ਹੈ।