ਐੱਸਐੱਸਪੀ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਕੀਤਾ ਘਿਰਾਓ, ਆਵਾਜਾਈ ਰੋਕੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
Publish Date: Sat, 05 Sep 2026 04:52 PM (IST)
Updated Date: Sat, 05 Sep 2026 04:55 PM (IST)
ਪੁਲਿਸ ਨੇ ਗੇਟ ਨੂੰ ਲਾਏ ਜਿੰਦਰੇ, ਮੋਰਚਾ ਸੱਤਵੇਂ ਦਿਨ ਵੀ ਰਿਹਾ ਜਾਰੀ ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਧਰਨੇ ਦੇ ਸੱਤਵੇਂ ਦਿਨ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਅਗਵਾਈ ਹੇਠ ਮੋਗਾ ਦੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਘਿਰਾਓ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਐੱਸਐੱਸਪੀ ਦਫ਼ਤਰ ਦੇ ਮੁੱਖ ਗੇਟ ਨੂੰ ਜਿੰਦਰੇ ਲਗਾ ਦਿੱਤੇ ਗਏ, ਜਿਸ ਤੋਂ ਬਾਅਦ ਕਿਸਾਨਾਂ ਨੇ ਸੜਕ ਦੇ ਵਿਚਕਾਰ ਬੈਠ ਕੇ ਰਸਤਾ ਬੰਦ ਕਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਅਤੇ ਵਰਕਰਾਂ ’ਤੇ ਦਰਜ ਕੀਤੇ ਗਏ ਸਾਰੇ ਝੂਠੇ ਪੁਲਿਸ ਕੇਸ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਣਿਆਂ ਵੱਲੋਂ ਜਿਨ੍ਹਾਂ ਕਿਸਾਨ ਆਗੂਆਂ ਅਤੇ ਵਰਕਰਾਂ ਦੀਆਂ ਗ੍ਰਿਫ਼ਤਾਰੀਆਂ ਲਈ ਵਰੰਟ ਕੱਢੇ ਗਏ ਹਨ, ਉਹ ਵੀ ਤੁਰੰਤ ਰੱਦ ਕੀਤੇ ਜਾਣ। ਆਗੂਆਂ ਨੇ ਪਿਛਲੇ ਸਾਲ ਹੜ੍ਹਾਂ ਅਤੇ ਤੂਫ਼ਾਨ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ ਦੇਣ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਬਿਜਲੀ ਸਪਲਾਈ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ’ਤੇ ਆ ਚੁੱਕੀ ਹੈ ਅਤੇ ਇਸ ਸਮੇਂ ਫ਼ਸਲ ਨੂੰ ਪਾਣੀ ਦੀ ਬਹੁਤ ਲੋੜ ਹੈ, ਪਰ ਸਰਕਾਰ ਦੀ ਕਥਿਤ ਨਾਕਾਮੀ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਲਈ ਸਿਰਫ਼ ਚਾਰ-ਪੰਜ ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨ ਬਿਜਲੀ ਦਫ਼ਤਰਾਂ ਅਤੇ ਗਰਿੱਡਾਂ ’ਤੇ ਧਰਨੇ ਲਾਉਣ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਕੌਰ ਕੁੱਸਾ, ਕਰਮਜੀਤ ਕੌਰ ਹਿੰਮਤਪੁਰਾ, ਬਲੌਰ ਸਿੰਘ ਘੱਲ ਕਲਾਂ, ਰਸਪਾਲ ਸਿੰਘ ਡੇਮਰੂ, ਹਰਮੇਲ ਸਿੰਘ ਘਾਲੀ ਸਮਾਲਸਰ, ਬੂਟਾ ਸਿੰਘ ਭਾਗੀ ਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘ ਵਾਲਾ, ਜਸਵਿੰਦਰ ਸਿੰਘ ਘੱਲ ਕਲਾਂ, ਬਲਜੀਤ ਸਿੰਘ ਸੁਖਾਨੰਦ ਅਤੇ ਗੁਰਚਰਨ ਸਿੰਘ ਰਾਮਾ ਸਮੇਤ ਹੋਰ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।