- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸਐੱਫਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਜੋ ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼, ਅਹਿੰਸਾ ਦੇ ਸਿਧਾਂਤ ਅਤੇ ਸਵੱਛਤਾ ਸਬੰਧੀ ਵਿਚਾਰਾਂ ਨੂੰ ਯਾਦ ਕਰਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਦੌਰਾਨ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਮਹਾਤਮਾ ਗਾਂਧੀ ਨੇ ਸੱਚ ਅਤੇ ਅਹਿੰਸਾ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਂਦਿਆਂ ਦੇਸ਼ ਵਾਸੀਆਂ ਨੂੰ ਇਕਜੁੱਟ ਕਰਕੇ ਆਜ਼ਾਦੀ ਦੇ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਸਬੰਧਤ ਵਿਸ਼ੇਸ਼ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਗਾਂਧੀ ਜਯੰਤੀ ਦੇ ਮੌਕੇ ਸਕੂਲ ਵੱਲੋਂ ਸਵੱਛਤਾ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਰੈਲੀ ਦੀ ਅਗਵਾਈ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ ਵੱਲੋਂ ਕੀਤੀ ਗਈ। ਰੈਲੀ ਵਿਚ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ, ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰੈਲੀ ਜਲਾਲਾਬਾਦ (ਪੂਰਬ) ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਕੱਢੀ ਗਈ ਤੇ ਲੋਕਾਂ ਨੂੰ ਆਪਣੇ ਘਰਾਂ, ਸਕੂਲਾਂ, ਸੜਕਾਂ ਅਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਵੀ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਅਤੇ ਸਵੱਛਤਾ ਜਾਗਰੂਕਤਾ ਰੈਲੀ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਸੀਈਓ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਆਜ਼ਾਦੀ ਸੈਨਾਨੀਆਂ ਦੇ ਜੀਵਨ ਅਤੇ ਵਿਚਾਰਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮਹਾਤਮਾ ਗਾਂਧੀ ਜੀ ਦੇ ਸੱਚ, ਅਹਿੰਸਾ ਅਤੇ ਸਵੱਛਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।