ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਿਸਾਨ
ਕਿਸਾਨ ਆਗੂਆਂ ਦੀਆਂ ਗੈਰਸੰਵਿਧਾਨਿਕ ਗ੍ਰਿਫ਼ਤਾਰੀਆਂ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਿਸਾਨ
Publish Date: Tue, 20 Jan 2026 06:39 PM (IST)
Updated Date: Wed, 21 Jan 2026 04:13 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਿਸਾਨ ਆਗੂਆਂ ਦੀਆਂ ਗੈਰ-ਸੰਵਿਧਾਨਿਕ ਗ੍ਰਿਫ਼ਤਾਰੀਆਂ ਅਤੇ ਨਜ਼ਰਬੰਦੀ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਵੱਲੋਂ ਸਕੱਤਰ ਗੁਰਮੇਲ ਸਿੰਘ ਗਿੱਲ, ਬਾਜ ਸਿੰਘ ਸੰਘਲਾ, ਜੰਗੀਰ ਸਿੰਘ ਫੌਜੀ, ਤੋਤਾ ਸਿੰਘ ਬਹਿਰਾਮਕੇ ਅਤੇ ਜਗਰੂਪ ਸਿੰਘ ਰੰਡਿਆਲਾ ਦੀ ਅਗਵਾਈ ਹੇਠ ਧਰਮਕੋਟ ਕਚਹਿਰੀ ਚੌਕ ਵਿਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕੀਤਾ। ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਬਹਿਰਾਮਕੇ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਜਾਇਜ਼ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਡਰ ਅਤੇ ਦਬਾਅ ਦੀ ਨੀਤੀ ਅਪਣਾ ਰਹੀ ਹੈ। ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਕਰਨਾ ਸਿੱਧੀ ਤਰ੍ਹਾਂ ਲੋਕਤੰਤਰਕ ਹੱਕਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਇਸ ਤਾਨਾਸ਼ਾਹੀ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਿਛਲੇ ਚਾਰ ਦਿਨਾਂ ਤੋਂ ਨਜ਼ਰਬੰਦ ਕਰ ਕੇ ਰੱਖਿਆ ਹੋਇਆ ਹੈ ਜੋ ਕਿ ਸਿੱਧੀ ਤਰ੍ਹਾਂ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਆਗੂਆਂ ਨੂੰ ਹਿਰਾਸਤ ਵਿਚ ਰੱਖਣਾ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਨਜ਼ਰਬੰਦੀ ਤੁਰੰਤ ਖ਼ਤਮ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਨੇ ਦੋਸ਼ ਲਗਾਇਆ ਕਿ ਮਾਨ ਸਰਕਾਰ ਦੇ ਕਹਿਣ ’ਤੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਸਮਾਨ ਪੁਲਿਸ ਪ੍ਰਸ਼ਾਸਨ ਵੱਲੋਂ ਖੁਰਦਬੁਰਦ ਕਰਵਾਇਆ ਗਿਆ। ਟੈਂਟ, ਟਰਾਲੀਆਂ, ਰਾਸ਼ਨ, ਮੰਚੀ ਸਾਜ਼ੋ-ਸਾਮਾਨ ਅਤੇ ਹੋਰ ਲੋੜੀਂਦਾ ਸਾਮਾਨ ਤਬਾਹ ਕਰ ਦਿੱਤਾ ਗਿਆ ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਪਹੁੰਚਿਆ। ਆਗੂਆਂ ਅਨੁਸਾਰ ਇਸ ਨੁਕਸਾਨ ਦੀ ਕੁੱਲ ਭਰਪਾਈ ਲਗਭਗ 3.77 ਕਰੋੜ ਰੁਪਏ ਬਣਦੀ ਹੈ ਜੋ ਸਰਕਾਰ ਵੱਲੋਂ ਤਰਜ਼ੀਹੀ ਅਧਾਰ ’ਤੇ ਤੁਰੰਤ ਦਿੱਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਬਿਜਲੀ ਸੋਧ ਐਕਟ, ਮਨਰੇਗਾ ਦਾ ਨਾਂ ਬਦਲ ਕੇ ਨਵਾਂ ਕਾਨੂੰਨ ਲਿਆਉਣਾ, ਸੀਡ ਐਕਟ ਵਿੱਚ ਤਬਦੀਲੀਆਂ ਕਰਨਾ ਅਤੇ ਭਾਰਤ–ਅਮਰੀਕਾ ਵਿਚਕਾਰ ਸਮਝੌਤਾ ਕਰਨਾ ਵਰਗੇ ਫੈਸਲੇ ਲੈ ਕੇ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਹਿੱਤਾਂ ’ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਕਾਨੂੰਨ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਸਾਜ਼ਿਸ਼ ਹਨ, ਜਿਸਨੂੰ ਕਿਸਾਨ ਕਦੇ ਕਬੂਲ ਨਹੀਂ ਕਰਨਗੇ। ਕਿਸਾਨ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਵਰਗ ਇਨ੍ਹਾਂ ਸਾਰੇ ਮਸਲਿਆਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਲਹਿਰ ਹੋਰ ਵੀ ਤੇਜ਼ ਹੋਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਅਤੇ ਦਬਾਅ ਦੀ ਨੀਤੀ ਜਾਰੀ ਰੱਖੀ ਤਾਂ ਸੰਘਰਸ਼ ਨੂੰ ਸੂਬਾ ਪੱਧਰ ’ਤੇ ਫ਼ੈਲਾਇਆ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਮਾਨ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਵੀਰ ਸਿੰਘ ਮਾਨ, ਗੁਰਪ੍ਰਤਾਪ ਸਿੰਘ, ਜੀਤ ਸਿੰਘ , ਬਲਦੇਵ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਉਧਮ ਸਿੰਘ, ਜਸ ਗੜਾ, ਬਲਵੀਰ ਸਿੰਘ ਨਿਹੰਗ, ਜਗਤਾਰ ਸਿੰਘ , ਰਾਜੂ ਕਲੇਰ, ਰਾਜਾ, ਰਾਜਿੰਦਰ ਸਿੰਘ, ਰਸਾਲ ਸਿੰਘ, ਬੂਟਾ ਸਿੰਘ, ਮਹਿੰਦਰ ਸਿੰਘ ਜਥੇਦਾਰ, ਪਿਰਥੀ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਇਕ ਸੁਰ ਵਿਚ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ।