ਗੁਰਮਿਤ ਸਿਧਾਂਤਾਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ
ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖ਼ਾਲਸਾ
Publish Date: Fri, 13 Mar 2026 03:40 PM (IST)
Updated Date: Sat, 14 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਰਾਵਾਂ ਵੱਲੋਂ ਪਿੰਡ ਰੋਡੇ ਵਿਖੇ ਗੁਰਦੁਆਰਾ ਸ੍ਰੀ ਕੀਰਤਨ ਪ੍ਰਕਾਸ਼ ਪਾਤਸ਼ਾਹੀ ਛੇਵੀਂ ਸੰਤ ਬਾਬਾ ਕਿਰਪਾਲ ਸਿੰਘ ਵਾਲੇ ਇਤਹਾਸਕ ਗੁਰਦੁਆਰੇ ਵਿਚ ਹਫ਼ਤਾਵਾਰੀ ਗੁਰਮਤਿ ਸਮਾਗਮ ਸੰਪੰਨ ਹੋਇਆ। ਉਨ੍ਹਾਂ ਇੱਥੇ ਸੰਗਤ ਨੂੰ ਗੁਰੂਆਂ ਵੱਲੋਂ ਦਿੱਤੀਆਂ ਕੁਰਬਾਨੀਆਂ, ਸਿੱਖਿਆਵਾਂ ਤੇ ਗੁਰਮਤਿ ਸਿਧਾਂਤਾਂ ਅਨੁਸਾਰ ਚੱਲਣ ’ਤੇ ਜੀਵਨ ਕਾਇਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸਮਾਜ ਤੇ ਸਮੂਚੀ ਸਿੱਖ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮੌਜੂਦਾ ਹਲਾਤਾਂ ਵਿਚ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਆਪਣੀ ਧਾਰਮਿਕ ਮਰਿਆਦਾ ਅਤੇ ਅਧਿਆਤਮਿਕਤਾ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਸਿੱਖ ਕੌਮ ਚੜ੍ਹਦੀ ਕਲਾ ਵਿਚ ਰਹੇ। ਉਨ੍ਹਾਂ ਕਿਹਾ ਅੱਜ ਦੇ ਸਮੇਂ ਵਿਚ ਜਦੋਂ ਕਿ ਧਾਰਮਿਕ, ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਚੁਣੌਤੀਆਂ ਵੱਧ ਰਹੀਆਂ ਹਨ, ਸਿੱਖਾਂ ਨੂੰ ਗੁਰਬਾਣੀ ਨਾਲ ਜੁੜਨ, ਸੱਚਾਈ, ਨਿਆਂ ਅਤੇ ਭਾਈਚਾਰਕ ਏਕਤਾ ਬਣਾਈ ਰੱਖਣਾ ਸਮੇਂ ਦੀ ਅਤਿਅੰਤ ਲੋੜ ਹੈ। ਇਸ ਲਈ ਸਿੱਖਾਂ ਨੂੰ ਚਾਹੀਦਾ ਹੈ ਕਿ ਉਹ ਗੁਰੂ ਦੇ ਸਿਧਾਂਤਾਂ ’ਤੇ ਚੱਲਦਿਆਂ ਅੰਮ੍ਰਿਤਧਾਰੀ ਹੋ ਕੇ ਨਿਤਨੇਮ ਦੇ ਧਾਰਨੀ ਬਣਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਸਾਨੂੰ ਸਾਰਿਆਂ ਨੂੰ ਸਰਲ ਅਤੇ ਸਪਸ਼ਟ ਸ਼ਬਦਾਂ ਵਿਚ ਦਰਸਾਏ ਸਿਧਾਂਤ, ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਅਪਣਾਉਣ ਦੀ ਜ਼ਰੂਰਤ ਹੈ। ਇਸ ਮੌਕੇ ਉਨ੍ਹਾਂ ਪਿੰਡ ਰੋਡੇ ਦੇ ਮਹਾਨ ਸੁਤੰਤਰਤਾ ਸੰਗਰਾਮੀ ਸੰਤ ਬਾਬਾ ਕਿਰਪਾਲ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਨਿਭਾਈਆਂ ਧਾਰਮਿਕ ਸਰਗਰਮੀਆਂ ਤੇ ਕੌਮ ਦੀ ਕੀਤੀ ਨਿਸ਼ਕਾਮ ਸੇਵਾ ਦੀ ਖੂਬ ਪ੍ਰਸ਼ੰਸਾ ਕੀਤੀ। ਇਸ ਮੌਕੇ ਰਾਗੀ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਦੀਵਾਨਾਂ ਦੀ ਸਮਾਪਤੀ ਉਪਰੰਤ ਗਿਆਨੀ ਰਾਮ ਸਿੰਘ ਸਮੇਤ ਜੱਥੇ ਸੰਤ ਬਾਬਾ ਕਿਰਪਾਲ ਸਿੰਘ ਦੇ ਜੱਦੀ ਘਰ ਵੀ ਪਹੁੰਚੇ। ਇਸ ਮੌਕੇ ’ਤੇ ਮਾਸਟਰ ਗੁਰਚਰਨ ਸਿੰਘ, ਸਵਰਨ ਸਿੰਘ, ਡਾ. ਜਸਵਿੰਦਰ ਸਿੰਘ ਬਰਾੜ ਸੇਵਾ ਮੁਕਤ ਡਿਪਟੀ ਡਾਇਰੈਕਟਰ ਖੇਤੀਬਾੜੀ ਪੰਜਾਬ, ਮਨੋਹਰ ਸਿੰਘ, ਗੁਰਪ੍ਰੀਤ ਸਿੰਘ, ਭਾਈ ਦਲੀਪ ਸਿੰਘ ਇੰਗਲੈਂਡ ਵਾਲਿਆਂ ਤੋਂ ਇਲਾਵਾ ਦਮਦਮੀ ਟਕਸਾਲ ਜੱਥੇ ਦੇ ਸਿੰਘ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।