- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸ ਾਨ ਮੋਰਚਾ

ਐੱਸਕੇਐੱਮ ਦੇ ਸੱਦੇ ’ਤੇ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਉਲੀਕੇ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮੋਗਾ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਡੀਸੀ ਦਫ਼ਤਰ ਦੇ ਮੁੱਖ ਗੇਟ ਅੱਗੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਇਕੱਤਰ ਹੋਏ ਸੈਂਕੜੇ ਕਿਸਾਨਾਂ ਨੇ ਦੋਵਾਂ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰਾਂ ਦੇ ਪੁਤਲੇ ਫੂਕੇ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਦਾਹੂਰ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਨਾਲ ਲਗਾਤਾਰ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਹਨ, ਪਰ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਨੁਕਸਾਨ ਦਾ ਮੁਆਵਜ਼ਾ, ਖਨੌਰੀ ਅਤੇ ਸ਼ੰਭੂ ਮੋਰਚਿਆਂ ਦੌਰਾਨ ਹੋਏ ਸਮਾਨ ਦੇ ਨੁਕਸਾਨ ਤੇ ਚੋਰੀ ਲਈ 3 ਕਰੋੜ 77 ਲੱਖ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਸਮਾਨ ਅਤੇ ਟਰੈਕਟਰ-ਟਰਾਲੀਆਂ ਚੋਰੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ। ਵੱਖ-ਵੱਖ ਜ਼ਿਲ੍ਹਿਆਂ ਵਿਚ ਨੌਜਵਾਨਾਂ ਅਤੇ ਕਿਸਾਨਾਂ ’ਤੇ ਜੁਲਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਪਰਚੇ ਦਰਜ ਕੀਤੇ ਜਾਣ। ਪੰਜਾਬ ਦੀਆਂ ਕੋਆਪਰੇਟਿਵ ਅਤੇ ਲੈਂਡ ਮਾਰਗੇਜ ਬੈਂਕਾਂ ਵਿਚ ਕਿਸਾਨਾਂ ਤੋਂ ਲਏ ਗਏ ਸਕਿਓਰਿਟੀ ਚੈੱਕ ਵਾਪਸ ਕੀਤੇ ਜਾਣ ਅਤੇ 'ਵਨ ਟਾਈਮ ਸੈਟਲਮੈਂਟ' ਸਕੀਮ ਲਾਗੂ ਕੀਤੀ ਜਾਵੇ। ਪੰਜ ਫ਼ਸਲਾਂ ’ਤੇ ਐੱਮਐੱਸਪੀ ਦੇਣ ਦੇ ਕੀਤੇ ਵਾਅਦੇ ਨੂੰ ਜ਼ਮੀਨੀ ਪੱਧਰ ’ਤੇ ਤੁਰੰਤ ਪੂਰਾ ਕੀਤਾ ਜਾਵੇ। 2027 ਦੀਆਂ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਦੱਦਾਹੂਰ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿਚ ਜਦੋਂ ਮੰਤਰੀ ਅਤੇ ਵਿਧਾਇਕ ਪਿੰਡਾਂ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਕਿਸਾਨ ਉਨ੍ਹਾਂ ਦਾ ਪਿੰਡ-ਪਿੰਡ ਡੱਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਿਰੋਧ ਕਰਨ ਵਾਲੇ ਆਮ ਲੋਕਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਪੁਲਿਸ ਜਬਰ ਨਾਲ ਦਬਾਇਆ ਜਾ ਰਿਹਾ ਹੈ ਅਤੇ ਸੂਬੇ ਵਿੱਚ ਨਸ਼ਾ ਰਿਕਾਰਡ ਤੋੜ ਵਧ ਰਿਹਾ ਹੈ। ਪਿੰਡਾਂ ਵਿੱਚ ਆਉਣ ਵਾਲੇ ਲੀਡਰਾਂ ਤੋਂ ਪੁਲਿਸ ਤਸ਼ੱਦਦ, ਚੋਰੀ ਹੋਏ ਸਮਾਨ ਅਤੇ ਵਧਦੇ ਨਸ਼ਿਆਂ ਦਾ ਹਿਸਾਬ-ਕਿਤਾਬ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਪਿਛਲੇ ਦਿਨਾਂ ਵਿਚ 'ਜੇਲ੍ਹ ਭਰੋ ਅੰਦੋਲਨ' ਸਮੇਤ ਕਈ ਲੜੀਵਾਰ ਪ੍ਰਦਰਸ਼ਨ ਕੀਤੇ ਗਏ ਹਨ। ਇਸ ਵਿਰੋਧ ਪ੍ਰਦਰਸ਼ਨ ਵਿਚ ਜਗਮੀਤ ਸਿੰਘ ਦੱਦਾਹੂਰ, ਤਰਸੇਮ ਸਿੰਘ ਦੱਦਾਹੂਰ, ਰਤਨ ਸਿੰਘ ਮੱਲਕੇ, ਕਰਮ ਸਿੰਘ ਮੱਲਕੇ, ਮੱਖਣ ਸਿੰਘ ਝੰਡੇਆਣਾ, ਅਵਤਾਰ ਸਿੰਘ ਤਾਰੀ ਤਤਾਰੀਏਵਾਲਾ, ਤੇਜਿੰਦਰ ਸਿੰਘ ਬੱਬੂ ਕਪੂਰੇ, ਮਨਦੀਪ ਸਿੰਘ ਝੰਡੇਆਣਾ, ਡਾਕਟਰ ਸੁਰਜੀਤ ਸਿੰਘ ਮੋਗਾ, ਸਤਨਾਮ ਸਿੰਘ ਮੋਗਾ ਅਤੇ ਗੁਰਨਾਮ ਸਿੰਘ ਕੋਰੇਵਾਲਾ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।