- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਿਆਣਾ ਦੇ ਮੁੱਖ ਮੰਤਰੀ ਨਾਇਬ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਅੱਠਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸਾਮਲ ਕਰਨ ਨਾਲ ਪੂਰੀ ਸਿੱਖ ਕੌਮ ਦਾ ਮਾਣ ਸਤਿਕਾਰ ਵਧਾਇਆ ਹੈ ਅਤੇ ਸਿੱਖ ਕੌਮ ਲਈ ਵੀ ਇਹ ਵੱਡਾ ਮਾਣ ਹੈ ਅਤੇ ਇਹ ਵੀ ਇਕ ਇਤਿਹਾਸਕ ਗੱਲ ਹੀ ਆਖੀ ਜਾ ਸਕਦੀ ਹੈ ਕਿ ਹਰਿਆਣਾ ਦੇਸ਼ ਦੇ ਸਾਰੇ ਰਾਜਾਂ ਵਿਚੋਂ ਪਹਿਲਾ ਸੂਬਾ ਹੋਵੇਗਾ ਜਿਸ ਦੀ ਸਰਕਾਰ ਨੇ ਸਾਡੇ ਗੁਰੂ ਸਾਹਿਬਾਨਾਂ ਦੇ ਫ਼ਲਸਫੇ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਸ਼ਾਮਲ ਕੀਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐੱਸਪੀ ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਸਮਾਗਮ ਨੂੰ ਮਨਾਉਂਦਿਆਂ ਇਹ ਐਲਾਨ ਕੀਤਾ ਸੀ ਅਤੇ ਹੁਣ ਉਸ ਐਲਾਨ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਮਾਣ ਸਤਿਕਾਰ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਕੌਮ ਨੂੰ ਦਿੱਤਾ ਹੈ, ਉਹ ਕਾਂਗਰਸ ਜਾਂ ਕਿਸੇ ਹੋਰ ਜਮਾਤ ਦਾ ਪ੍ਰਧਾਨ ਮੰਤਰੀ ਨਹੀਂ ਦੇ ਸਕਿਆ ਤੇ ਜੋ ਕੇਂਦਰ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਨਾਲ ਧੱਕੇਸ਼ਾਹੀ ਕੀਤੀ ਹੈ ਉਹ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਉਨ੍ਹਾਂ ਦਾ ਦਿਨ ਵੀਰ ਬਾਲ ਦਿਵਸ ਦੇ ਰੂਪ ਵਿਚ ਮਨਾਉਣ ਦਾ ਐਲਾਨ ਕੀਤਾ ਅਤੇ ਸਿੱਖ ਗੁਰੂ ਸਾਹਿਬਾਨਾਂ ਦੀ ਸ਼ਤਾਬਦੀਆਂ ਨੂੰ ਦੇਸ਼ ਵਿਆਪੀ ਮਨਾਉਣ ਦਾ ਫ਼ੈਸਲਾ ਲਿਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਵੀ ਦੇਸ਼ ਭਰ ਵਿਚ ਮਨਾਇਆ ਗਿਆ। ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖ ਗੁਰੂਆਂ ਦੇ ਇਤਿਹਾਸ, ਉਨ੍ਹਾਂ ਦੇ ਆਦਰਸ਼, ਮਹਾਨ ਕੁਰਬਾਨੀਆਂ ਤੋਂ ਜਾਣੂੰ ਕਰਵਾਉਣ ਲਈ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਇਤਿਹਾਸਕ ਫ਼ੈਸਲਾ ਲਿਆ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨੁੱਖਤਾਵਾਦੀ, ਸਮਾਨਤਾ, ਸੇਵਾ, ਦਿਆਲਤਾ, ਸਮਾਜਿਕ ਨਿਆਂ ਅਤੇ ਜਾਤ ਪਾਤ ਦਾ ਖ਼ਾਤਮਾ ਵਰਗੇ ਮਹਾਨ ਸੰਦੇਸ਼ ਦਿੱਤੇ, ਜਿਸ ਤੋਂ ਹੁਣ ਹਰਿਆਣਾ ਦੇ ਵਿਦਿਆਰਥੀ ਸੇਧ ਲੈ ਸਕਣਗੇ।