ਕਿਸਾਨ ਜਥੇਬੰਦੀਆਂ ਨੇ ਘੇਰਿਆ ਐੱਸਡੀਐੱਮ ਦਫ਼ਤਰ, ਜੰਮ ਕੇ ਕੀਤੀ ਨਾਅਰੇਬਾਜ਼ੀ ਪਿਛਲੇ ਸਾਲ ਗੜ੍ਹੇਮਾਰੀ ਕਾਰਨ
Publish Date: Mon, 21 Sep 2026 03:52 PM (IST)
Updated Date: Mon, 21 Sep 2026 03:53 PM (IST)
ਮਾਛੀਕੇ ਦੇ ਕਿਸਾਨਾਂ ਦੀ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦਾ ਮਾਮਲਾ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪਿਛਲੇ ਸਾਲ ਗੜੇਮਾਰੀ ਕਾਰਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਦੇ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਦਫ਼ਤਰ ਨਿਹਾਲ ਸਿੰਘ ਵਾਲਾ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ ਅਤੇ ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਕਿਸਾਨ ਆਗੂਆਂ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ ਅਤੇ ਬੇਅੰਤ ਸਿੰਘ ਮੱਲੇਆਣਾ ਨੇ ਕਿਹਾ ਕਿ ਪਿਛਲੇ ਸਾਲ ਗੜੇਮਾਰੀ ਨੇ ਮਾਛੀਕੇ ਪਿੰਡ ਸਮੇਤ ਇਲਾਕੇ ਦੇ ਕਈ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ। ਗੜੇਮਾਰੀ ਕਾਰਨ ਖੇਤਾਂ ਵਿਚ ਖੜ੍ਹੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ। ਕੁਦਰਤੀ ਆਫ਼ਤ ਦੀ ਮਾਰ ਝੱਲਣ ਤੋਂ ਬਾਅਦ ਕਿਸਾਨਾਂ ਨੂੰ ਉਮੀਦ ਸੀ ਕਿ ਸਰਕਾਰ ਵੱਲੋਂ ਗਿਰਦਾਵਰੀ ਅਤੇ ਨੁਕਸਾਨ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਜਲਦ ਮੁਹੱਈਆ ਕਰਵਾਇਆ ਜਾਵੇਗਾ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਪ੍ਰਭਾਵਿਤ ਕਿਸਾਨ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਈ ਵਾਰ ਆਪਣੀ ਸਮੱਸਿਆ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਹੈ। ਇਸ ਦੇ ਬਾਵਜੂਦ ਮੁਆਵਜ਼ੇ ਦੀ ਰਕਮ ਜਾਰੀ ਨਾ ਹੋਣ ਕਾਰਨ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਮਹਿੰਗੇ ਬੀਜ, ਖਾਦਾਂ, ਦਵਾਈਆਂ, ਡੀਜ਼ਲ ਅਤੇ ਹੋਰ ਖੇਤੀ ਲਾਗਤਾਂ ਦਾ ਬੋਝ ਝੱਲ ਰਹੇ ਹਨ ਅਤੇ ਦੂਜੇ ਪਾਸੇ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਹੋਰ ਪ੍ਰਭਾਵਿਤ ਹੁੰਦੀ ਹੈ। ਮੁਆਵਜ਼ਾ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਮਾਛੀਕੇ ਪਿੰਡ ਦੇ ਪ੍ਰਭਾਵਿਤ ਕਿਸਾਨਾਂ ਦੀ ਨੁਕਸਾਨੀ ਫ਼ਸਲ ਦਾ ਮਾਮਲਾ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਮਾਮਲੇ ਨੂੰ ਹੋਰ ਲਟਕਾਉਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਾਛੀਕੇ ਦੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਨਾ ਦਿੱਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਸਕਦੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦਾ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੰਮੇ ਸਮੇਂ ਤੋਂ ਮੁਆਵਜ਼ੇ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਐੱਸਡੀਐੱਮ ਦੇ ਅਮਲੇ ਨੇ ਦਫਤਰ ਛੱਡਿਆ ਸੋਮਵਾਰ ਜਦੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਪਿੰਡ ਮਾਛੀਕੇ ਦੇ ਕਿਸਾਨਾਂ ਨੂੰ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜੇ ਲਈ ਐੱਸਡੀਐੱਮ ਦਫਤਰ ਨਿਹਾਲ ਸਿੰਘ ਵਾਲਾ ਨੂੰ ਚਾਰ ਚੁਫੇਰੇ ਤੋਂ ਘੇਰ ਲਿਆ ਤਾਂ ਐੱਸਡੀਐੱਮ ਦਫਤਰ ਦਾ ਅਮਲਾ ਕੁਰਸੀਆਂ ਛੱਡ ਬਾਹਰ ਚਲਾਜ ਗਿਆ।