ਬਲੂਮਿੰਗ ਬਡਜ਼ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਹਿੰਦੀ ਦਿਵਸ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ
Publish Date: Tue, 15 Sep 2026 04:51 PM (IST)
Updated Date: Wed, 16 Sep 2026 04:05 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਬੀਤ ਦਿਨ ਹਿੰਦੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਬੀਬੀਐੱਸ ਗਰੁੱਪ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਚਾਰਟ ਅਤੇ ਆਰਟੀਕਲ ਪੇਸ਼ ਕਰਕੇ ਹਿੰਦੀ ਭਾਸ਼ਾ ਦੇ ਇਤਿਹਾਸ, ਮਹੱਤਵ ਅਤੇ ਸਾਹਿਤਕ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਆਪਣੇ ਆਰਟੀਕਲਾਂ ਰਾਹੀਂ ਦੱਸਿਆ ਕਿ ਹਿੰਦੀ ਦਿਵਸ ਹਰ ਸਾਲ 14 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ 1949 ਵਿੱਚ ਸੰਵਿਧਾਨ ਸਭਾ ਵੱਲੋਂ ਹਿੰਦੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦਿੱਤੀ ਗਈ ਸੀ। ਵਿਦਿਆਰਥੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 14 ਸਤੰਬਰ ਦਾ ਦਿਨ ਰਾਜੇਂਦਰ ਸਿਮਹਾ ਦੇ ਜਨਮ ਦਿਨ ਨਾਲ ਵੀ ਜੁੜਿਆ ਹੋਇਆ ਹੈ, ਜਿਨ੍ਹਾਂ ਨੇ ਹਿੰਦੀ ਨੂੰ ਦੇਵਨਾਗਰੀ ਲਿਪੀ ਵਿਚ ਅਪਣਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦਾ ਜਨਮ 14 ਸਤੰਬਰ 1916 ਨੂੰ ਹੋਇਆ ਸੀ। ਇਸ ਮੌਕੇ ਵਿਦਿਆਰਥੀਆਂ ਨੇ ਦੱਸਿਆ ਕਿ ਹਿੰਦੀ ਇਕ ਇੰਡੋ-ਆਰੀਅਨ ਭਾਸ਼ਾ ਹੈ, ਜੋ ਮੁੱਖ ਤੌਰ ’ਤੇ ਹਿੰਦੀ ਬੈਲਟ ਖ਼ੇਤਰ ਵਿਚ ਬੋਲੀ ਜਾਂਦੀ ਹੈ। ਸਮਾਗਮ ਦੌਰਾਨ ਹਿੰਦੀ ਭਾਸ਼ਾ ਵਿਚ ਯੋਗਦਾਨ ਪਾਉਣ ਵਾਲਿਆਂ ਨੂੰ ਦਿੱਤੇ ਜਾਣ ਵਾਲੇ ਰਾਜਭਾਸ਼ਾ ਕੀਰਤੀ ਪੁਰਸਕਾਰ ਅਤੇ ਰਾਜਭਾਸ਼ਾ ਗੌਰਵ ਪੁਰਸਕਾਰ ਬਾਰੇ ਵੀ ਵਿਦਿਆਰਥੀਆਂ ਵੱਲੋਂ ਜਾਣਕਾਰੀ ਦਿੱਤੀ ਗਈ। ਸਕੂਲ ਦੇ ਸਮੂਹ ਹਿੰਦੀ ਅਧਿਆਪਕਾਂ ਨੇ ਵੀ ਹਿੰਦੀ ਦਿਵਸ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਹਿੰਦੀ ਸਮੇਤ ਹਰ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ।