ਮੁਫ਼ਤ ਐੱਚਪੀਵੀ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ
ਡਾਇਰੈਕਟਰ ਸਿਹਤ ਅਤੇ ਪਰਿਵਾਰ
Publish Date: Sun, 08 Mar 2026 04:22 PM (IST)
Updated Date: Mon, 09 Mar 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਔਰਤਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾ ਰਹੀ ਵਿਸ਼ੇਸ਼ ਮੁਫ਼ਤ ਐੱਚਪੀਵੀ ਵੈਕਸੀਨੇਸ਼ਨ ਮੁਹਿੰਮ ਦੇ ਸਬੰਧ ਵਿਚ ਸਿਵਲ ਹਸਪਤਾਲ ਮੋਗਾ ਵਿਖੇ ਆਗਾਜ਼ ਕੀਤਾ ਗਿਆ । ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ, ਡਾਕਟਰ ਗਗਨਦੀਪ ਸਿੰਘ ਸਿੱਧੂ, ਡਾਕਟਰ ਸਾਹਿਲ ਮਿੱਤਲ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਸਜੀਤ ਕੌਰ, ਪੰਕਜ ਦੂਬੇ,ਐੱਲਐੱਚਵੀ ਰਾਣੀ ਅਤੇ ਏਐੱਨਐੱਮ ਨਰਿੰਦਰ ਕੌਰ, ਕਰਮਜੀਤ ਕੌਰ ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ ’ਚ ਔਰਤਾਂ ਨੂੰ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ। ਇਸ ਦੀ ਰੋਕਥਾਮ ਲਈ ਐੱਚਪੀਵੀ ਵੈਕਸੀਨ ਬਹੁਤ ਹੀ ਕਾਰਗਰ ਅਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿਚ ਬਹੁਤ ਮਹਿੰਗੀ ਮਿਲਦੀ ਹੈ ਪਰ ਪੰਜਾਬ ਸਰਕਾਰ ਹੁਣ ਇਸ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਲਕੁਲ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ । ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਵਿਚ ਇਹ ਟੀਕਾ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਡਬਲਿਊਐੱਚਓ ਵੱਲੋਂ ਕੁੱਝ ਸਾਲ ਪਹਿਲਾਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਇਸ ਦਾ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਪੂਰੇ ਪੰਜਾਬ ’ਚ ਲਾਗੂ ਕੀਤਾ ਜਾ ਰਿਹਾ ਹੈ। ਡਾ. ਸਿੰਗਲਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਬੱਚੀਆਂ ਦੀ ਸਿਹਤ ਸੁਰੱਖਿਆ ਲਈ ਇਸ ਮੁਫ਼ਤ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ।