- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ

ਅਜੀਤਵਾਲ ਵਿਖੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਕੀਤਾ ਪ੍ਰਦਰਸ਼ਨ
ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ : ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਕਸਬਾ ਅਜੀਤਵਾਲ ਵਿਖੇ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਬ-ਡਵੀਜ਼ਨ ਅਜੀਤਵਾਲ ਦੇ ਬਿਜਲੀ ਦਫ਼ਤਰ ਅੱਗੇ ਮੁੱਖ ਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਨੂੰ ਬਿਲਕੁਲ ਠੱਪ ਕਰ ਦਿੱਤਾ ਗਿਆ। ਰੋਹ ’ਚ ਆਈਆਂ ਕਿਸਾਨ ਜਥੇਬਦੀਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਕਈ ਥਾਣਿਆਂ ਦੀ ਪੁਲਿਸ ਵੀ ਅਜੀਤਵਾਲ ਵਿਖੇ ਤਾਇਨਾਤ ਰਹੀ। ਧਰਨਾਕਾਰੀਆਂ ਵੱਲੋਂ ਕਰੀਬ ਚਾਰ ਘੰਟੇ ਤਪਦੀ ਗਰਮੀ ਵਿਚ ਮੁੱਖ ਮਾਰਗ ’ਤੇ ਬੈਠ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਸੰਦੀਪ ਸਿੰਘ ਚੂਹੜਚੱਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜਗਜੀਤ ਸਿੰਘ ਕੋਕਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਰੀਬ 4 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਇਹ ਸਪਲਾਈ ਵੀ ਦੋ ਸ਼ਿਫਟਾਂ ਵਿੱਚ ਮਿਲ ਰਹੀ ਹੈ। ਇਸ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਇਲਾਕੇ ਦੇ ਕਿਸਾਨਾਂ ਦੀ ਮਦਦ ਨਾਲ ਅੱਜ ਮੁੱਖ ਮਾਰਗ ਜਾਮ ਕਰਕੇ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਨਹੀਂ ਮੰਨਦੇ, ਉਦੋਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਇਸ ਉਪਰੰਤ ਪੁਲਿਸ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਹਰਕਤ ਵਿਚ ਆਏ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਸ਼ੁਰੂ ਕੀਤੀ। ਲੰਮੀ ਗੱਲਬਾਤ ਤੋਂ ਬਾਅਦ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਵੱਲੋਂ ਕਿਸਾਨ ਆਗੂਆਂ ਨੂੰ ਮਸਲਾ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਅਤੇ ਇਲਾਕੇ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਵਿਚ ਮੰਨਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਕਰੀਬ ਚਾਰ ਘੰਟੇ ਚੱਲੇ ਇਸ ਧਰਨੇ ਕਾਰਨ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਆਵਾਜਾਈ ਪ੍ਰਭਾਵਿਤ ਰਹੀ। ਹਾਲਾਂਕਿ ਇਸ ਦੌਰਾਨ ਕਿਸਾਨਾਂ ਵੱਲੋਂ ਐਂਬੂਲੈਂਸਾਂ, ਸਕੂਲ ਵੈਨਾਂ ਅਤੇ ਹੋਰ ਐਮਰਜੈਂਸੀ ਵਾਹਨਾਂ ਨੂੰ ਲੰਘਣ ਦੀ ਛੋਟ ਦਿੱਤੀ ਗਈ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।