- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਦੇ ਖੇਤੀਬਾੜੀ ਖੇਤਰਾਂ ਵਿੱਚ ਬਿਜਲੀ ਸਪਲਾਈ ਦੀ ਘਾਟ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕਣਕ ਦੀ ਫ਼ਸਲ ਦੇ ਵਧੀਆ ਵਿਕਾਸ ਅਤੇ ਸਮੇਂ ਸਿਰ ਸਿੰਚਾਈ ਲਈ ਲੋੜੀਂਦੀ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਦੌਲਤਪੁਰਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਬੀਜੀ ਗਈ ਅਗੇਤੀ ਕਣਕ ਦੀ ਫ਼ਸਲ ਨੂੰ ਇਸ ਸਮੇਂ ਪਾਣੀ ਦੀ ਵਿਸ਼ੇਸ਼ ਲੋੜ ਹੈ। ਫ਼ਸਲ ਨੂੰ ਸਹੀ ਸਮੇਂ ’ਤੇ ਪਾਣੀ ਨਾ ਮਿਲਣ ਕਾਰਨ ਇਸ ਦੇ ਵਾਧੇ ਅਤੇ ਪੈਦਾਵਾਰ ’ਤੇ ਮਾੜਾ ਅਸਰ ਪੈ ਸਕਦਾ ਹੈ। ਇਸ ਤੋਂ ਇਲਾਵਾ ਫ਼ਸਲ ਨੂੰ ਸੁੰਡੀ ਸਮੇਤ ਹੋਰ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਅਜਿਹੇ ਹਾਲਾਤਾਂ ਵਿਚ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਮਿਲਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਇਸ ਸਮੇਂ ਖੇਤੀਬਾੜੀ ਮੋਟਰਾਂ ਲਈ ਸਿਰਫ਼ ਛੇ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜੋ ਕਿ ਮੌਜੂਦਾ ਖੇਤੀਬਾੜੀ ਲੋੜਾਂ ਨੂੰ ਪੂਰਾ ਕਰਨ ਲਈ ਕਾਫ਼ੀ ਨਹੀਂ ਹੈ। ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਸਮੇਂ ਸਿਰ ਬਿਜਲੀ ਸਪਲਾਈ ਨਾ ਮਿਲੀ ਤਾਂ ਕਣਕ ਦੀ ਫ਼ਸਲ ਦਾ ਵਿਕਾਸ ਪ੍ਰਭਾਵਿਤ ਹੋ ਸਕਦਾ ਹੈ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਣਕ ਦੀ ਫ਼ਸਲ ਦੀ ਸੁਚੱਜੀ ਅਤੇ ਸਮੇਂ ਸਿਰ ਸਿੰਚਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਮੋਟਰਾਂ ਵਾਸਤੇ ਘੱਟੋ-ਘੱਟ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਣੀ ਚਾਹੀਦੀ ਹੈ। ਭੁਪਿੰਦਰ ਸਿੰਘ ਦੌਲਤਪੁਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਇਸ ਗੰਭੀਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਖੇਤੀਬਾੜੀ ਮੋਟਰਾਂ ਲਈ ਘੱਟੋ-ਘੱਟ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਦੀ ਸਮੇਂ ਸਿਰ ਸਿੰਚਾਈ ਕਰ ਸਕਣ ਅਤੇ ਸੰਭਾਵਿਤ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ, ਜ਼ਿਲ੍ਹਾ ਆਗੂ ਡਾ. ਕੁਲਵੰਤ ਸਿੰਘ ਲੋਹਾਰਾ ਅਤੇ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਮਨਾਵਾਂ ਹਾਜ਼ਰ ਸਨ।