ਪਿੰਡਾਂ ’ਚ ਗੁਰਪੁਰਬ ’ਤੇ ਲੱਗੀਆਂ ਰੌਣਕਾਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ
Publish Date: Tue, 24 Nov 2026 05:38 PM (IST)
Updated Date: Tue, 24 Nov 2026 05:40 PM (IST)
ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਘੱਲ ਕਲਾਂ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡਾਂ ਵਿਚ ਵੀ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਗੁਰਪੁਰਬ ਦੀ ਖੁਸ਼ੀ ਵਿਚ ਪਿੰਡਾਂ ਦੇ ਬਾਜ਼ਾਰਾਂ ਅਤੇ ਮੁੱਖ ਸੜਕਾਂ ਉੱਤੇ ਥਾਂ-ਥਾਂ ਮਠਿਆਈਆਂ ਦੀਆਂ ਦੁਕਾਨਾਂ ਸਜ ਗਈਆਂ ਹਨ। ਲੋਕਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਗੁਰਪੁਰਬ ਦੇ ਮੱਦੇਨਜ਼ਰ ਮਠਿਆਈਆਂ ਦੀਆਂ ਦੁਕਾਨਾਂ ਉੱਤੇ ਲੋਕਾਂ ਦੀ ਆਮਦ ਦੇਖਣ ਨੂੰ ਮਿਲ ਰਹੀ ਹੈ। ਲੋਕ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਲਈ ਮਠਿਆਈਆਂ ਖਰੀਦ ਰਹੇ ਹਨ। ਦੁਕਾਨਦਾਰਾਂ ਵੱਲੋਂ ਵੀ ਵੱਖ-ਵੱਖ ਕਿਸਮਾਂ ਦੀਆਂ ਮਠਿਆਈਆਂ ਤਿਆਰ ਕਰਕੇ ਦੁਕਾਨਾਂ ਨੂੰ ਸਜਾਇਆ ਗਿਆ ਹੈ। ਪਿੰਡਾਂ ਦੇ ਬਾਜ਼ਾਰਾਂ ਵਿਚ ਤਿਉਹਾਰ ਵਰਗਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਲੋਕ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੇ ਹਨ। ਥਾਂ-ਥਾਂ ਗੁਰਬਾਣੀ ਦੇ ਜਾਪ, ਕੀਰਤਨ ਅਤੇ ਧਾਰਮਿਕ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਦੀ ਸਰਬ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦੀ ਸਿੱਖਿਆ ਅੱਜ ਵੀ ਲੋਕਾਂ ਨੂੰ ਸੱਚਾਈ, ਸੇਵਾ ਅਤੇ ਸਦਭਾਵਨਾ ਦੇ ਰਾਹ ਉੱਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਪਿੰਡਾਂ ਵਿਚ ਗੁਰਪੁਰਬ ਨੂੰ ਲੈ ਕੇ ਬਣਿਆ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਹੈ ਕਿ ਸੰਗਤਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਮਰਿਆਦਾ ਨਾਲ ਮਨਾ ਰਹੀਆਂ ਹਨ।