ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਪ੍ਰਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ਉੱਪਰ ਖੜ੍ਹਾ ਕਰਨ ਦੇ ਮਕਸਦ ਨਾਲ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਇਹ ਰੋਜ਼ਗਾਰ ਮੇਲੇ ਬੇਰੋਜ਼ਗਾਰਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਇਸੇ ਮਕਸਦ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਜਨਰੇਸ਼ਨ ਦਫ਼ਤਰ ਮੋਗਾ ਵਿਖੇ ਕਰੋਨਾ ਨੂੰ ਫੈਲਣ ਤੋਂ ਰੋਕਣ ਦੀ ਸਾਵਧਾਨੀ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖ ਕੇ ਵਰਚੁਅਲੀ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੋਗਾ ਜ਼ਿਲ੍ਹੇ ਨਾਲ ਸਬੰਧਤ ਭਾਰੀ ਗਿਣਤੀ ਵਿੱਚ ਉਮੀਦਵਾਰਾਂ ਨੇ ਆਨਲਾਈਨ ਹਿੱਸਾ ਲੈ ਕੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ 220 ਉਮੀਦਵਾਰਾਂ ਦੀ ਵੱਖ ਵੱਖ ਨਾਮੀ ਕੰਪਨੀਆਂ ਨੇ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਰੋਜ਼ਗਾਰ ਲਈ ਚੋਣ ਕੀਤੀ।

ਸੰਦੀਪ ਹੰਸ ਨੇ ਦੱਸਿਆ ਕਿ ਮਿਤੀ 29 ਸਤੰਬਰ, 2020 ਨੂੰ ਦੂਜਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਦੀ ਇੰਟਰਵਿਊ ਜਰੀਏ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਮੋਗਾ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ।

ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸੱਕਿਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ ਮੋਗਾ ਪਰਮਿੰਦਰ ਕੌਰ ਨੇ ਦੱਸਿਆ ਕਿ ਮੇਲੇ ਵਿੱਚ ਹਰ ਤਰ੍ਹਾਂ ਦੀ ਯੋਗਤਾ ਵਾਲਾ ਨੌਜਵਾਨ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵਾਲੇ ਰੋਜ਼ਗਾਰ ਮੇਲਿਆਂ ਦੀ ਤਰ੍ਹਾਂ ਇਹ ਮੇਲਾ ਵੀ ਮਿਸ਼ਨ ਫਤਹਿ ਦੀਆਂ ਸਾਰੀਆਂ ਸਾਵਧਾਨੀਆਂ ਨੂੰ ਅਪਨਾ ਆਯੋਜਿਤ ਕੀਤਾ ਜਾਵੇਗਾ।