- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸੂਬੇ ਦੇ ਮਿਡਲ ਸਕੂਲਾਂ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ, ਸਿੱਖਿਆ ਦੀ ਕਾਇਆ ਪਲਟ ਕਰਨ ਵਰਗੇ ਨਾਅਰੇ ਦੇ ਕੇ ਸਤਾ ’ਚ ਆਈ ਆਮ ਆਦਮੀ ਪਾਰਟੀ ਨੇ ਸਿੱਖਿਆ ਕ੍ਰਾਂਤੀ ਦੇ ਝੂਠੇ ਨਾਅਰੇ ਦੇ ਸਿੱਖਿਆ ਨੂੰ ਹੀ ਖ਼ਤਮ ਕਰਨ ਦਾ ਬੀੜਾ ਚੁੱਕ ਲਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 10 ਅਪ੍ਰੈਲ ਨੂੰ ਡੀਐੱਸਈ ਦੇ ਦਸਤਖ਼ਤਾਂ ਹੇਠ ਜ਼ਾਰੀ ਹੋਏ ਪੱਤਰ ਨੰਬਰ 202696171 ਵਿਚ ਮਿਡਲ ਸਕੂਲਾਂ ਵਿਚ ਗਿਣਤੀ ਦੇ ਅਧਾਰ ’ਤੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਕਿਸੇ ਹੋਰ ਸਕੂਲ ’ਚੋਂ ਕਰਨ ਦੇ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਪੰਜਾਬੀ, ਹਿੰਦੀ, ਗਣਿਤ, ਸਾਇੰਸ, ਸਮਾਜਿਕ ਸਿੱਖਿਆ, ਅੰਗਰੇਜ਼ੀ, ਸਰੀਰਕ ਸਿੱਖਿਆ, ਡਰਾਇੰਗ, ਕੰਪਿਊਟਰ ਅਤੇ ਖੇਤੀਬਾੜੀ ਵਰਗੇ 9 ਵਿਸ਼ਿਆਂ ਨੂੰ ਹੁਣ ਸਿਰਫ 2 ਅਧਿਆਪਕ ਹੀ ਪੜ੍ਹਾਉਣਗੇ। ਆਗੂਆਂ ਨੇ ਦੱਸਿਆ ਕਿ ਛੇਵੀਂ ਤੋਂ ਉੱਪਰ ਦੀਆਂ ਕਲਾਸਾਂ ਨੂੰ ਵਿਸ਼ਾ ਅਧਿਆਪਕ ਪੜ੍ਹਾ ਸਕਦੇ ਹਨ ਪਰ ਇਸ ਸਰਕਾਰ ਨੇ ਮਿਡਲ ਸਕੂਲਾਂ ਨੂੰ ਪ੍ਰਾਇਮਰੀ ਸਕੂਲਾਂ ਵਾਂਗ ਸਾਰੇ ਵਿਸ਼ੇ ਇਕ ਜਾਂ ਦੋ ਅਧਿਆਪਕਾਂ ਨੂੰ ਪੜ੍ਹਾਉਣ ਦਾ ਤੁਗਲਕੀ ਫੁਰਮਾਨ ਜਾਰੀ ਕਰ ਦਿੱਤਾ ਹੈ। ਉਪਰੋਕਤ ਪੱਤਰ ਵਿਚ 30 ਦੀ ਗਿਣਤੀ ਵਾਲੇ ਮਿਡਲ ਸਕੂਲਾਂ ਵਿਚ 2 ਅਧਿਆਪਕ, 60 ਤੱਕ 3 ਅਧਿਆਪਕ ਅਤੇ 90 ਤੱਕ 4 ਅਧਿਆਪਕ ਹੀ ਰੱਖਣਾ ਦਾ ਹੁਕਮ ਦਿੱਤਾ ਹੈ ਅਤੇ ਇਸ ਗਿਣਤੀ ਤੋਂ ਵਧ ਰਹੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਹੋਰ ਸਕੂਲਾਂ ਵਿਚ ਕਰਨ ਦਾ ਹੁਕਮ ਦਿੱਤਾ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਜਿਲ੍ਹਾ ਵਿਤ ਸਕੱਤਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੰਜਾਬੀ ਦਾ ਅਧਿਆਪਕ ਗਣਿਤ, ਸਾਇੰਸ, ਅੰਗਰੇਜ਼ੀ, ਸਰੀਰਕ ਸਿੱਖਿਆ, ਸਮਾਜਿਕ ਸਿੱਖਿਆ ਜਾਂ ਹਿੰਦੀ ਵਰਗੇ ਵਿਸ਼ੇ ਨੂੰ ਕਿਵੇਂ ਪੜ੍ਹਾਏਗਾ, ਇਸੇ ਤਰ੍ਹਾਂ ਹੀ ਦੂਜੇ ਵਿਸ਼ੇ ਦਾ ਅਧਿਆਪਕ ਬਾਕੀ ਵਿਸ਼ਿਆਂ ਨਾਲ ਕਿਵੇਂ ਇਨਸਾਫ਼ ਕਰੇਗਾ। ਆਗੂਆਂ ਨੇ ਕਿਹਾ ਕਿ ਮਿਡਲ ਸਕੂਲਾਂ ਵਿਚ ਪਹਿਲਾਂ ਹੀ ਸਿਰਫ਼ ਚਾਰ ਵਿਸ਼ਿਆਂ ਦੇ ਅਧਿਆਪਕ ਰੱਖਣ ਦਾ ਫ਼ੈਸਲਾ ਸਿੱਖਿਆ ਵਿਭਾਗ ਨੇ ਕੀਤਾ ਹੋਇਆ ਹੈ ਪਰ ਹੁਣ ਚਾਰ ਦੀ ਥਾਂ ਦੋ ਵਿਸ਼ਾ ਅਧਿਆਪਕ ਰੱਖਣ ਦਾ ਫ਼ੈਸਲਾ ਦੇ ਦਿੱਤਾ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਮੰਗ ਕੀਤੀ ਕਿ ਸਰਕਾਰ ਉਕਤ ਪੱਤਰ ਵਾਪਿਸ ਲੈ ਕੇ ਮਿਡਲ ਸਕੂਲਾਂ ਸਮੇਂ ਸਾਰੇ ਸਕੂਲਾਂ ਵਿਚ ਹਰੇਕ ਵਿਸ਼ੇ ਦਾ ਅਧਿਆਪਕ ਨਿਯੁਕਤ ਕਰੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵੱਡੀ ਗਿਣਤੀ ਵਿਚ ਬੇਰੁਜਗਾਰ ਅਧਿਆਪਕ ਲਗਾਤਾਰ ਆਪਣੀਆਂ ਨੌਕਰੀਆਂ ਲਈ ਸੰਘਰਸ਼ ਕਰ ਰਹੇ ਹਨ ਇਸ ਲਈ ਸਰਕਾਰ ਅਧਿਆਪਕ ਦੀ ਨਵੀਂ ਭਰਤੀ ਤੁਰੰਤ ਕਰੇ।