ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕਰਨ ’ਚ ਨਾਕਾਮ ਰਹੀ ਸਰਕਾਰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ
Publish Date: Tue, 17 Nov 2026 06:23 PM (IST)
Updated Date: Wed, 18 Nov 2026 04:03 AM (IST)
ਕਿਸਾਨ ਮੰਡੀਆਂ ਵਿਚ ਹੋ ਰਹੇ ਨੇ ਖੱਜਲ-ਖੁਆਰ : ਲਾਲ ਸਿੰਘ, ਮੁੱਖ ਮੰਤਰੀ ਦੇ ਇਕ-ਇਕ ਦਾਣੇ ਦੀ ਖ਼ਰੀਦ ਦੇ ਦਾਅਵੇ ਜ਼ਮੀਨੀ ਪੱਧਰ ’ਤੇ ਹੋਏ ਖੋਖਲੇ ਸਾਬਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਸਬੰਧੀ ਪੁਖਤਾ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ ਨੇ ਗੱਲਬਾਤ ਕਰਦਿਆਂ ਕੀਤਾ। ਲਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਪਰ ਅਫ਼ਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਇਹ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾ ਰਹੇ। ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ਵਿਚ ਲੈ ਕੇ ਆ ਰਹੇ ਹਨ ਪਰ ਉਨ੍ਹਾਂ ਨੂੰ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ, ਵਧ ਰਹੀਆਂ ਖੇਤੀ ਲਾਗਤਾਂ, ਮਹਿੰਗੀ ਖਾਦ, ਡੀਜ਼ਲ ਅਤੇ ਖੇਤੀਬਾੜੀ ਦੇ ਹੋਰ ਸਾਮਾਨ ਦੀਆਂ ਕੀਮਤਾਂ ਕਾਰਨ ਆਰਥਿਕ ਬੋਝ ਹੇਠ ਦੱਬਿਆ ਹੋਇਆ ਹੈ। ਅਜਿਹੇ ਹਾਲਾਤ ਵਿੱਚ ਜੇਕਰ ਸਰਕਾਰ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਢੁੱਕਵੇਂ ਪ੍ਰਬੰਧ ਨਹੀਂ ਕਰ ਸਕਦੀ ਤਾਂ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਣੀਆਂ ਸੁਭਾਵਿਕ ਹਨ। ਲਾਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਅਤੇ ਬਾਰਦਾਨੇ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਦਿਨਾਂਬੱਧੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਝੋਨੇ ਦੀ ਖ਼ਰੀਦ ਵਿਚ ਤੇਜ਼ੀ ਲਿਆਂਦੀ ਜਾਵੇ ਤੇ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਬਿਨ੍ਹਾਂ ਕਿਸੇ ਦੇਰੀ ਅਤੇ ਪ੍ਰੇਸ਼ਾਨੀ ਦੇ ਖ਼ਰੀਦਿਆ ਜਾਵੇ।