ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਗਗਨ ਨੌਹਰੀਆ ਨੇ ਦਿੱਤਾ ਅਸਤੀਫ਼ਾ ਸ਼ਿਵਸੈਨਾ ਹਿੰਦੁਸਤਾਨ ਪੰਜਾਬ ਦੇ
Publish Date: Wed, 02 Sep 2026 03:24 PM (IST)
Updated Date: Wed, 02 Sep 2026 03:25 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਿਵਸੈਨਾ ਹਿੰਦੁਸਤਾਨ ਪੰਜਾਬ ਦੇ ਉੱਪ ਪ੍ਰਧਾਨ ਗਗਨ ਨੌਹਰੀਆ ਨੇ ਪਾਰਟੀ ਦੀਆਂ ਕਥਿਤ ਗਲਤ ਨੀਤੀਆਂ ਅਤੇ ਕਾਰਜਪ੍ਰਣਾਲੀ ਤੋਂ ਨਾਰਾਜ਼ ਹੋ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਗਗਨ ਨੌਹਰੀਆ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਨਾਲ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਅੰਦਰ ਚੱਲ ਰਹੀਆਂ ਨੀਤੀਆਂ ਅਤੇ ਫ਼ੈਸਲਿਆਂ ਨਾਲ ਉਹ ਸਹਿਮਤ ਨਹੀਂ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਜਾਂ ਸਮਾਜਿਕ ਜਥੇਬੰਦੀ ਦੀ ਮਜ਼ਬੂਤੀ ਉਸ ਦੀਆਂ ਨੀਤੀਆਂ, ਅਨੁਸ਼ਾਸਨ, ਕਾਰਜਪ੍ਰਣਾਲੀ ਅਤੇ ਆਮ ਲੋਕਾਂ ਪ੍ਰਤੀ ਜਵਾਬਦੇਹੀ ਤੇ ਨਿਰਭਰ ਕਰਦੀ ਹੈ। ਜਦੋਂ ਇਨ੍ਹਾਂ ਮਾਮਲਿਆਂ ਵਿਚ ਉਨ੍ਹਾਂ ਨੂੰ ਆਪਣੀ ਸੋਚ ਅਤੇ ਪਾਰਟੀ ਦੀ ਦਿਸ਼ਾ ਵਿਚਕਾਰ ਵੱਡਾ ਅੰਤਰ ਮਹਿਸੂਸ ਹੋਇਆ ਤਾਂ ਉਨ੍ਹਾਂ ਨੇ ਆਪਣੇ ਅਹੁਦੇ ਤੇ ਬਣੇ ਰਹਿਣ ਦੀ ਬਜਾਏ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ। ਗਗਨ ਨੌਹਰੀਆ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਵੱਲੋਂ ਅਪਣਾਈਆਂ ਜਾ ਰਹੀਆਂ ਕੁੱਝ ਨੀਤੀਆਂ ਨਾਲ ਆਪਣੇ ਆਪ ਨੂੰ ਸਹਿਮਤ ਨਹੀਂ ਪਾ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਆਪਣੇ ਅਸੂਲਾਂ ਅਤੇ ਵਿਚਾਰਧਾਰਾ ਨਾਲ ਸਮਝੌਤਾ ਕਰਕੇ ਕਿਸੇ ਅਹੁਦੇ ਤੇ ਬਣੇ ਰਹਿਣ ਨੂੰ ਠੀਕ ਨਹੀਂ ਸਮਝਦੇ। ਇਸ ਲਈ ਉਨ੍ਹਾਂ ਨੇ ਆਪਣੀ ਅੰਤਰਆਤਮਾ ਦੀ ਆਵਾਜ਼ ਨੂੰ ਪਹਿਲ ਦਿੰਦਿਆਂ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਗਗਨ ਨੌਹਰੀਆ ਨੇ ਕਿਹਾ ਕਿ ਅਸਤੀਫ਼ਾ ਦੇਣ ਦਾ ਉਨ੍ਹਾਂ ਦਾ ਫ਼ੈਸਲਾ ਕਿਸੇ ਨਿੱਜੀ ਰੰਜਸ਼ ਜਾਂ ਵਿਅਕਤੀਗਤ ਵਿਵਾਦ ਦੇ ਆਧਾਰ ਤੇ ਨਹੀਂ ਹੈ, ਸਗੋਂ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਪ੍ਰਣਾਲੀ ਨਾਲ ਅਸਹਿਮਤੀ ਦੇ ਚੱਲਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਸਮਾਜ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣਗੇ ਅਤੇ ਲੋਕ ਹਿੱਤ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਉਹ ਪਾਰਟੀ ਦੇ ਸਾਰੇ ਸਾਥੀਆਂ ਅਤੇ ਵਰਕਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਉਹ ਆਪਣੇ ਅਸੂਲਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੀ ਅਗਲਾ ਫ਼ੈਸਲਾ ਲੈਣਗੇ