ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ਕੀਤੀ ਨਾਅਰੇਬਾਜ਼ੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
Publish Date: Mon, 31 Aug 2026 03:46 PM (IST)
Updated Date: Mon, 31 Aug 2026 03:49 PM (IST)
ਡੀਸੀ ਦਫਤਰ ਅੱਗੇ ਭਾਕਿਯੂ ਏਕਤਾ ਉਗਰਾਹਾਂ ਦਾ ਧਰਨਾ ਜਾਰੀ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤੇ ਜਾਣ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਦਾ ਦੇਸ਼ ਦੀ ਅਰਥਵਿਵਸਥਾ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਉੱਪਰ ਮਾੜਾ ਪ੍ਰਭਾਵ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਸਮਝੌਤਾ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਪਹਿਲਾਂ ਹੀ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਘਰੇਲੂ ਬਜਟ ਵਿਗਾੜ ਦਿੱਤਾ ਹੈ ਅਤੇ ਜੇਕਰ ਅਜਿਹੀਆਂ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਮਹਿੰਗਾਈ ਹੋਰ ਵਧਣ ਦਾ ਖ਼ਦਸ਼ਾ ਹੈ। ਇਸ ਦਾ ਸਭ ਤੋਂ ਵੱਧ ਪ੍ਰਭਾਵ ਆਮ ਅਤੇ ਮੱਧ ਵਰਗੀ ਪਰਿਵਾਰਾਂ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ’ਤੇ ਪਵੇਗਾ। ਆਗੂਆਂ ਨੇ ਐਲਾਨ ਕੀਤਾ ਕਿ 2 ਸਤੰਬਰ 2026 ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਚੱਲ ਰਹੇ ਧਰਨੇ ਵਿੱਚ ਸੈਂਕੜੇ ਕਿਸਾਨ, ਮਜ਼ਦੂਰ ਅਤੇ ਔਰਤਾਂ ਸ਼ਾਮਲ ਹੋਣਗੀਆਂ। ਇਸ ਦਿਨ ਧਰਨੇ ਦੀ ਸਟੇਜ ਦੀ ਕਾਰਵਾਈ ਵੀ ਔਰਤਾਂ ਵੱਲੋਂ ਚਲਾਈ ਜਾਵੇਗੀ। ਧਰਨੇ ਦੌਰਾਨ ਤਲਵੰਡੀ ਸਲੇਮ ਵਿਖੇ ਬਣੀ ਪਾਸ਼-ਹੰਸਰਾਜ ਯਾਦਗਾਰ ਸਬੰਧੀ ਵੀ ਮਤਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਇਕੱਠ ਵਿੱਚ ਫ਼ੈਸਲਾ ਕੀਤਾ ਗਿਆ ਕਿ 9 ਸਤੰਬਰ ਨੂੰ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਵਿੱਚ ਜਥੇਬੰਦੀ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਧਰਨੇ ਨੂੰ ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾਵਾਲਾ, ਲਖਬੀਰ ਸਿੰਘ ਖੋਸਾ, ਸੁਖਜੀਤ ਸਿੰਘ ਲੰਡੇਕੇ, ਤਾਰਾ ਸਿੰਘ ਥਰਾਜ, ਜਸਵਿੰਦਰ ਸਿੰਘ ਘੱਲ ਕਲਾਂ, ਲਖਵੀਰ ਸਿੰਘ ਕਿਸ਼ਨਪੁਰਾ, ਜਗਦੇਵ ਸਿੰਘ ਸਿੰਘਾਵਾਲਾ, ਬਲਦੇਵ ਸਿੰਘ ਡਰੋਲੀ ਭਾਈ ਅਤੇ ਹਰਬੰਸ ਕੌਰ ਚੜਿਕ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਹਰਮੇਲ ਸਿੰਘ ਘਾਲੀ, ਚਮਕੌਰ ਸਿੰਘ ਘੱਲ ਕਲਾਂ, ਬਲਵੀਰ ਸਿੰਘ ਸਮਾਲਸਰ, ਗੁਰਦੇਵ ਸਿੰਘ ਡੇਮਰੂ ਅਤੇ ਹੁਕਮ ਸਿੰਘ ਰਾਮਾ ਵੱਲੋਂ ਇਨਕਲਾਬੀ ਗੀਤ ਪੇਸ਼ ਕਰਕੇ ਧਰਨਾਕਾਰੀਆਂ ਵਿਚ ਜੋਸ਼ ਭਰਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਅਤੇ ਮਸਲਿਆਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ।