- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ ਵਿਚ ਭਾਰਤੀ ਜਨਤਾ

ਪੁਲਿਸ ਨੇ ਦਫਤਰ ਆਉਣ-ਜਾਣ ਵਾਲਿਆਂ ’ਤੇ ਰੱਖੀ ਬਾਜ ਅੱਖ
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਚੰਡੀਗੜ ਵਿਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਦੇ ਬਾਹਰ ਵਾਪਰੀ ਧਮਾਕੇ ਦੀ ਘਟਨਾ ਤੋਂ ਬਾਅਦ ਮੋਗਾ ਵਿਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਚੇਤ ਹੋ ਗਈਆਂ ਹਨ। ਇਸ ਦੇ ਮੱਦੇਨਜ਼ਰ ਮੋਗਾ ਸਥਿਤ ਭਾਜਪਾ ਦਫ਼ਤਰ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ। ਦਫ਼ਤਰ ਦੇ ਅੰਦਰ ਅਤੇ ਬਾਹਰ ਦੋਹਾਂ ਥਾਵਾਂ ’ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਦਫ਼ਤਰ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਬੰਬ ਨਿਰੋਧਕ ਦਸਤਿਆਂ ਅਤੇ ਡੌਗ ਸਕੁਆਡ ਦੀ ਮਦਦ ਨਾਲ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਜੋ ਕਿਸੇ ਵੀ ਸੰਦੇਹਜਨਕ ਚੀਜ਼ ਦਾ ਸਮੇਂ ਸਿਰ ਪਤਾ ਲੱਗ ਸਕੇ। ਦਫ਼ਤਰ ਦੇ ਮੁੱਖ ਦਰਵਾਜ਼ੇ ’ਤੇ ਆਧੁਨਿਕ ਮੇਟਲ ਡਿਟੈਕਟਰ ਲਗਾਇਆ ਗਿਆ ਹੈ, ਜਿਸ ਰਾਹੀਂ ਹਰ ਵਿਅਕਤੀ ਦੀ ਸਕ੍ਰੀਨਿੰਗ ਕਰਨ ਤੋਂ ਬਾਅਦ ਹੀ ਅੰਦਰ ਦਾਖ਼ਲਾ ਦਿੱਤਾ ਜਾ ਰਿਹਾ ਹੈ। ਭਾਜਪਾ ਦਫ਼ਤਰ ਪ੍ਰਭਾਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਹੀ ਭਾਰੀ ਪੁਲਿਸ ਬਲ ਦਫ਼ਤਰ ’ਚ ਤਾਇਨਾਤ ਕਰ ਦਿੱਤਾ ਗਿਆ ਸੀ। ਸ਼ੁਰੂਆਤੀ ਤੌਰ ’ਤੇ ਇਹ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਪਾਰਟੀ ਦੇ ਪ੍ਰਦੇਸ਼ ਪੱਧਰ ਦੇ ਕਈ ਵੱਡੇ ਆਗੂ ਦਫ਼ਤਰ ਵਿਚ ਪਹੁੰਚ ਸਕਦੇ ਹਨ ਜਿਸ ਕਾਰਨ ਸੁਰੱਖਿਆ ਪ੍ਰਬੰਧ ਵਧਾਏ ਗਏ ਪਰ ਬਾਅਦ ਵਿਚ ਇਹ ਸਪਸ਼ਟ ਹੋਇਆ ਕਿ ਚੰਡੀਗੜ ਦੀ ਘਟਨਾ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਵਧੀ ਸਾਵਧਾਨੀ ਦੇ ਤਹਿਤ ਇਹ ਕਦਮ ਚੁੱਕੇ ਗਏ ਹਨ। ਸ਼ਾਮ ਦੇ ਸਮੇਂ ਵੀ ਪੁਲਿਸ ਟੀਮਾਂ ਨੇ ਦਫ਼ਤਰ ਦਾ ਦੁਬਾਰਾ ਦੌਰਾ ਕੀਤਾ ਅਤੇ ਹਰ ਪੱਖ ਤੋਂ ਜਾਂਚ ਕੀਤੀ। ਇਸ ਦੌਰਾਨ ਦਫ਼ਤਰ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਵੀ ਕੀਤੀ ਗਈ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਦਫ਼ਤਰ ਦੇ ਬਾਹਰ ਮੇਟਲ ਗੇਟ ਵੀ ਲਗਾਇਆ ਗਿਆ ਹੈ, ਜਿਸ ਨਾਲ ਨਿਗਰਾਨੀ ਪ੍ਰਣਾਲੀ ਹੋਰ ਸਖ਼ਤ ਬਣ ਗਈ ਹੈ। ਪੁਲਿਸ ਵੱਲੋਂ ਦਫ਼ਤਰ ਦੇ ਆਲੇ-ਦੁਆਲੇ ਇਲਾਕੇ ਵਿਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਸਿਵਲ ਕਪੜਿਆਂ ਵਿਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਹਰ ਗਤੀਵਿਧੀ ’ਤੇ ਗੁਪਤ ਤੌਰ ’ਤੇ ਨਜ਼ਰ ਰੱਖ ਰਹੇ ਹਨ। ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨਾਲ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਭਾਜਪਾ ਦੇ ਕਈ ਆਗੂ ਪਹਿਲਾਂ ਤੋਂ ਹੀ ਸੁਰੱਖਿਆ ਘੇਰੇ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਨਾਲ ਗਨਮੈਨ ਵੀ ਤਾਇਨਾਤ ਹੁੰਦੇ ਹਨ। ਇਸ ਦੇ ਬਾਵਜੂਦ ਚੰਡੀਗੜ ਵਿਚ ਵਾਪਰੀ ਘਟਨਾ ਤੋਂ ਬਾਅਦ ਕੋਈ ਵੀ ਜੋਖ਼ਿਮ ਨਾ ਲੈਂਦਿਆਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਕੜਾ ਕੀਤਾ ਗਿਆ ਹੈ। ਮੋਗਾ ਪੁਲਿਸ ਨੇ ਦਫ਼ਤਰ ਨੂੰ ਪੂਰੀ ਤਰ੍ਹਾਂ ਸੁਰੱਖਿਆ ਘੇਰੇ ਵਿੱਚ ਲੈ ਲਿਆ ਹੈ ਅਤੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿਚ ਵੀ ਚਿੰਤਾ ਦਾ ਮਾਹੌਲ ਹੈ ਪਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅ਼ਫ਼ਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ। ਕੁੱਲ ਮਿਲਾ ਕੇ ਚੰਡੀਗੜ ਦੀ ਘਟਨਾ ਨੇ ਮੋਗਾ ਸਮੇਤ ਪੂਰੇ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਚੁਸਤ ਕਰ ਦਿੱਤਾ ਹੈ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ।