- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਘੱਲ ਕਲਾਂ ਦੇ ਕਿਸਾਨਾਂ ਨੂੰ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ : ਪਿੰਡ ਘੱਲ ਕਲਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੋਆਪ੍ਰੇਟਿਵ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸੁਸਾਇਟੀ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਸੁਸਾਇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਦੇ ਕਿਸਾਨਾਂ, ਸੁਸਾਇਟੀ ਦੇ ਅਹੁਦੇਦਾਰਾਂ ਅਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਪਿੰਡਾਂ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦ ਅਤੇ ਮਸ਼ੀਨਰੀ ਉਪਲਬਧ ਕਰਵਾਉਣ ਨਾਲ ਖੇਤੀ ਦੇ ਕੰਮਾਂ ਵਿਚ ਆਸਾਨੀ ਹੋਣ ਦੇ ਨਾਲ-ਨਾਲ ਕਿਸਾਨਾਂ ਦੇ ਸਮੇਂ ਅਤੇ ਖਰਚੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਘੱਲ ਕਲਾਂ ਦੀ ਕੋਆਪ੍ਰੇਟਿਵ ਸੁਸਾਇਟੀ ਵੱਲੋਂ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਰੈਕਟਰ ਅਤੇ ਆਧੁਨਿਕ ਖੇਤੀ ਸੰਦ ਖਰੀਦੇ ਗਏ ਹਨ। ਇਹ ਮਸ਼ੀਨਰੀ ਪਿੰਡ ਦੇ ਕਿਸਾਨਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ-ਵੱਖ ਕੰਮਾਂ ਲਈ ਆਧੁਨਿਕ ਸਾਧਨ ਮੁਹੱਈਆ ਹੋ ਸਕਣਗੇ। ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਖੇਤੀਬਾੜੀ ਨੂੰ ਆਧੁਨਿਕ ਤਕਨੀਕ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਮਹਿੰਗੀ ਖੇਤੀ ਮਸ਼ੀਨਰੀ ਹਰ ਕਿਸਾਨ ਲਈ ਖਰੀਦਣਾ ਸੰਭਵ ਨਹੀਂ ਹੁੰਦਾ, ਇਸ ਲਈ ਸਹਿਕਾਰੀ ਸੁਸਾਇਟੀਆਂ ਰਾਹੀਂ ਸਾਂਝੇ ਤੌਰ ’ਤੇ ਮਸ਼ੀਨਰੀ ਮੁਹੱਈਆ ਕਰਵਾਉਣ ਨਾਲ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਨਾਲ ਸੁਸਾਇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਮਿਲੇਗੀ ਅਤੇ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਵੱਧ ਤੋਂ ਵੱਧ ਕਿਸਾਨਾਂ ਤੱਕ ਸਹਿਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਨਵੀਂ ਬਿਲਡਿੰਗ ਦੇ ਨਾਲ-ਨਾਲ ਟਰੈਕਟਰ ਅਤੇ ਆਧੁਨਿਕ ਖੇਤੀ ਸੰਦ ਮਿਲਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਸਮਾਗਮ ਦੌਰਾਨ ਸਹਾਇਕ ਰਜਿਸਟਰਾਰ ਚਰਨਜੀਤ ਸਿੰਘ ਸੋਹੀ, ਦੋਵੇਂ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਦੇ ਪਤਵੰਤੇ ਸੱਜਣਾਂ, ਕਿਸਾਨਾਂ, ਕੋਆਪ੍ਰੇਟਿਵ ਸੁਸਾਇਟੀ ਦੇ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਦੇ ਵਿਕਾਸ ਅਤੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।