ਸਤਨਾਮ ਸਿੰਘ ਘਾਰੂ, ਧਰਮਕੋਟ : ਸਬ-ਡਵੀਜ਼ਨ ਧਰਮਕੋਟ ਦੇ ਬਿਜਲੀ ਕਾਮਿਆਂ ਵੱਲੋਂ ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਉਪਰ ਦਫਤਰ ਦੇ ਗੇਟ ਅੱਗੇ ਰੋਸ ਰੈਲੀ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਉਨ੍ਹਾਂ ਜਿੱਥੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕੀ, ਉਥੇ ਜੰਮ ਕੇ ਨਾਅਰੇਬਾਜੀ ਵੀ ਕੀਤੀ। ਇਹ ਰੈਲੀ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ, ਗੁਰੂ ਗੋਬਿੰਦ ਸੁਪਰ ਥਰਮਲ ਪਲਾਂਟ ਰੋਪੜ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਵੇਚਣ ਲਈ ਟੈਂਡਰਾਂ ਰਾਹੀਂ ਬੋਲੀ ਕਰਵਾਉਣ ਦੇ ਵਿਰੋਧ ਵਿਚ ਕੀਤੀ ਗਈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਲਈ ਮੁਲਾਜਮਾਂ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।

ਇਸ ਰੋਸ ਰੈਲੀ ਨੂੰ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਨੂਰਪੁਰੀ ਅਤੇ ਟੀ.ਐਸ.ਯੂ ਸਬ-ਡਵੀਜ਼ਨ ਦੇ ਪ੍ਰਧਾਨ ਬਲਤੇਜ ਸਿੰਘ ਬੱਡੂਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮ ਵਿਰੋਧੀ ਨੀਤੀਆਂ ਬੰਦ ਕੀਤੀਆਂ ਜਾਣ, ਮੌਟੇਕ ਸਿੰਘ ਆਹਲੂਵਾਲੀਆ ਕਮੇਟੀ ਦੀਆਂ ਮੁਲਾਜ਼ਮ ਤੇ ਲੋਕ-ਮਾਰੂ ਸਿਫਾਰਸ਼ਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਰੈਲੀ ਨੂੰ ਹੋਰ ਸਾਥੀਆਂ ਅਵਤਾਰ ਸਿੰਘ ਧਰਮਕੋਟ, ਵੀਰ ਸਿੰਘ, ਜਸਪਾਲ ਸਿੰਘ ਆਦਿ ਸਾਥੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜ਼ਮੈਂਟ ਵੱਲੋਂ ਜੇਕਰ ਬਿਜਲੀ ਮੁਲਾਜਮਾਂ ਦੀਆਂ ਮੰਗਾਂ ਵੱਲੋਂ ਧਿਆਨ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।