ਖੋਸਾ ਕੋਟਲਾ ’ਚ ਕਿਸਾਨ ਜਾਗਰੂਕਤਾ ਕੈਂਪ ਲਾਇਆ
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੋਸਾ ਕੋਟਲਾ
Publish Date: Thu, 19 Mar 2026 04:09 PM (IST)
Updated Date: Fri, 20 Mar 2026 04:02 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੋਸਾ ਕੋਟਲਾ ਵਿਖੇ ਸੀਆਰਐੱਮ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਮਾਨਯੋਗ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਫਾਰਮਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰਜਿਸਟ੍ਰੇਸ਼ਨ ਲਈ ਲੋੜੀਂਦੇ ਦਸਤਾਵੇਜ਼ ਅਤੇ ਇਸਦੇ ਫਾਇਦੇ ਵੀ ਵਿਸਥਾਰ ਨਾਲ ਸਮਝਾਏ। ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਇਸ ਨੂੰ ਖੇਤ ਵਿਚ ਰਲਾਉਣ ਨਾਲ ਮਿੱਟੀ ਦੀ ਉਰਵਰਤਾ ਵਿਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਮੂੰਗੀ ਅਤੇ ਜੰਤਰ ਦੀ ਕਾਸ਼ਤ ਰਾਹੀਂ ਹਰੀ ਖ਼ਾਦ ਤਿਆਰ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਨੇ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ, ਨਰਮੇ ਅਤੇ ਸਾਉਣੀ ਮੱਕੀ ਦੀ ਕਾਸ਼ਤ ਵੱਲ ਵੀ ਕਿਸਾਨਾਂ ਦਾ ਧਿਆਨ ਖਿੱਚਿਆ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ਪੋਸ਼ਿਕ ਤੱਤਾਂ ਦੀ ਘਾਟ ਨਾਲ ਸਬੰਧਤ ਲੱਛਣਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਮਿੱਟੀ, ਪਾਣੀ ਅਤੇ ਹਵਾ ਪ੍ਰਦੂਸ਼ਣ ਤੋਂ ਬਚਾਉਣ ਲਈ ਸਚੇਤ ਰਹਿਣ ਦੀ ਅਪੀਲ ਕੀਤੀ ਅਤੇ ਮਿੱਟੀ-ਪਾਣੀ ਪਰਖ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਦੁੱਨੇਕੇ ਵਿਖੇ ਸਥਿਤ ਖੇਤੀਬਾੜੀ ਵਿਭਾਗ ਦੀ ਪਰਖ਼ ਲੈਬਾਰਟਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਕੈਂਪ ਤੋਂ ਬਾਅਦ ਕਿਸਾਨਾਂ ਦੀ ਥਾਂ ’ਤੇ ਹੀ ਫਾਰਮਰ ਰਜਿਸਟ੍ਰੇਸ਼ਨ ਵੀ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਹਰਦੀਪ ਸਿੰਘ ਅਤੇ ਹਰਮਨ ਸਿੰਘ ਸਮੇਤ ਪਿੰਡ ਦੇ ਸਰਪੰਚ ਗੁਰਸੇਵਕ ਸਿੰਘ, ਰਣਜੀਤ ਸਿੰਘ, ਚੇਅਰਮੈਨ ਸੁਖਦੇਵ ਸਿੰਘ, ਜਰਨੈਲ ਸਿੰਘ, ਹਰਦਿਆਲ ਸਿੰਘ, ਰੇਸ਼ਮ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।