ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਦੂਜੇ ਪਾਤਸ਼ਾਹ ਸ਼੍ਰੀ ਗੁਰੂ ਅੰਗਦ ਦੇਵ
Publish Date: Sun, 19 Apr 2026 03:50 PM (IST)
Updated Date: Mon, 20 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ 0 ਪੰਜਾਬੀ ਜਾਗਰਣ ਮੋਗਾ: ਦੂਜੇ ਪਾਤਸ਼ਾਹ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਅਵਤਾਰ ਪੁਰਬ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਗੁਰੂ ਅੰਗਦ ਦੇਵ ਜੀ ਦਾ ਪਹਿਲਾ ਨਾਂਅ ਭਾਈ ਲਹਿਣਾ ਸੀ। ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਅਤੇ ਸੇਵਾ ਸਦਕਾ ਉਨ੍ਹਾਂ ਦਾ ਨਾਂਅ ਗੁਰੂ ਅੰਗਦ ਦੇਵ ਜੀ ਪਿਆ। ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਉਪਰੰਤ ਉਹ ਗੁਰਤਾ ਗੱਦੀ ਤੇ ਸੁਭਾਏਮਾਨ ਹੋਏ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿੱਪੀ ਨੂੰ ਮਾਂਜਣ ਸੰਵਾਰਨ ਵਿਚ ਬਹੁਤ ਵੱਡਾ ਯੋਗਦਾਨ ਪਾਇਆ। ਗੁਰੂ ਜੀ ਦੀਆਂ ਸਿੱਖਿਆਵਾਂ ਆਪਸੀ ਪ੍ਰੇਮ, ਸਦਭਾਵਨਾ ਅਤੇ ਕਿਰਤ ਦਾ ਪੈਗ਼ਾਮ ਦਿੰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਗੁਰੂ ਜੀ ਨੇ ਸਿੱਖ ਸੰਗਤ ਨੂੰ ਸਿਹਤ ਸੰਭਾਲ ਪ੍ਰਤੀ ਸੁਚੇਤ ਕਰਨ ਲਈ ਵਿਸ਼ੇਸ਼ ਯਤਨ ਕੀਤੇ। ਮੱਲ ਅਖਾੜੇ ਸਥਾਪਿਤ ਕਰਨੇ ਉਨ੍ਹਾਂ ਦਾ ਸਿਹਤ ਸੰਭਾਲ ਵੱਲ ਅਹਿਮ ਕਦਮ ਸੀ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਗੁਰੂ ਅੰਗਦ ਦੇਵ ਜੀ ਨਿਮਰਤਾ, ਹਲੀਮੀ ਅਤੇ ਸੇਵਾ ਦੇ ਪੁੰਜ ਹੋਏ ਹਨ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਪ੍ਰਚਾਰਨ ਪ੍ਰਸਾਰਨ ਵਿਚ ਵਡਮੁੱਲਾ ਯੋਗਦਾਨ ਪਾਇਆ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਗੁਰੂ ਅੰਗਦਦੇਵ ਜੀ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ 63 ਸਲੋਕ ਦਰਜ ਹਨ। ਉਨ੍ਹਾਂ ਨੇ ਗੁਰੂ ਜੀ ਦੇ ਜੀਵਨ ਬਾਰੇ ਵਿਸਥਾਰਤ ਚਾਨਣਾ ਪਾਇਆ।