ਸਵਰਨ ਗੁਲਾਟੀ, ਮੋਗਾ : ਕਸਬਾ ਬਾਘਾਪੁਰਾਣਾ ਦੇ ਪਿੰਡ ਆਲਮਵਾਲਾ ਵਿਚ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਘੋੜੇ ਟਰਾਲੇ ਨੇ ਲਪੇਟ ਵਿਚ ਲੈ ਲਿਆ। ਇਸ ਦੌਰਾਨ ਬਾਈਕ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ ਤੇ ਪਿੱਛੇ ਬੈਠੇ ਉਸ ਦੇ ਪੁੱਤਰ ਦੀ ਫਰੀਦਕੋਟ ਦੇ ਗੁਰੂ ਗੋਬਿੰਦ ਮੈਡੀਕਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਟੱਕਰ ਮਾਰਨ ਵਾਲੇ ਘੋੜਾ-ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਬਾਘਾਪੁਰਾਣਾ ਦੇ ਐੱਸਆਈ ਜਗਸੀਰ ਸਿੰਘ ਨੇ ਦੱਸਿਆ ਕਿ ਅਜਮੇਰ ਸਿੰਘ ਵਾਸੀ ਪਿੰਡ ਜੈ ਸਿੰਘ ਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਉਸ ਦਾ ਗੁਆਂਢੀ ਜਸਵਿੰਦਰ ਸਿੰਘ ਮੋਟਰਸਾਈਕਲ 'ਤੇ ਆਪਣੇ ਪੁੱਤਰ ਮਨਪ੍ਰੀਤ ਸਿੰਘ ਨੂੰ ਨਾਲ ਲੈ ਕੇ ਬਾਘਾਪੁਰਾਣਾ ਨੂੰ ਜਾ ਰਹੇ ਸਨ। ਜਦੋਂ ਉਹ ਪਿੰਡ ਆਲਮਵਾਲਾ ਦੇ ਕੋਲ ਪੁੱਜੇ ਤਾਂ ਇਸ ਦੌਰਾਨ ਘੋੜੇ ਟਰਾਲੇ ਦੇ ਚਾਲਕ ਨੇ ਟਰਾਲੇ ਨੂੰ ਲਾਪਰਵਾਹੀ ਨਾਲ ਚਲਾਉਂਦਿਆਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਲਪੇਟ ਵਿਚ ਲੈ ਲਿਆ।

ਇਸ ਘਟਨਾ ਵਿਚ ਜਸਵਿੰਦਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਮੋਟਰਸਾਈਕਲ ਦੇ ਪਿੱਛੇ ਬੈਠਾ ਪੁੱਤਰ ਮਨਪ੍ਰੀਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਘੋੜੇ-ਟਰਾਲੇ ਦੇ ਚਾਲਕ ਅਮਰਜੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬਾਘਾਪੁਰਾਣਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।