ਆਕਾਸ਼ਦੀਪ ਦੀ ਮੌਤ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਮੋਗਾ ਦੇ ਮਹਿਮੇਆਣਾ ਰੋਡ ’ਤੇ
Publish Date: Tue, 15 Sep 2026 06:46 PM (IST)
Updated Date: Wed, 16 Sep 2026 04:06 AM (IST)
ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕੀਤਾ ਹਾਈਵੇ ਰੋਡ ਬੰਦ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਮੋਗਾ ਦੇ ਮਹਿਮੇਆਣਾ ਰੋਡ ’ਤੇ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ, ਜਦੋਂ 23 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਉਸਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਸੜਕ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਪਰਿਵਾਰ ਵੱਲੋਂ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਰੋਡ ਜਾਮ ਕਾਰਨ ਮੋਗਾ ਕੋਟ ਤੋਂ ਮਹਿਮੇਆਣਾ ਰੋਡ ਤੱਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੜਕੇ ਦੇ ਪਿਤਾ ਗੁਰਦੇਵ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਨੂੰ ਵਿਆਹ ਤੋਂ ਬਾਅਦ ਉਸਦੇ ਸਹੁਰਾ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਲਗਾਤਾਰ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਪਿਛਲੇ ਦਿਨੀਂ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ ਸੀ। ਪਰਿਵਾਰ ਨੇ ਦਾਅਵਾ ਕੀਤਾ ਕਿ ਮੌਤ ਤੋਂ ਪਹਿਲਾਂ ਨੌਜਵਾਨ ਵੱਲੋਂ ਸੁਸਾਈਡ ਨੋਟ ਵੀ ਲਿਖਿਆ ਗਿਆ ਸੀ, ਜਿਸ ਵਿਚ ਉਸਨੇ ਕਥਿਤ ਤੌਰ ’ਤੇ ਆਪਣੇ ਸਹੁਰਾ ਪਰਿਵਾਰ ਸਬੰਧੀ ਗੰਭੀਰ ਗੱਲਾਂ ਦਰਜ ਕੀਤੀਆਂ ਹਨ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੁਸਾਈਡ ਨੋਟ ਸਮੇਤ ਮਾਮਲੇ ਨਾਲ ਸਬੰਧਤ ਸਾਰੇ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਜਾਂਚ ਦੌਰਾਨ ਜਿਨ੍ਹਾਂ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਵੇ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਲੋੜੀਂਦੀ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ, ਜਿਸ ਕਾਰਨ ਉਨ੍ਹਾਂ ਨੂੰ ਸੜਕ ’ਤੇ ਧਰਨਾ ਲਗਾਉਣ ਲਈ ਮਜ਼ਬੂਰ ਹੋਣਾ ਪਿਆ। ਧਰਨੇ ਦੌਰਾਨ ਮ੍ਰਿਤਕ ਦੀ ਮਾਂ ਵੱਲੋਂ ਭਾਵੁਕ ਹੋ ਕੇ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਨੌਜਵਾਨ ਪੁੱਤਰ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ, ਇਸ ਲਈ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨਾ ਹੀ ਪਰਿਵਾਰ ਨੂੰ ਇਨਸਾਫ਼ ਦੇਣ ਵੱਲ ਪਹਿਲਾ ਕਦਮ ਹੈ। ਪਰਿਵਾਰ ਵੱਲੋਂ ਮ੍ਰਿਤਕ ਦੇ ਮਹਿਜ਼ ਚਾਰ ਮਹੀਨੇ ਦੇ ਬੱਚੇ ਦੀ ਦੇਖਭਾਲ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਬੱਚੇ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਕੀਤੀ ਗਈ। ਧਰਨਾ ਲੱਗਣ ਕਾਰਨ ਮੋਗਾ ਕੋਟ ਤੋਂ ਮਹਿਮੇਆਣਾ ਰੋਡ ਵੱਲ ਜਾਣ ਵਾਲੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ। ਟਰੱਕਾਂ, ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਈ ਰਾਹਗੀਰਾਂ ਨੂੰ ਆਪਣੇ ਟਿਕਾਣਿਆਂ ’ਤੇ ਪਹੁੰਚਣ ਲਈ ਲੰਮਾ ਸਮਾਂ ਉਡੀਕ ਕਰਨੀ ਪਈ। ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਦੇ ਯਤਨ ਕੀਤੇ ਗਏ। ਇਸ ਮੌਕੇ ਡੀਐੱਸਪੀ ਗੁਰਪ੍ਰੀਤ ਸਿੰਘ ਅਤੇ ਐੱਸਐੱਚਓ ਗੁਰਵਿੰਦਰ ਸਿੰਘ ਭੁੱਲਰ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ। ਪਰਿਵਾਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜਦੋਂ ਤੱਕ ਉਨ੍ਹਾਂ ਨੂੰ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਇਨਸਾਫ਼ ਸਬੰਧੀ ਢੁੱਕਵਾਂ ਭਰੋਸਾ ਨਹੀਂ ਮਿਲਦਾ, ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ। ਪੁਲਿਸ ਵੱਲੋਂ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਵਾਜਾਈ ਨੂੰ ਮੁੜ ਸੁਚਾਰੂ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਬਾਕਸ-- ਜਲਦ ਹੋਵੇਗੀ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਡੀਐੱਸਪੀ ਗੁਰਪ੍ਰੀਤ ਸਿੰਘ ਅਤੇ ਐੱਸਐੱਚਓ ਗੁਰਵਿੰਦਰ ਸਿੰਘ ਭੁੱਲਰ ਨੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਬਾਕਸ-- ਰੋਡ ਜਾਮ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਕਰਨਾ ਪਿਆ ਸਾਹਮਣਾ ਰੋਡ ਜਾਮ ਹੋਣ ਕਾਰਨ ਟਰੱਕਾਂ, ਕਾਰਾਂ ਅਤੇ ਮੋਟਰਸਾਈਕਲਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਈ ਵਾਹਨ ਚਾਲਕਾਂ ਨੂੰ ਆਪਣੇ ਟਿਕਾਣਿਆਂ ’ਤੇ ਪਹੁੰਚਣ ਲਈ ਘੰਟਿਆਂ ਤੱਕ ਉਡੀਕ ਕਰਨੀ ਪਈ। ਜਾਮ ਕਾਰਨ ਆਮ ਰਾਹਗੀਰਾਂ, ਕੰਮਕਾਜ ਲਈ ਜਾਣ ਵਾਲੇ ਲੋਕਾਂ ਅਤੇ ਹੋਰ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।