- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਦੇ ਪਿੰਡ ਖੁਖਰਾਣਾ ਦੀ ਅਨਾਜ਼

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਦੇ ਪਿੰਡ ਖੁਖਰਾਣਾ ਦੀ ਅਨਾਜ਼ ਮੰਡੀ ਵਿਚ ਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ ਦੇ ਪਤੀ ਗੌਤਮ ਸੱਚਰ ਨੇ ਪਹੁੰਚ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਪੀਣ ਵਾਲੇ ਸਾਫ਼ ਪਾਣੀ ਅਤੇ ਬਾਥਰੂਮਾਂ ਦੀ ਘਾਟ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ। ਮਜ਼ਦੂਰਾਂ ਨੇ ਦੱਸਿਆ ਕਿ ਮੰਡੀ ਵਿਚ ਦਿਨ-ਰਾਤ ਮਿਹਨਤ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿਚ ਇੰਨ੍ਹਾਂ ਸਹੂਲਤਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਆਉਂਦੇ ਹਨ ਅਤੇ ਮਜ਼ਦੂਰ ਦਿਨ-ਰਾਤ ਮਿਹਨਤ ਕਰਕੇ ਫ਼ਸਲ ਦੀ ਸਾਂਭ-ਸੰਭਾਲ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਮੰਡੀਆਂ ਵਿਚ ਉਨ੍ਹਾਂ ਨੂੰ ਪੀਣ ਵਾਲਾ ਸਾਫ਼ ਪਾਣੀ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਕੁਲਜਿੰਦਰ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆਂ ਨਹੀਂ ਕਰਨਾ ਚਾਹੀਦਾ। ਸਬੰਧਤ ਅਧਿਕਾਰੀਆਂ ਨੂੰ ਖੁਖਰਾਣਾ ਮੰਡੀ ਵਿਚ ਪਾਣੀ ਅਤੇ ਬਾਥਰੂਮਾਂ ਦੀ ਸਮੱਸਿਆ ਦਾ ਗੰਭੀਰਤਾ ਨਾਲ ਨੋਟਿਸ ਲੈ ਕੇ ਇਸ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਮੰਡੀ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਪ੍ਰੇਸ਼ਾਨ ਨਾ ਹੋਣਾ ਪਵੇ। ਇਸ ਦੌਰਾਨ ਗੌਤਮ ਸੱਚਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੰਡੀ ਵਿਚ ਮੌਜੂਦ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮਜ਼ਦੂਰਾਂ ਨੇ ਉਮੀਦ ਜਤਾਈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਣਗੀਆਂ ਅਤੇ ਜਲਦੀ ਹੱਲ ਕੀਤਾ ਜਾਵੇਗਾ।