ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ’ਚ ਰੋਸ ਭਾਰਤੀ ਕਿਸਾਨ ਯੂਨੀਅਨ ਏਕਤਾ
Publish Date: Sun, 30 Aug 2026 05:11 PM (IST)
Updated Date: Sun, 30 Aug 2026 05:13 PM (IST)
ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਵਿਸ਼ਾਲ ਧਰਨਾ ਲਗਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਧਰਨੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਅਤੇ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਸਰਕਾਰ ਨਾਲ ਕੀਤੇ ਜਾਣ ਵਾਲੇ ਮੁਕਤ ਵਪਾਰ ਸਮਝੌਤੇ ਨੂੰ ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਲਈ ਗੰਭੀਰ ਖ਼ਤਰਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਹੋਵੇਗਾ ਅਤੇ ਇਸ ਦਾ ਸਿੱਧਾ ਪ੍ਰਭਾਵ ਦੇਸ਼ ਦੀ ਖੇਤੀਬਾੜੀ, ਉਦਯੋਗ, ਰੁਜ਼ਗਾਰ ਅਤੇ ਛੋਟੇ ਕਾਰੋਬਾਰਾਂ ’ਤੇ ਪੈ ਸਕਦਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਮੁਕਤ ਵਪਾਰ ਸਮਝੌਤੇ ਕਾਰਨ ਦੇਸ਼ ਦੀਆਂ ਫ਼ਸਲਾਂ ਦੀ ਕੀਮਤ ਅਤੇ ਮੰਡੀ ਪ੍ਰਣਾਲੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਯੋਗ ਮੁੱਲ ਮਿਲਣਾ ਮੁਸ਼ਕਲ ਹੋ ਸਕਦਾ ਹੈ, ਜਦਕਿ ਬੇਰੁਜ਼ਗਾਰੀ ਵਿਚ ਵਾਧਾ ਅਤੇ ਛੋਟੇ ਉਦਯੋਗਾਂ ’ਤੇ ਮਾੜਾ ਪ੍ਰਭਾਵ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਡੇਅਰੀ ਫਾਰਮਿੰਗ ਅਤੇ ਮੱਛੀ ਪਾਲਣ ਵਰਗੇ ਸਹਾਇਕ ਧੰਦਿਆਂ ਨੂੰ ਵੀ ਖ਼ਤਰਾ ਦੱਸਦਿਆਂ ਕਿਹਾ ਕਿ ਇਸ ਸਮਝੌਤੇ ਦਾ ਅਸਰ ਦੇਸ਼ ਦੀ ਵੱਡੀ ਆਬਾਦੀ ’ਤੇ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਇਹ ਸਮਝੌਤਾ ਪਹਿਲਾਂ ਰੱਦ ਕਰਵਾਏ ਗਏ ਤਿੰਨ ਖੇਤੀ ਕਾਨੂੰਨਾਂ ਦੀ ਤਰ੍ਹਾਂ ਹੀ ਕਾਰਪੋਰੇਟ ਪੱਖੀ ਨੀਤੀਆਂ ਨੂੰ ਅੱਗੇ ਵਧਾਉਣ ਵਾਲਾ ਕਦਮ ਹੈ। ਉਨ੍ਹਾਂ ਪੈਪਸੀ ਅਤੇ ਕਾਰਗਿਲ ਵਰਗੀਆਂ ਬਹੁਕੌਮੀ ਕੰਪਨੀਆਂ ਦਾ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਵੱਡੀਆਂ ਕੰਪਨੀਆਂ ਦੇਸ਼ ਦੇ ਸਰੋਤਾਂ ਅਤੇ ਰੁਜ਼ਗਾਰ ’ਤੇ ਆਪਣਾ ਪ੍ਰਭਾਵ ਵਧਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਕਤ ਵਪਾਰ ਸਮਝੌਤਾ ਹੋਣ ਨਾਲ ਅਜਿਹੀਆਂ ਕੰਪਨੀਆਂ ਨੂੰ ਹੋਰ ਵੱਡੀਆਂ ਸਹੂਲਤਾਂ ਮਿਲਣ ਦਾ ਖ਼ਦਸ਼ਾ ਹੈ। ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਮੁਕਤ ਵਪਾਰ ਸਮਝੌਤੇ ਸਬੰਧੀ ਵਾਰਤਾ ਰੱਦ ਕੀਤੀ ਜਾਵੇ ਅਤੇ ਸਾਮਰਾਜੀ ਮੁਲਕਾਂ ਨਾਲ ਕੀਤੇ ਗਏ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ। ਉਨ੍ਹਾਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਬਾਦਕਾਰਾਂ, ਸਾਬਕਾ ਮੁਜ਼ਾਰਿਆਂ ਅਤੇ ਦਹਾਕਿਆਂ ਤੋਂ ਜ਼ਮੀਨਾਂ ’ਤੇ ਖੇਤੀ ਕਰਦੇ ਆ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ। ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰ ਦਿਹਾੜੀਦਾਰ ਕਿਰਤੀਆਂ ਸਿਰ ਚੜ੍ਹੇ ਕਰਜ਼ੇ ਖ਼ਤਮ ਕੀਤੇ ਜਾਣ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਖੇਤੀ ਨੀਤੀ ਬਣਾਉਣ ਅਤੇ ਲਾਗੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਿਸਾਨ ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਅਤੇ ਵਰਕਰਾਂ ’ਤੇ ਦਰਜ ਕੀਤੇ ਗਏ ਕੇਸ ਰੱਦ ਕਰਨ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਦਰਜ ਕੇਸ ਵੀ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸੰਘਰਸ਼ ਕਰ ਰਹੇ ਲੋਕਾਂ ’ਤੇ ਜਬਰ ਬੰਦ ਕੀਤਾ ਜਾਵੇ ਅਤੇ ਲੋਕ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਪਿਛਲੇ ਸਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਪੂਰਾ ਮੁਆਵਜ਼ਾ ਦੇਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਇਸੇ ਤਰ੍ਹਾਂ ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਅਤੇ ਜੀ.ਐੱਸ.ਟੀ. ਵਰਗੀਆਂ ਨਵੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਨੂੰਨਾਂ ਨੂੰ ਰੱਦ ਕਰਨ, ਤੇਲ, ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਸਾਰੀਆਂ ਫ਼ਸਲਾਂ ’ਤੇ ਡਾ. ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੇ ਸੀ2 50 ਫ਼ੀਸਦੀ ਫਾਰਮੂਲੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਸਰਬਵਿਆਪਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਦਰਿਆਈ ਪਾਣੀਆਂ ਦੀ ਵੰਡ ਦਾ ਮਸਲਾ ਕੌਮਾਂਤਰੀ ਅਸੂਲਾਂ ਅਤੇ ਲੋਕਾਂ ਦੀ ਆਪਸੀ ਸਦਭਾਵਨਾ ਨੂੰ ਕਾਇਮ ਰੱਖਦਿਆਂ ਹੱਲ ਕਰਨ, ਦੇਸ਼ ਭਰ ਦੇ ਪਾਣੀ ਦੇ ਸਰੋਤਾਂ ਨੂੰ ਕੰਪਨੀਆਂ ਦੇ ਹਵਾਲੇ ਕਰਨ ਦੀ ਨੀਤੀ ਰੱਦ ਕਰਨ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਲੋੜੀਂਦਾ ਬਜਟ ਰੱਖਣ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਬਹੁਕੌਮੀ ਸਾਮਰਾਜੀ ਕੰਪਨੀਆਂ, ਵੱਡੇ ਸਰਮਾਏਦਾਰਾਂ ਅਤੇ ਜਗੀਰਦਾਰਾਂ ’ਤੇ ਭਾਰੀ ਟੈਕਸ ਲਗਾਉਣ, ਆਮ ਲੋਕਾਂ ’ਤੇ ਟੈਕਸਾਂ ਦਾ ਬੋਝ ਘਟਾਉਣ ਅਤੇ ਸਰਕਾਰੀ ਜਾਇਦਾਦਾਂ ਦੀ ਵਿਕਰੀ ਬੰਦ ਕਰਨ ਦੀ ਮੰਗ ਕੀਤੀ ਗਈ। 30 ਅਗਸਤ ਤੋਂ ਅਣਮਿੱਥੇ ਸਮੇਂ ਲਈ ਧਰਨੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਢੁੱਕਵਾਂ ਧਿਆਨ ਨਾ ਦਿੱਤਾ ਗਿਆ ਤਾਂ 30 ਅਗਸਤ ਤੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨੇ ਸ਼ੁਰੂ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀ ਆਪਣੇ ਹੱਕਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।