ਜ਼ਿਲ੍ਹੇ ਭਰ ਦੇ ਕਿਸਾਨ ਸੜਕਾਂ 'ਤੇ, ਖੇਤੀਬਾੜੀ ਬਿਜਲੀ ਨਾ ਆਉਣ ਕਾਰਨ ਰੋਸ ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ
Publish Date: Fri, 11 Sep 2026 07:04 PM (IST)
Updated Date: Sat, 12 Sep 2026 04:05 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਜ਼ਿਲ੍ਹੇ ਭਰ ਦੇ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਬਿਜਲੀ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਨਿਹਾਲ ਸਿੰਘ ਵਾਲਾ ਦੇ ਦਰਜਨਾਂ ਪਿੰਡਾਂ ਦੇ ਕਿਸਾਨ ਸੜਕਾਂ ਤੇ ਹਨ, ਇਨ੍ਹਾਂ ਕਿਸਾਨਾਂ ਨੇ ਧਰਨੇ ਦੌਰਾਨ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਦੇ ਖੇਤੀਬਾੜੀ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨੂੰ ਖੇਤਾਂ ਵਿਚ ਪਾਣੀ ਲਗਾਉਣ ਲਈ ਬਿਜਲੀ ਦੀ ਲੋੜ ਹੈ ਪਰ ਸਪਲਾਈ ਸਮੇਂ ਸਿਰ ਨਾ ਮਿਲਣ ਕਾਰਨ ਪਰੇਸ਼ਾਨੀ ਵਧ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਖੇਤੀਬਾੜੀ ਲਾਗਤਾਂ ਦਾ ਬੋਝ ਝੱਲ ਰਹੇ ਹਨ ਅਤੇ ਬਿਜਲੀ ਦੀ ਸਮੱਸਿਆ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਕਿਸਾਨਾਂ ਨੇ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਬਿਜਲੀ ਕੱਟਾਂ ਕਾਰਨ ਪੈਦਾ ਹੋ ਰਹੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਕਿਸਾਨਾਂ ਦੇ ਸੜਕਾਂ ’ਤੇ ਆਉਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸਥਿਤੀ ਬਣ ਰਹੀ ਹੈ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਆਪਣੀ ਫ਼ਸਲ ਅਤੇ ਖੇਤੀਬਾੜੀ ਨਾਲ ਜੁੜੀ ਬਿਜਲੀ ਦੀ ਸਮੱਸਿਆ ਸਰਕਾਰ ਤੱਕ ਪਹੁੰਚਾਉਣਾ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਕੀ ਕਦਮ ਚੁੱਕੇ ਜਾਂਦੇ ਹਨ। ਬਾਕਸ ਪੁਲਿਸ ਵੱਲੋਂ ਪਰਚਾ ਦਰਜ ਕਰਨ ਦੀ ਧਮਕੀ ਤੇ ਭੜਕੇ ਕਿਸਾਨ ਨਿਹਾਲ ਸਿੰਘ ਵਾਲਾ ਦੇ ਮੇਨ ਚੌਕ ਵਿਚ ਲਗਾਏ ਵੱਖ ਵੱਖ ਕਿਸਾਨ ਜਥੇਬੰਦੀਆਂ ਅਤੇ ਪਿੰਡਾਂ ਦੇ ਕਿਸਾਨਾਂ ਵੱਲੋਂ ਧਰਨਾ ਦੌਰਾਨ ਇਕ ਪੁਲਿਸ ਮੁਲਾਜ਼ਮ ਵੱਲੋਂ ਧਰਨਾਕਾਰੀਆਂ ਨੂੰ ਦਿੱਤੀ ਪਰਚੇ ਦੀ ਧਮਕੀ ਤੇ ਕਿਸਾਨ ਜਥੇਬੰਦੀਆਂ ਭੜਕ ਗਈਆਂ। ਉਨ੍ਹਾਂ ਰੋਹ ਵਿਚ ਆ ਕੇ ਮੇਨ ਬਾਜ਼ਾਰ ਅਤੇ ਬਾਘਾਪੁਰਾਣਾ ਬਰਨਾਲਾ ਰੋਡ ਤੇ ਧਰਨੇ ਦੌਰਾਨ ਨਾਅਰੇਬਾਜ਼ੀ ਕੀਤੀ। ਉਨ੍ਹਾਂ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਗਿਆ ਜੋ ਖਬਰ ਲਿਖੇ ਜਾਣ ਤੱਕ ਜਾਰੀ ਹੈ। ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਰਸ਼ਨ ਸਿੰਘ ਬੀਕੇਯੂ ਮਾਲਵਾ ਪੰਜਾਬ, ਹਰਜੀਵਨ ਸਿੰਘ ਖਹਿਰਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਆਤਮਾ ਸਿੰਘ ਧੂੜਕੋਟ ਜ਼ਿਲ੍ਹਾ ਪ੍ਰਧਾਨ ਬੀਕੇਯੂ ਸ਼ੇਰ-ਏ-ਪੰਜਾਬ, ਪਰਮਜੀਤ ਸਿੰਘ ਸਾਬਕਾ ਸਰਪੰਚ ਮਧੇਕੇ, ਹਰਜੀਤ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਧਰਨਾ 8 ਘੰਟੇ ਬਿਜਲੀ ਸਪਲਾਈ ਨਿਰਵਿਘਨ ਆਉਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੇ ਨਾਲ ਵਿਸ਼ਵਾਸ ਦੇ ਤੌਰ ’ਤੇ ਪਟਿਆਲਾ ਦਫ਼ਤਰ ਤੋਂ ਅਧਿਕਾਰੀ ਆ ਕੇ ਗੱਲ ਕਰਨ ਤਾਂ ਧਰਨਾ ਸਮਾਪਤ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਕਿਸਾਨ ਹਾਜ਼ਰ ਸਨ।