ਲਾਹੇਵੰਦ ਐੱਮਐੱਸਪੀ ’ਤੇ ਖ਼ਰੀਦ ਗਾਰੰਟੀ ਦੇਵੇ ਸਰਕਾਰ : ਦੌਲਤਪੁਰਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ
Publish Date: Tue, 15 Sep 2026 07:50 PM (IST)
Updated Date: Wed, 16 Sep 2026 04:09 AM (IST)
ਕਿਹਾ- ਝੋਨੇ-ਕਣਕ ਦੇ ਫ਼ਸਲੀ ਚੱਕਰ ’ਚੋਂ ਕਿਸਾਨਾਂ ਨੂੰ ਕੱਢਣ ਲਈ ਸਰਕਾਰ ਨੂੰ ਠੋਸ ਨੀਤੀ ਬਣਾਉਣ ਦੀ ਲੋੜ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਵੱਲੋਂ ਚਲਾਈ ਗਈ। ਇਸ ਮੌਕੇ ਸੂਬਾ ਆਗੂਆਂ, ਜ਼ਿਲ੍ਹਾ ਆਗੂਆਂ, ਬਲਾਕ ਅਹੁਦੇਦਾਰਾਂ ਅਤੇ ਕਿਸਾਨ ਮੈਂਬਰਾਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਅੰਦਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਝੋਨੇ-ਕਣਕ ਦੇ ਫ਼ਸਲੀ ਚੱਕਰ ’ਚੋਂ ਬਾਹਰ ਕੱਢਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਟਿਕਾਊ ਬਣਾਉਣ ਲਈ ਫ਼ਸਲੀ ਵਿਭਿੰਨਤਾ ਜ਼ਰੂਰੀ ਹੈ ਪਰ ਇਸ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਦੇਣੀ ਵੀ ਓਨੀ ਹੀ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਅੱਜ ਅਖ਼ਬਾਰ ਵਿਚ ਪ੍ਰਕਾਸ਼ਿਤ ਬਾਸਮਤੀ ਦੀ ਫ਼ਸਲ ਸਬੰਧੀ ਲੇਖ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਸੱਚਮੁਚ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਿਤ ਅਤੇ ਖੁਸ਼ਹਾਲ ਕਰਨਾ ਚਾਹੁੰਦੀਆਂ ਹਨ ਤਾਂ ਸਿਰਫ਼ ਫ਼ਸਲੀ ਵਿਭਿੰਨਤਾ ਦੇ ਨਾਅਰੇ ਲਗਾਉਣ ਨਾਲ ਕੰਮ ਨਹੀਂ ਚੱਲੇਗਾ। ਸਰਕਾਰ ਨੂੰ ਬਾਸਮਤੀ, ਦਾਲਾਂ, ਸਬਜ਼ੀਆਂ ਅਤੇ ਹੋਰ ਬਦਲਵੀਆਂ ਫ਼ਸਲਾਂ ਲਈ ਲਾਹੇਵੰਦ ਐੱਮਐੱਸਪੀ ਤੈਅ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਵੀ ਦੇਣੀ ਪਵੇਗੀ। ਕਿਸਾਨ ਆਗੂ ਨੇ ਕਿਹਾ ਕਿ ਬਾਸਮਤੀ ਤੋਂ ਇਲਾਵਾ ਦਾਲਾਂ, ਮੱਕੀ, ਤੇਲ ਬੀਜਾਂ, ਸਬਜ਼ੀਆਂ ਅਤੇ ਹੋਰ ਬਦਲਵੀਆਂ ਫ਼ਸਲਾਂ ਲਈ ਵੀ ਲਾਹੇਵੰਦ ਐੱਮਐੱਸਪੀ ਤੈਅ ਕਰਕੇ ਸਰਕਾਰੀ ਖ਼ਰੀਦ ਯਕੀਨੀ ਬਣਾਈ ਜਾਵੇ। ਮੀਟਿੰਗ ਵਿਚ ਅਨੁਸ਼ਾਸਨ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਜਸਵੰਤ ਸਿੰਘ ਬਲਾਕ ਪ੍ਰਧਾਨ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਬੂਟਾ ਸਿੰਘ ਪੰਡੋਰੀ, ਹਰਦੀਪ ਸਿੰਘ ਪੰਡੋਰੀ, ਜਸਵੀਰ ਸਿੰਘ, ਸੁਖਦੀਪ ਸਿੰਘ, ਬਾਬੂ ਸਿੰਘ, ਬਾਂਤ ਸਿੰਘ, ਜਗਮੋਹਣ ਸਿੰਘ, ਲਖਵੀਰ ਸਿੰਘ, ਬਿੱਕਰ ਸਿੰਘ, ਸੁਰਜੀਤ ਸਿੰਘ ਅਤੇ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ।