ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ਡੀਸੀ ਦਫਤਰ ਦੇ ਗੇਟਾਂ ਦਾ ਘਿਰਾਓ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
Publish Date: Mon, 14 Sep 2026 04:50 PM (IST)
Updated Date: Mon, 14 Sep 2026 04:53 PM (IST)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ 16ਵੇਂ ਦਿਨ ਵੀ ਰਿਹਾ ਜਾਰੀ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਸਾਰੇ ਗੇਟਾਂ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਖੇਤ ਮਜ਼ਦੂਰ ਅਤੇ ਜਥੇਬੰਦੀ ਦੇ ਆਗੂ ਹਾਜ਼ਰ ਰਹੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਪੰਜਾਬ ਭਰ ਵਿਚ ਕਿਸਾਨ ਪਿਛਲੇ 15 ਦਿਨਾਂ ਤੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨਿਆਂ ’ਤੇ ਬੈਠੇ ਹਨ ਪਰ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਵੱਲ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਚੁੱਪ ਕਾਰਨ ਸੰਘਰਸ਼ ਦੇ 16ਵੇਂ ਦਿਨ ਕਿਸਾਨਾਂ ਨੂੰ ਡੀਸੀ ਦਫ਼ਤਰਾਂ ਦੇ ਗੇਟਾਂ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਕੀਤੀ ਜਾ ਰਹੀ ਮੁਕਤ ਵਪਾਰ ਸਮਝੌਤੇ ਸਬੰਧੀ ਗੱਲਬਾਤ ਤੁਰੰਤ ਰੱਦ ਕੀਤੀ ਜਾਵੇ ਅਤੇ ਸਾਰੇ ਸਾਮਰਾਜੀ ਮੁਲਕਾਂ ਨਾਲ ਕੀਤੇ ਗਏ ਮੁਕਤ ਵਪਾਰ ਸਮਝੌਤੇ ਵੀ ਰੱਦ ਕੀਤੇ ਜਾਣ। ਉਨ੍ਹਾਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨਾਂ ’ਤੇ ਕਾਸ਼ਤ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਅਤੇ ਉਨ੍ਹਾਂ ਦੇ ਉਜਾੜੇ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਦਿਹਾੜੀਦਾਰ ਕਿਰਤੀਆਂ ਦੇ ਸਮੁੱਚੇ ਕਰਜ਼ੇ ਖ਼ਤਮ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਅਤੇ ਵਰਕਰਾਂ ’ਤੇ ਦਰਜ ਕੀਤੇ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਵੀ ਤੁਰੰਤ ਵਾਪਸ ਲਏ ਜਾਣ। ਬੁਲਾਰਿਆਂ ਨੇ ਦਰਿਆਈ ਪਾਣੀਆਂ ਦੀ ਵੰਡ ਦਾ ਮਸਲਾ ਕੌਮਾਂਤਰੀ ਅਸੂਲਾਂ ਅਨੁਸਾਰ ਹੱਲ ਕਰਨ ਅਤੇ ਦੇਸ਼ ਅੰਦਰ ਪਾਣੀ ਦੇ ਸਰੋਤ ਕੰਪਨੀਆਂ ਦੇ ਹਵਾਲੇ ਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਸਾਰੀਆਂ ਫ਼ਸਲਾਂ ’ਤੇ ਡਾ. ਸਵਾਮੀਨਾਥਨ ਕਮਿਸ਼ਨ ਦੇ ਸੀ2 50 ਫ਼ੀਸਦੀ ਫਾਰਮੂਲੇ ਅਨੁਸਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਰਵਵਿਆਪਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਧਰਨੇ ਨੂੰ ਬਲੌਰ ਸਿੰਘ ਘੱਲ ਕਲਾਂ, ਜਗੀਰ ਸਿੰਘ ਹਿੰਮਤਪੁਰਾ, ਬੂਟਾ ਸਿੰਘ ਭਾਗੀ ਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਜਗਮੋਹਨ ਸਿੰਘ ਸੈਦੋਕੇ, ਜਗਜੀਤ ਸਿੰਘ ਕੋਕਰੀ, ਇਕਬਾਲ ਸਿੰਘਾ ਵਾਲਾ, ਗੁਰਚਰਨ ਸਿੰਘ ਰਾਮਾ, ਜਸਵਿੰਦਰ ਸਿੰਘ ਘੱਲ ਕਲਾਂ ਅਤੇ ਲਖਬੀਰ ਸਿੰਘ ਲੰਡੇਕੇ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਰਾਮ ਸਿੰਘ ਅਠੂਰ, ਬਲਵੀਰ ਸਿੰਘ ਸਮਾਲਸਰ, ਹਰਮੇਲ ਸਿੰਘ ਘਾਲੀ ਅਤੇ ਪ੍ਰੀਤ ਸਿੰਘ ਸਮਾਲਸਰ ਵੱਲੋਂ ਇਨਕਲਾਬੀ ਗੀਤ ਪੇਸ਼ ਕਰਕੇ ਸੰਘਰਸ਼ਸ਼ੀਲ ਕਿਸਾਨਾਂ ਵਿਚ ਜੋਸ਼ ਭਰਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।