ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ, ਫਿਰ ਵੀ ਰੇਲਵੇ ਸਟੇਸ਼ਨਾਂ ‘ਤੇ ਪੁਲਿਸ ਦੀ ਕੜੀ ਤਾਇਨਾਤੀ
ਭਾਵੇਂ ਅੰਦੋਲਨ ਮੁਲਤਵੀ ਹੋ ਗਿਆ, ਫਿਰ ਵੀ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਰੇਲਵੇ ਸਟੇਸ਼ਨਾਂ ‘ਤੇ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ। ਸੁਰੱਖਿਆ ਦੇ ਪੱਖੋਂ ਕੋਈ ਵੀ ਕਮੀ ਨਹੀਂ ਛੱਡੀ ਗਈ ਅਤੇ ਹਾਲਾਤਾਂ ‘ਤੇ ਪੂਰੀ ਨਿਗਰਾਨੀ ਰੱਖੀ ਗਈ।
Publish Date: Fri, 17 Apr 2026 12:38 PM (IST)
Updated Date: Fri, 17 Apr 2026 12:42 PM (IST)
ਵਕੀਲ ਮਹਿਰੋਂ, ਮੋਗਾ: ਪੰਜਾਬ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਠੱਪ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਅਤੇ ਨਾਰਾਜ਼ਗੀ ਦੇ ਮਾਹੌਲ ਵਿਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਭਰ ਵਿੱਚ ਵੱਡੇ ਪੱਧਰ ‘ਤੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਇਹ ਅੰਦੋਲਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚਲਾਇਆ ਜਾਣਾ ਸੀ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵੀ ਚੌਕਸ ਸੀ।
ਇਸ ਅੰਦੋਲਨ ਦਾ ਸੱਦਾ ਕਿਸਾਨ ਮਜ਼ਦੂਰ ਮੋਰਚਾ, ਅਜ਼ਾਦ ਕਿਸਾਨ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਪੰਜ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ। ਪਰ ਆਖਰੀ ਸਮੇਂ ਕਿਸਾਨ ਜਥੇਬੰਦੀਆਂ ਨੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਕਰ ਲਿਆ।
ਭਾਵੇਂ ਅੰਦੋਲਨ ਮੁਲਤਵੀ ਹੋ ਗਿਆ, ਫਿਰ ਵੀ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਰੇਲਵੇ ਸਟੇਸ਼ਨਾਂ ‘ਤੇ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ। ਸੁਰੱਖਿਆ ਦੇ ਪੱਖੋਂ ਕੋਈ ਵੀ ਕਮੀ ਨਹੀਂ ਛੱਡੀ ਗਈ ਅਤੇ ਹਾਲਾਤਾਂ ‘ਤੇ ਪੂਰੀ ਨਿਗਰਾਨੀ ਰੱਖੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਸਿਟੀ ਦੋ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ,ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਉਹਨਾਂ ਵੱਲੋਂ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪਹਿਲਾਂ ਹੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਅਸੀਂ ਯਕੀਨੀ ਬਣਾਇਆ ਹੈ ਕਿ ਕਿਸੇ ਵੀ ਯਾਤਰੀ ਨੂੰ ਕੋਈ ਪਰੇਸ਼ਾਨੀ ਨਾ ਆਵੇ। ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ ਅਤੇ ਆਮ ਜਨਤਾ ਲਈ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਅਸੀਂ ਵਚਨਬੱਧ ਹਾਂ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ।