ਭਾਰਤ–ਅਮਰੀਕਾ ਵਪਾਰ ਸਮਝੌਤਾ ਕਿਸੇ ਵੀ ਕੀਮਤ ਤੇ ਮਨਜ਼ੂਰ ਨਹੀਂ : ਐੱਸਕੇਐੱਮ ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਘੱਲ ਕਲਾਂ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਕੇ ਭਾਰਤ–ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਧਰਨੇ ਲਗਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟਾਇਆ। ਧਰਨੇ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਨਿਰਭੈ ਸਿੰਘ ਢੁੱਡੀਕੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਬੀਕੇਯੂ ਲੱਖੋਵਾਲ, ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਬੀਕੇਯੂ ਉਗਰਾਹਾਂ, ਪ੍ਰਗਟ ਸਿੰਘ ਸਾਫੂਵਾਲਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਜਸਵਿੰਦਰ ਸਿੰਘ ਕਾਲੇ ਕੇ ਬੀਕੇਯੂ ਡਕੌਂਦਾ, ਕਸ਼ਮੀਰ ਸਿੰਘ ਭੇਖਾ ਜਿਲ੍ਹਾ ਮੀਤ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਜਗਜੀਤ ਸਿੰਘ ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਜਨਰਲ ਸੈਕਟਰੀ, ਗੁਰਨੇਕ ਸਿੰਘ ਦੌਲਤਪੁਰਾ ਬਲਾਕ ਪ੍ਰਧਾਨ ਬੀਕੇਯੂ ਪੰਜਾਬ ’ਤੇ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ–ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਖੇਤੀਬਾੜੀ, ਡੇਅਰੀ ਸੈਕਟਰ, ਪਸ਼ੂ ਪਾਲਣ, ਛੋਟੇ ਉਦਯੋਗਾਂ, ਵਪਾਰ ਅਤੇ ਪੇਂਡੂ ਆਰਥਿਕਤਾ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਹੁ-ਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਇਹ ਵਪਾਰ ਸਮਝੌਤਾ ਲਾਗੂ ਕੀਤਾ ਗਿਆ ਤਾਂ ਇਸ ਨਾਲ ਦੁੱਧ ਉਤਪਾਦਕਾਂ, ਛੋਟੇ ਕਿਸਾਨਾਂ, ਪਸ਼ੂ ਪਾਲਕਾਂ, ਖੇਤੀ ਨਾਲ ਜੁੜੇ ਛੋਟੇ ਕਾਰੋਬਾਰਾਂ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਉੱਤੇ ਬੁਰਾ ਅਸਰ ਪਵੇਗਾ। ਇਸ ਲਈ ਕੇਂਦਰ ਸਰਕਾਰ ਤੁਰੰਤ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਸਮਝੌਤੇ ਨੂੰ ਰੱਦ ਕਰੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਭਾਰਤ–ਅਮਰੀਕਾ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ ਅਤੇ ਇਸ ਦੀਆਂ ਸਾਰੀਆਂ ਸ਼ਰਤਾਂ ਜਨਤਕ ਕੀਤੀਆਂ ਜਾਣ, ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲਈਆਂ ਜਾਣ ਅਤੇ ਇਨ੍ਹਾਂ ਤੇ ਲਗਾਏ ਭਾਰੀ ਟੈਕਸ ਖ਼ਤਮ ਕੀਤੇ ਜਾਣ, ਸਾਰੀਆਂ ਫ਼ਸਲਾਂ ਲਈ ਕਾਨੂੰਨੀ ਗਾਰੰਟੀ ਵਾਲੀ ਐੱਮਐੱਸਪੀ ਲਾਗੂ ਕਰਕੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਦੇਸ਼ ਭਰ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਅੱਜ ਦੇ ਧਰਨੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਆਗੂਆਂ ਨੇ ਜੋ ਜੰਤਰ ਮੰਤਰ ’ਤੇ ਨੌਜਵਾਨ ਮੁੰਡੇ ਕੁੜੀਆਂ ਦੇ ਉੱਤੇ ਲਾਠੀ ਚਾਰਜ ਕੀਤਾ ਹੈ, ਉਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਮੌਕੇ ਸੰਚਾਲਨ ਕਮੇਟੀ ਮੈਂਬਰ ਬਲੌਰ ਸਿੰਘ ਘੱਲ ਕਲਾਂ ਬੀਕੇਯੂ ਉਗਰਾਹਾਂ, ਜਸਮੇਲ ਸਿੰਘ ਰਾਜੇਆਣਾ ਕਿਰਤੀ ਕਿਸਾਨ ਯੂਨੀਅਨ, ਬਲਕਰਨ ਸਿੰਘ ਢਿੱਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਤੇ ਅਕਬਰ ਚੜਿੱਕ, ਤੀਰਥ ਸਿੰਘ ਘਲ ਕਲਾਂ, ਇਕਬਾਲ ਸਿੰਘ ਸਿੰਘਾਂਵਾਲਾ, ਕੁਲਦੀਪ ਕੌਰ ਕੁਸਾ ਜਿਲ੍ਹਾ ਮੀਤ ਪ੍ਰਧਾਨ , ਛਿੰਦਰਪਾਲ ਕੌਰ ਕਿਰਤੀ ਕਿਸਾਨ ਯੂਨੀਅਨ, ਰਵਿੰਦਰ ਸਿੰਘ ਭੋਲਾ ਮਾਣੂਕੇ, ਲਖਵਿੰਦਰ ਸਿੰਘ ਰੌਲੀ ਲੱਖੋਵਾਲ, ਹਰਜੀਤ ਸਿੰਘ ਮਨਾਵਾਂ ਲੱਖੋਵਾਲ, ਗੁਰਬੀਰ ਸਿੰਘ ਰਾਜੇਆਣਾ, ਸੁਖਜੀਤ ਸਿੰਘ, ਸੁਖਮੰਦਰ ਸਿੰਘ, ਮਲਕੀਤ ਸਿੰਘ, ਪਰਵਿੰਦਰ ਸਿੰਘ, ਮੰਦਰਜੀਤ ਸਿੰਘ ਮਨਾਵਾਂ, ਮੁਖਤਿਆਰ ਸਿੰਘ, ਹਰਬੰਸ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਮੇਜਰ ਸਿੰਘ, ਚਮਕੌਰ ਸਿੰਘ, ਜਗਮੋਣ ਸਿੰਘ, ਸੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਭੁਪਿੰਦਰ ਸਿੰਘ, ਅਜਮੇਰ ਸਿੰਘ, ਚਮਕੌਰ ਸਿੰਘ, ਬਲਤੇਜ ਸਿੰਘ, ਹਰਜਿੰਦਰ ਸਿੰਘ ਕੋਟਲਾ ਰਾਏ ਕਾ, ਗੁਰਮੀਤ ਸਿੰਘ, ਲਖਵੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ, ਬਲਜੀਤ ਸਿੰਘ, ਚਰਨਜੀਤ ਸਿੰਘ, ਨਛੱਤਰ ਸਿੰਘ, ਗੁਰਤੇਜ ਸਿੰਘ, ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।