ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ ਦੇਸ਼ ਬਚਾਓ ਮੋਰਚੇ ਦੇ ਸੱਦੇ 'ਤੇ
Publish Date: Wed, 15 Jul 2026 05:13 PM (IST)
Updated Date: Wed, 15 Jul 2026 05:15 PM (IST)
ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ ਜਨਤਕ ਜਥੇਬੰਦੀਆਂ ਨੇ ਕੱਢਿਆ ਮੋਟਰਸਾਈਕਲ ਮਾਰਚ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਦੇਸ਼ ਬਚਾਓ ਮੋਰਚੇ ਦੇ ਸੱਦੇ ਤੇ ਮੋਗਾ ਜ਼ਿਲ੍ਹੇ ਵਿਚ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਨੌਜਵਾਨਾਂ ਨੇ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫ੍ਰੀ ਟ੍ਰੇਡ ਸਮਝੌਤੇ (ਐੱਫਟੀਏ) ਦੇ ਵਿਰੋਧ ਵਿਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢ ਕੇ ਆਪਣਾ ਤਿੱਖਾ ਰੋਸ ਪ੍ਰਗਟਾਇਆ। ਸੈਂਕੜਿਆਂ ਦੀ ਗਿਣਤੀ ਵਿਚ ਸ਼ਾਮਲ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਤੋਂ ਇਹ ਸਮਝੌਤਾ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਨਾ ਲਿਆ ਗਿਆ ਤਾਂ ਦੇਸ਼ ਭਰ ਵਿਚ ਵੱਡਾ ਅਤੇ ਲੰਬਾ ਸੰਘਰਸ਼ ਛੇੜਿਆ ਜਾਵੇਗਾ। ਕਿਸਾਨ ਮਜ਼ਦੂਰ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਹੋਰ ਸਾਥੀ ਜਥੇਬੰਦੀਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਮੋਟਰਸਾਈਕਲ ਮਾਰਚ ਪਿੰਡ ਦੁਸਾਂਝ ਤੋਂ ਸ਼ੁਰੂ ਹੋਇਆ। ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚੋਂ ਹੁੰਦਾ ਹੋਇਆ ਇਹ ਮਾਰਚ ਡੀਸੀ ਕੰਪਲੈਕਸ ਮੋਗਾ ਵਿਖੇ ਪਹੁੰਚਿਆ, ਜਿੱਥੇ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ। ਮਾਰਚ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਬੀਕੇਯੂ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਬੀਕੇਯੂ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਆਗੂ ਜਗਮੋਹਨ ਸਿੰਘ ਕੰਗ ਅਤੇ ਬੀਕੇਯੂ ਤੋਤੇਵਾਲਾ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਨੇ ਕਿਹਾ ਕਿ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਰਾਹੀਂ ਬਹੁਰਾਸ਼ਟਰੀ ਕੰਪਨੀਆਂ ਨੂੰ ਭਾਰਤ ਦੀ ਖੇਤੀਬਾੜੀ, ਡੇਅਰੀ, ਬੀਜ, ਖੁਰਾਕ ਅਤੇ ਹੋਰ ਅਹਿਮ ਖੇਤਰਾਂ ਵਿਚ ਖੁੱਲ੍ਹਾ ਦਾਖ਼ਲਾ ਮਿਲ ਜਾਵੇਗਾ, ਜਿਸ ਨਾਲ ਦੇਸ਼ ਦੀ ਖੇਤੀ ਪ੍ਰਣਾਲੀ ਅਤੇ ਪੇਂਡੂ ਆਰਥਿਕਤਾ ਨੂੰ ਗੰਭੀਰ ਨੁਕਸਾਨ ਝੱਲਣਾ ਪਵੇਗਾ। ਆਗੂਆਂ ਨੇ ਕਿਹਾ ਕਿ ਵਿਦੇਸ਼ੀ ਖੇਤੀ ਉਤਪਾਦਾਂ ਦੀ ਆਮਦ ਵਧਣ ਕਾਰਨ ਭਾਰਤੀ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੇ ਲਾਹੇਵੰਦ ਭਾਅ ਨਹੀਂ ਮਿਲਣਗੇ ਅਤੇ ਪਹਿਲਾਂ ਹੀ ਸੰਕਟ ਵਿਚ ਘਿਰੀ ਖੇਤੀ ਹੋਰ ਵੱਡੇ ਆਰਥਿਕ ਦਬਾਅ ਹੇਠ ਆ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਬਚਾਓ ਮੋਰਚੇ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨੂੰ ਇਸ ਸਮਝੌਤੇ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕਰਦਿਆਂ ਇਹ ਸਮਝੌਤਾ ਲਾਗੂ ਕੀਤਾ ਤਾਂ ਦੇਸ਼ ਪੱਧਰ ’ਤੇ ਤਿੱਖਾ, ਵਿਸ਼ਾਲ ਅਤੇ ਲੰਬੇ ਸਮੇਂ ਤੱਕ ਚੱਲਣ ਵਾਲਾ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਆਗੂਆਂ ਨੇ ਪੰਜਾਬ ਅਤੇ ਦੇਸ਼ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ, ਖੇਤੀਬਾੜੀ, ਰੁਜ਼ਗਾਰ, ਖੁਰਾਕ ਸੁਰੱਖਿਆ ਅਤੇ ਦੇਸ਼ ਦੀ ਆਰਥਿਕ ਪ੍ਰਭੂਸੱਤਾ ਦੀ ਰੱਖਿਆ ਲਈ ਦੇਸ਼ ਬਚਾਓ ਮੋਰਚੇ ਦੇ ਸੱਦੇ ਤੇ ਇੱਕਜੁੱਟ ਹੋਣ ਅਤੇ ਆਉਣ ਵਾਲੇ ਸੰਘਰਸ਼ਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਅਵਤਾਰ ਸਿੰਘ ਧਰਮ ਸਿੰਘ ਵਾਲਾ, ਹਰਨੇਕ ਸਿੰਘ ਡੇਮਰੂ, ਸੋਹਣ ਸਿੰਘ ਰਾਮੂਵਾਲਾ, ਗੁਰਮੇਲ ਸਿੰਘ ਲੋਹਗੜ੍ਹ, ਗੁਰਮੇਲ ਸਿੰਘ (ਬੀਕੇਯੂ ਬਹਿਰਾਮ ਕੇ), ਜਗਰਾਜ ਸਿੰਘ ਦੱਦਾਹੂਰ, ਬਲਵਿੰਦਰ ਸਿੰਘ (ਬੀਕੇਯੂ ਏਕਤਾ ਆਜ਼ਾਦ), ਗੁਰਦੀਪ ਸਿੰਘ ਵੈਰੋਕੇ (ਬੀਕੇਯੂ ਕ੍ਰਾਂਤੀਕਾਰੀ), ਪਿੱਪਲ ਸਿੰਘ ਕੋਟ ਸਦਰ ਖਾਂ, ਰਣਜੀਤ ਸਿੰਘ ਚੱਕ ਤਾਰੇਵਾਲਾ, ਇੰਦਰਮੋਹਨ ਸਿੰਘ ਪੱਤੋ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸੈਂਕੜਿਆਂ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਅਹਿਦ ਕੀਤਾ।