ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਬੀਤੇ ਦਿਨੀਂ ਚੀਨ ਦੀ ਸਰਹੱਦ ਉੱਤੇ ਦੇਸ਼ ਲਈ ਡਿਊਟੀ ਦੇਣ ਦੌਰਾਨ ਸ਼ਹੀਦ ਹੋਏ ਸਿਪਾਹੀ ਲਖਵੀਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਐਤਵਾਰ ਨੂੰ ਉਸ ਦੇ ਪਿੰਡ ਡੇਮਰੂ ਖੁਰਦ ਵਿਖੇ ਹੋਇਆ। ਇਸ ਵਿਚ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਰਕਤ ਕੀਤੀ। ਇਸ ਮੌਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ, ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਡੀਸੀ ਸੰਦੀਪ ਹੰਸ, ਐਸਡੀਐਮ ਸਵਰਨਜੀਤ ਕੌਰ ਤੇ ਵੱਡੀ ਗਿਣਤੀ 'ਚ ਸਥਾਨਕ ਲੋਕ ਹਾਜ਼ਰ ਸਨ।

ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸ਼ਹੀਦ ਨੇ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਦੇਸ਼ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਵਿੱਚ ਲਿਖਵਾ ਦਿੱਤਾ ਹੈ। ਉਸ ਦੀ ਇਸ ਕੁਰਬਾਨੀ ਨੂੰ ਦੇਸ਼ ਵਾਸੀ ਕਦੇ ਵੀ ਨਹੀਂ ਭੁੱਲਣਗੇ।

ਉਨ੍ਹਾਂ ਕਿਹਾ ਕਿ ਇਸ ਸਮਾਗਮ 'ਚ ਸ਼ਿਰਕਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਤੇ ਸੂਬੇ ਲਈ ਕੁਰਬਾਨੀ ਕਰਨ ਵਾਲਿਆਂ ਨੂੰ ਸਤਿਕਾਰ ਦੇਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਦਿੱਤੀ ਜਾਣ ਵਾਲੀ 12 ਲੱਖ ਰੁਪਏ ਦੀ ਰਾਸ਼ੀ ਨੂੰ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਦੀ ਪਤਨੀ ਨੂੰ 25 ਹਜ਼ਾਰ ਰੁਪਈਏ ਦੀ ਫੌਰੀ ਆਰਥਿਕ ਰਾਸ਼ੀ ਅੰਤਿਮ ਸਸਕਾਰ ਵਾਲੇ ਦਿਨ ਦਿੱਤੀ ਗਈ ਸੀ, ਜਦਕਿ ਅੱਜ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਜਲਦ ਹੀ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਬਣਦੀ ਹੋਰ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਲਖਵੀਰ ਸਿੰਘ ਦੇ ਨਾਂ ਉੱਪਰ ਰੱਖਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਸ਼ਹੀਦ ਦੀ ਪਤਨੀ ਨਮਦੀਪ ਕੌਰ ਤੇ ਮਾਤਾ ਨੂੰ ਦਿਲਾਸਾ ਵੀ ਦਿੱਤਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਲਖਵੀਰ ਸਿੰਘ ਆਪਣੇ ਸਾਥੀ ਸਿਪਾਹੀ ਨਾਲ ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ ਉੱਤੇ ਗਸ਼ਤ ਕਰ ਰਿਹਾ ਸੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਕੇ ਸ਼ਹੀਦ ਹੋ ਗਿਆ ਸੀ।

ਡੀਸੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਸਮਾਗਮ ਨੂੰ ਰੱਖਿਆ ਸੇਵਾਵਾਂ ਅਫ਼ਸਰ ਕਰਨਲ ਦਲਵਿੰਦਰ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਿਵਾਰ ਦਾ ਸਨਮਾਨ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ੍ਰ ਜਗਰੂਪ ਸਿੰਘ ਤਖਤੂਪੁਰਾ, ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਅਤੇ ਹੋਰ ਹਾਜ਼ਰ ਸਨ।

Posted By: Seema Anand