ਪੀੜਤ ਪਰਿਵਾਰਾਂ ਦੀ ਮਦਦ ਲਈ ਸਰਕਾਰ ਤੇ ਮਾਰਕੀਟ ਕਮੇਟੀ ਵਚਨਬੱਧ : ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ
Publish Date: Wed, 18 Nov 2026 04:57 PM (IST)
Updated Date: Thu, 19 Nov 2026 04:04 AM (IST)
ਥਰੈਸ਼ਰ ਪੀੜਤਾਂ ਨੂੰ ਦਿੱਤੀ 12-12 ਹਜ਼ਾਰ ਦੀ ਆਰਥਿਕ ਸਹਾਇਤਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵੱਲੋਂ ਥਰੈਸ਼ਰ ਹਾਦਸੇ ਦੇ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਰਥਿਕ ਸਹਾਇਤਾ ਦਿੱਤੀ ਗਈ। ਇਸ ਤਹਿਤ ਪਿੰਡ ਦੀਦਾਰੇ ਵਾਲਾ ਦੇ ਗੁਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਪਿੰਡ ਧੂੜਕੋਟ ਰਣਸੀਂਹ ਦੇ ਪਰਮਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਨੂੰ 12-12 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਕਿਹਾ ਕਿ ਥਰੈਸ਼ਰ ਹਾਦਸੇ ਬਹੁਤ ਹੀ ਦੁਖਦਾਈ ਹੁੰਦੇ ਹਨ ਅਤੇ ਅਜਿਹੇ ਮੁਸ਼ਕਲ ਸਮੇਂ ਵਿੱਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਮਾਰਕੀਟ ਕਮੇਟੀ ਲੋਕਾਂ ਦੀ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਹਮੇਸ਼ਾ ਯਤਨਸ਼ੀਲ ਹਨ। ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ ਨਿਰਦੇਸ਼ ਹੇਠ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਹਰ ਲੋੜਵੰਦ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਪੀੜਤਾਂ ਤੋਂ ਇਲਾਵਾ ਮੰਡੀ ਸੁਪਰਵਾਈਜ਼ਰ ਪ੍ਰਦੀਪ ਸਿੰਘ, ਲਖਵੀਰ ਸਿੰਘ ਅਤੇ ਗੁਰਮਿੰਦਰ ਸਿੰਘ ਵੀ ਹਾਜ਼ਰ ਸਨ।