ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ : ਡੀਸੀ
ਮਾਨਯੋਗ ਸੁਪਰੀਮ ਕੋਰਟ ਅਤੇ ਸੈਂਟਰਲ
Publish Date: Mon, 09 Mar 2026 04:15 PM (IST)
Updated Date: Tue, 10 Mar 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਮਾਨਯੋਗ ਸੁਪਰੀਮ ਕੋਰਟ ਅਤੇ ਸੈਂਟਰਲ ਏਅਰ ਕੁਆਲਟੀ ਮੈਨੇਜਮੈਂਟ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਆਪਣੇ ਖੇਤਾਂ ਹੀ ਵਾਹਿਆ ਜਾਵੇ ਤਾਂ ਜੋ ਜ਼ਮੀਨ ਦੀ ਸਿਹਤ ਨੂੰ ਉਪਜਾਊ ਕੀਤਾ ਜਾ ਸਕੇ ਅਤੇ ਆਉਣ ਵਾਲੀ ਨਵੀਂ ਫ਼ਸਲ ’ਤੇ ਬੇਲੋੜੀਆਂ ਖਾਦਾਂ ਦੇ ਖਰਚੇ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਅਤੇ ਵਾਤਾਵਰਣ ਵਿਚ ਤਪਸ਼ ਜ਼ਿਆਦਾ ਹੋਣ ਕਾਰਨ ਤਕਰੀਬਨ ਸਾਰੇ ਹੀ ਮਿੱਤਰ ਕੀੜੇ ਮਰ ਜਾਂਦੇ ਹਨ। ਇਸ ਦੌਰਾਨ ਹਵਾ ਖੁਸ਼ਕ ਹੋਣ ਕਰਕੇ ਦਰੱਖ਼ਤ ਅਤੇ ਹੋਰ ਬਨਸਪਤੀ ਵੀ ਸੜ੍ ਜਾਂਦੇ ਹਨ। ਕਣਕ ਦੇ ਨਾੜ ਨੂੰ ਲੱਗੀ ਅੱਗ ਕਈ-ਕਈ ਕਿਲੋਮੀਟਰ ਦੀ ਦੂਰੀ ਤੱਕ ਫ਼ੈਲ ਜਾਂਦੀ ਹੈ, ਪਿਛਲੇ ਸਾਲਾਂ ਵਿਚ ਇਹੋ ਜਿਹੀਆਂ ਬਹੁਤ ਘਟਨਾਵਾਂ ਹੋਈਆਂ ਹਨ ਜਿਨ੍ਹਾਂ ਵਿਚ ਨਾੜ ਦੇ ਨਾਲ ਨਾਲ ਕਣਕ ਦੀ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਇਆ ਹੈ। ਇਸ ਨਾਲ ਵਾਤਾਵਰਣ ਤਾਂ ਪ੍ਰਦੂਸ਼ਤ ਹੁੰਦਾ ਹੀ ਹੈ ਅਤੇ ਕਈ ਵਾਰ ਚਾਰੇ, ਮੱਕੀ ਅਤੇ ਮੂੰਗੀ ਆਦਿ ਬੀਜੀਆਂ ਫ਼ਸਲਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ। ਖੇਤਾਂ ਵਿਚ ਪਏ ਤੂੜੀ ਦੇ ਕੁੱਪਾਂ ਨੂੰ ਵੀ ਅੱਗ ਲੱਗ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹੇ ਵਿਚ ਪ੍ਰਚਾਰ ਵੈਨਾਂ ਦੁਆਰਾ ਵੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਲਿਟਰੇਚਰ ਵੀ ਵੰਡਿਆ ਜਾਵੇਗਾ।