ਸਿਹਤ ਸਹੂਲਤਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਸਿਹਤ ਅਤੇ ਪਰਿਵਾਰ ਭਲਾਈ
Publish Date: Mon, 20 Apr 2026 03:32 PM (IST)
Updated Date: Tue, 21 Apr 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸਾਡਾ ਮੁੱਢਲਾ ਫ਼ਰਜ਼ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨਿਅਰ ਮੈਡੀਕਲ ਅਫ਼ਸਰ ਬਲਾਕ ਡਰੋਲੀ ਭਾਈ ਡਾ. ਗਗਨਦੀਪ ਸਿੰਘ ਸਿੱਧੂ ਵੱਲੋਂ ਬਲਾਕ ਅਧੀਨ ਆਉਂਦੇ ਇਲਾਕਿਆਂ ਵਿਚ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਵਚਨਬੱਧਤਾ ਦੁਹਰਾਈ ਗਈ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਮੁਫ਼ਤ ਜਾਂਚ, ਇਲਾਜ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਦੀ ਸੰਭਾਲ, ਬੱਚਿਆਂ ਦਾ ਟੀਕਾਕਰਨ, ਪਰਿਵਾਰ ਨਿਯੋਜਨ ਸੇਵਾਵਾਂ ਅਤੇ ਵੱਖ-ਵੱਖ ਰੋਗਾਂ ਦੀ ਸਕ੍ਰੀਨਿੰਗ ਮੁਹਿੰਮਾਂ ਵੀ ਨਿਯਮਿਤ ਤੌਰ ’ਤੇ ਚਲਾਈਆਂ ਜਾ ਰਹੀਆਂ ਹਨ। ਡਾ. ਸਿੱਧੂ ਨੇ ਕਿਹਾ ਕਿ ਲੋਕਾਂ ਵਿਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਲਈ ਪਿੰਡ ਪੱਧਰ ‘ਤੇ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿੱਥੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ‘ਤੇ ਆਪਣੇ ਸਿਹਤ ਦੀ ਜਾਂਚ ਕਰਵਾਉਣ, ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਲੈਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਅਖ਼ੀਰ ਵਿਚ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸ ਲਈ ਸਿਹਤ ਵਿਭਾਗ ਦੇ ਕਾਮੇ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਬਲਰਾਜ ਸਿੰਘ ਦੌਲਤਪੁਰਾ ਤੋਂ ਇਲਾਵਾ ਹੋਰ ਸਟਾਫ਼ ਵੀ ਹਾਜ਼ਰ ਸਨ।