ਮਹਿੰਗਾਈ, ਖਾਦਾਂ ਦੀ ਕਾਲਾਬਾਜ਼ਾਰੀ ਤੇ ਪੁਲਿਸ ਜਬਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਕਿਸਾਨ ਮਜ਼ਦੂਰ ਮੋਰਚੇ ਦੇ
Publish Date: Mon, 08 Jun 2026 04:12 PM (IST)
Updated Date: Tue, 09 Jun 2026 04:03 AM (IST)

ਕਿਸਾਨ-ਮਜ਼ਦੂਰ ਮੋਰਚਾ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਸੋਮਵਾਰ ਨੂੰ ਮੋਗਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੈਂਕੜਿਆਂ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਧਰਨੇ ’ਚ ਸ਼ਾਮਲ ਲੋਕਾਂ ਨੇ ਵਧਦੀ ਮਹਿੰਗਾਈ, ਖੇਤੀ ਸੈਕਟਰ ਦੀਆਂ ਸਮੱਸਿਆਵਾਂ, ਖਾਦਾਂ ਦੀ ਕਾਲਾਬਾਜ਼ਾਰੀ, ਬੇਰੁਜ਼ਗਾਰੀ ਅਤੇ ਪੁਲਿਸ ਜ਼ਬਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ’ਚ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਦਰਸ਼ਨ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਜਗਮੋਹਨ ਸਿੰਘ ਕੰਗ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ, ਜ਼ੋਨ ਸਕੱਤਰ ਜਰਨੇਲ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਹਰ ਵਰਗ ਦੀ ਕਮਰ ਤੋੜ ਦਿੱਤੀ ਹੈ ਅਤੇ ਲੋਕਾਂ ਲਈ ਰੋਜ਼ਾਨਾ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਖੇਤੀਬਾੜੀ ਲਈ ਲੋੜੀਂਦੀਆਂ ਖਾਦਾਂ, ਖ਼ਾਸ ਕਰਕੇ ਯੂਰੀਆ ਅਤੇ ਡੀਏਪੀ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਥਾਂਵਾਂ ’ਤੇ ਖਾਦਾਂ ਦੀ ਸਪਲਾਈ ਨਾਲ ਬੇਲੋੜੀਆਂ ਵਸਤਾਂ ਜ਼ਬਰੀ ਵੇਚੀਆਂ ਜਾ ਰਹੀਆਂ ਹਨ ਅਤੇ ਖਾਦਾਂ ਨੂੰ ਕਾਲੇ ਬਾਜ਼ਾਰ ਵਿਚ ਉੱਚੀਆਂ ਕੀਮਤਾਂ ’ਤੇ ਵੇਚ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਸਰਕਾਰਾਂ ਇਸ ਮਾਮਲੇ ’ਤੇ ਚੁੱਪ ਧਾਰ ਕੇ ਬੈਠੀਆਂ ਹਨ, ਜਿਸ ਕਾਰਨ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਲੈਂਡ ਪੂਲਿੰਗ ਸਕੀਮ ਅਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤ-ਅਮਰੀਕਾ ਟਰੇਡ ਡੀਲ ਦੇ ਨਾਂ ’ਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ’ਤੇ ਮਿਲ ਰਹੀ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਦੀ ਗਾਰੰਟੀ ਖ਼ਤਮ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲਿਆਂ ਨੂੰ ਪੁਲਿਸ ਜ਼ਬਰ ਅਤੇ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪਟਿਆਲਾ ’ਚ ਬਿਜਲੀ ਕਾਮਿਆਂ ਅਤੇ ਨੌਜਵਾਨਾਂ ’ਤੇ ਹੋਏ ਕਥਿਤ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਵਾਲਿਆਂ ’ਤੇ ਜ਼ਬਰ ਕਰਨਾ ਬਿਲਕੁੱਲ ਵੀ ਜਾਇਜ਼ ਨਹੀਂ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਡੀਜ਼ਲ, ਪੈਟਰੋਲ ਅਤੇ ਘਰੇਲੂ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ, ਖਾਦਾਂ ਦੀ ਕਾਲਾਬਾਜ਼ਾਰੀ ਨੂੰ ਰੋਕਿਆ ਜਾਵੇ, ਭਾਰਤ-ਅਮਰੀਕਾ ਟਰੇਡ ਡੀਲ ਰੱਦ ਕੀਤੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਇਸ ਦੇ ਨਾਲ ਹੀ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਿਕ ਬੇਰੁਜ਼ਗਾਰੀ ਭੱਤਾ ਦੇਣ ਦੀ ਮੰਗ ਵੀ ਕੀਤੀ ਗਈ। ਅੱਜ ਦੇ ਰੋਸ ਮੁਜ਼ਾਹਰੇ ’ਚ ਜਗਰਾਜ ਸਿੰਘ ਦੱਧਾਹੂਰ, ਬਲਜਿੰਦਰ ਸਿੰਘ ਕਿਸ਼ਨਪੁਰ, ਅੰਗਰੇਜ਼ ਸਿੰਘ ਜੋਹਲ ਮੁਬਾਰਕਪੁਰ, ਲਖਵਿੰਦਰ ਸਿੰਘ, ਪ੍ਰੀਤਪਾਲ ਸਿੰਘ, ਬਲਵੰਤ ਸਿੰਘ ਯੂਥ ਪ੍ਰਧਾਨ, ਕੁਲਵਿੰਦਰ ਸਿੰਘ, ਦੇਵ, ਹਰਬੰਸ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ ਲੋਹਾਰਾ, ਮਾਨਕ ਸਿੰਘ, ਰਾਮ ਭੋਲਾ, ਅਜਮੇਰ ਸਿੰਘ ਕਿਸ਼ਨਪੁਰਾ ਅਤੇ ਰਾਜੂ ਪੱਤੋਂ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ’ਚ ਕਿਸਾਨ-ਮਜ਼ਦੂਰ ਹਾਜ਼ਰ ਸਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਲੋਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ’ਤੇ ਵੱਡੇ ਅੰਦੋਲਨ ਉਲੀਕੇ ਜਾਣਗੇ।