ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ
Publish Date: Wed, 24 Jun 2026 05:26 PM (IST)
Updated Date: Wed, 24 Jun 2026 05:28 PM (IST)

ਜਥੇਬੰਦੀਆਂ ਨੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤ ਅਜ਼ਾਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਬਹਿਰਾਮ ਕੇ ਅਤੇ ਬੀਕੇਯੂ ਕ੍ਰਾਂਤੀਕਾਰੀ ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਦੇ ਵਿਰੋਧ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾਈ ਆਗੂ ਲਖਵੀਰ ਸਿੰਘ ਦੌਧਰ ਕਿਸਾਨ ਮਜ਼ਦੂਰ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਗੁਰਲਾਲ ਸਿੰਘ ਗੋਲੇਵਾਲਾ ਸੂਬਾ ਖ਼ਜ਼ਾਨਚੀ ਬੀਕੇਯੂ ਕ੍ਰਾਂਤੀਕਾਰੀ, ਗੁਰਮੇਲ ਸਿੰਘ ਸੂਬਾ ਸਕੱਤਰ ਬੀਕੇਯੂ ਬਹਿਰਾਮ ਕੇ ਨੇ ਕਿਹਾ ਕਿ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਮਝੌਤਾ ਲਾਗੂ ਹੋਣ ਨਾਲ ਵਿਦੇਸ਼ੀ ਕਾਰਪੋਰੇਟ ਕੰਪਨੀਆਂ ਨੂੰ ਭਾਰਤੀ ਖੇਤੀਬਾੜੀ, ਡੇਅਰੀ, ਬੀਜ, ਖੁਰਾਕ ਅਤੇ ਪ੍ਰਚੂਨ ਵਪਾਰ ’ਚ ਹੋਰ ਵੱਡਾ ਦਾਖਲਾ ਮਿਲੇਗਾ, ਜਿਸ ਨਾਲ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੀ ਆਮਦਨ ਅਤੇ ਰੋਜ਼ੀ-ਰੋਟੀ ਉੱਤੇ ਗੰਭੀਰ ਅਸਰ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖੇਤੀ ਉਤਪਾਦਾਂ, ਡੇਅਰੀ ਅਤੇ ਹੋਰ ਵਸਤਾਂ ਦੀ ਬੇਰੋਕ ਦਰਾਮਦ ਨੂੰ ਮਨਜ਼ੂਰੀ ਦਿੱਤੀ ਗਈ ਤਾਂ ਭਾਰਤੀ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਅਤੇ ਦੁੱਧ ਦਾ ਵਾਜਬ ਭਾਅ ਮਿਲਣਾ ਹੋਰ ਵੀ ਮੁਸ਼ਕਲ ਹੋ ਜਾਵੇਗਾ। ਇਸ ਨਾਲ ਖੇਤੀ ਲਾਗਤ ਅਤੇ ਕਰਜ਼ੇ ਦਾ ਬੋਝ ਵਧੇਗਾ ਅਤੇ ਪੇਂਡੂ ਆਰਥਿਕਤਾ ਨੂੰ ਵੱਡਾ ਝਟਕਾ ਲੱਗੇਗਾ। ਇਸ ਤੋਂ ਇਲਾਵਾ ਛੋਟੇ ਉਦਯੋਗਾਂ ਅਤੇ ਸਵੈ-ਰੁਜ਼ਗਾਰ ਨਾਲ ਜੁੜੇ ਲੱਖਾਂ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸੇ ਵੀ ਅੰਤਰਰਾਸ਼ਟਰੀ ਵਪਾਰਕ ਸਮਝੌਤੇ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ, ਮਜ਼ਦੂਰ ਸੰਗਠਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ। ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਕੀਤੇ ਜਾਣ ਵਾਲੇ ਕਿਸੇ ਵੀ ਸਮਝੌਤੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਨੂੰ ਲੋਕ ਵਿਰੋਧੀ ਸ਼ਰਤਾਂ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਮੇਤ ਪੂਰੇ ਦੇਸ਼ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੋਕਰੀ, ਨਛੱਤਰ ਸਿੰਘ ਹੇਰ, ਵਾਲਾ,ਹੀਰਾ ਸਿੰਘ, ਗੁਰਦੇਵ ਸਿੰਘ ਸਾਹ ਵਾਲਾ, ਬਾਜ ਸਿੰਘ ਸੰਗਲਾ, ਜਗਰਾਜ ਸਿੰਘ ਦੱਦਾ ਹੂਰ, ਬਲਵਿੰਦਰ ਸਿੰਘ ਕਿਸ਼ਨਪੁਰਾ, ਗੁਲਜਾਰ ਸਿੰਘ ਦੌਧਰ, ਗੁਰਤੀਰ ਸਿੰਘ ਕਾਲੀਏ ਵਾਲਾ, ਗੁਰਬਖ਼ਸ਼ ਸਿੰਘ ਬੱਧਨੀ, ਗੁਰਦੀਪ ਸਿੰਘ ਵੈਰੋਕੇ ਆਦਿ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ।