23 ਦੇ ਡੀਸੀ ਦਫ਼ਤਰ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ ਕਿਸਾਨ ਤੇ ਨੌਜਵਾਨ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ
Publish Date: Tue, 20 Oct 2026 03:46 PM (IST)
Updated Date: Wed, 21 Oct 2026 04:00 AM (IST)
ਮੋਗਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ’ਚ ਬਲਾਕ ਕਮੇਟੀਆਂ ਦੀਆਂ ਚੋਣਾਂ ਦਾ ਐਲਾਨ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਹਿਲਾਂ ਜਥੇਬੰਦੀ ਦੀਆਂ ਬਲਾਕ ਕਮੇਟੀਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਤੇ ਇਸ ਤੋਂ ਬਾਅਦ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਬਲਾਕ ਨਿਹਾਲ ਸਿੰਘ ਵਾਲਾ ਦੀ ਚੋਣ 27 ਅਕਤੂਬਰ ਨੂੰ ਬਲਾਕ ਮੋਗਾ-1 ਦੀ ਚੋਣ 28 ਅਕਤੂਬਰ ਨੂੰ ਬਲਾਕ ਬਾਘਾ ਪੁਰਾਣਾ ਦੀ ਚੋਣ 29 ਅਕਤੂਬਰ ਨੂੰ ਬਲਾਕ ਮੋਗਾ-2 ਦੀ ਚੋਣ 30 ਅਕਤੂਬਰ ਨੂੰ ਅਤੇ ਬਲਾਕ ਧਰਮਕੋਟ ਦੀ ਚੋਣ 31 ਅਕਤੂਬਰ ਨੂੰ ਡੈਲੀਗੇਟ ਇਜਲਾਸ ਸੱਦ ਕੇ ਕਰਵਾਈ ਜਾਵੇਗੀ। ਇਨ੍ਹਾਂ ਚੋਣਾਂ ਤੋਂ ਤੁਰੰਤ ਬਾਅਦ ਨਵੰਬਰ ਦੇ ਪਹਿਲੇ ਪੰਦਰਵਾੜੇ ਦੌਰਾਨ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਸੱਦ ਕੇ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿਚ ਜਥੇਬੰਦੀ ਨਾਲ ਸਬੰਧਤ ਕਿਸਾਨ, ਨੌਜਵਾਨ ਅਤੇ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਲਈ ਕਾਹਲੀ ਕਰ ਰਹੀ ਹੈ। ਜੇਕਰ ਇਹ ਸਮਝੌਤਾ ਸਿਰੇ ਚੜ੍ਹਦਾ ਹੈ ਤਾਂ ਇਸ ਦਾ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਛੋਟੇ ਵਪਾਰੀਆਂ ਅਤੇ ਹੋਰ ਕਿਰਤੀ ਲੋਕਾਂ ’ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਮਹਿੰਗਾਈ ਵਿੱਚ ਹੋਰ ਵਾਧਾ ਹੋਣ ਦਾ ਖ਼ਦਸ਼ਾ ਹੈ। ਮੀਟਿੰਗ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਆਗੂਆਂ ਨੇ ਕਿਹਾ ਕਿ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਸੀ-2 ਲਾਗਤ ’ਤੇ 50 ਫ਼ੀਸਦੀ ਮੁਨਾਫ਼ਾ ਜੋੜ ਕੇ ਤੈਅ ਕੀਤੇ ਜਾਣ ਅਤੇ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਲਈ ਕਾਨੂੰਨ ਬਣਾਇਆ ਜਾਵੇ। ਮੀਟਿੰਗ ਵਿਚ ਜੰਗੀਰ ਸਿੰਘ ਹਿੰਮਤਪੁਰਾ, ਬਲੌਰ ਸਿੰਘ ਘੱਲਕਲਾਂ, ਬੂਟਾ ਸਿੰਘ ਭਾਗੀਕੇ, ਇਕਬਾਲ ਸਿੰਘ ਸਿੰਘਾਵਾਲਾ, ਕੁਲਦੀਪ ਕੌਰ ਕੁੱਸਾ, ਕਰਮਜੀਤ ਕੌਰ ਹਿੰਮਤਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਦੇਵ ਸਿੰਘ ਵਰੇ, ਜਗਦੇਵ ਸਿੰਘ ਸਿੰਘਾਵਾਲਾ, ਜਸਵੰਤ ਸਿੰਘ ਤਲਵੰਡੀ ਮੱਲੀਆਂ, ਨਛੱਤਰ ਸਿੰਘ ਝੰਡੇਵਾਲਾ, ਅਮਰੀਕ ਸਿੰਘ ਘੋਲੀਆ, ਬਲਜੀਤ ਸਿੰਘ ਸੁਖਾਨੰਦ, ਹਰਮੇਲ ਸਿੰਘ ਘਾਲੀ ਸਮਾਲਸਰ ਅਤੇ ਗੁਰਚਰਨ ਸਿੰਘ ਸੁਖਾਨੰਦ ਸਮੇਤ ਹੋਰ ਸਾਥੀ ਹਾਜ਼ਰ ਸਨ।