ਗਰੀਨ ਵੈਲੀ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਗਰੀਨ ਵੈਲੀ ਕਾਨਵੈਂਟ ਸਕੂਲ ਦਾ
Publish Date: Fri, 17 Apr 2026 04:13 PM (IST)
Updated Date: Sat, 18 Apr 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਗਰੀਨ ਵੈਲੀ ਕਾਨਵੈਂਟ ਸਕੂਲ ਦਾ ਸੀਬੀਐੱਸਈ ਦਸਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਸਾਲ ਸਕੂਲ ਦੇ ਹੋਣਹਾਰ ਵਿਦਿਆਰਥੀ ਨਿਖਿਲ ਕੁਮਾਰ ਨੇ ਪੂਰੇ ਜ਼ਿਲ੍ਹੇ ਵਿਚੋਂ 99.2 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਨਤੀਜਿਆਂ ਦੀ ਖੁਸ਼ੀ ’ਚ ਸਕੂਲ ਕੈਂਪਸ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਖ਼ਾਸ ਇਨਾਮਾਂ ਦਾ ਐਲਾਨ ਕੀਤਾ ਗਿਆ। ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਨਿਖਿਲ ਕੁਮਾਰ ਨੂੰ 51 ਹਜ਼ਾਰ ਰੁਪਏ ਦੀ ਸਕਾਲਰਸ਼ਿੱਪ ਦੇਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਲਈ 21 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਅਤੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ 11 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਸਕਾਲਰਸ਼ਿਪ ਦਾ ਐਲਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਇੰਜ. ਜਤਿੰਦਰ ਕੁਮਾਰ ਗਰਗ, ਮੈਨੇਜਰ ਮੈਡਮ ਅਨੀਤਾ ਗਰਗ, ਸਕੂਲ ਪ੍ਰਬੰਧਕ ਕ੍ਰਿਸ਼ਨ ਕੁਮਾਰ ਗਰਗ ਅਤੇ ਪ੍ਰਿੰਸਿਪਲ ਨੀਤੂ ਕਪੂਰ ਨੇ ਵਿਦਿਆਰਥੀਆਂ ਦੀ ਕਾਮਯਾਬੀ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰਜ਼, ਐੱਚਓਡੀ ਜ਼ ਅਤੇ ਸਮੂਹ ਸਟਾਫ਼ ਵੀ ਮੌਜੂਦ ਸਨ। ਸਮਾਗਮ ਦੇ ਅੰਤ ’ਤੇ ਸਕੂਲ ਪ੍ਰਬੰਧਨ ਵੱਲੋਂ ਸਾਰੇ ਮਾਪਿਆਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।