ਦੋ ਗੱਡੀਆਂ ਦੀ ਭਿਆਨਕ ਟੱਕਰ, ਦੋ ਹਲਾਕ ਮੋਗਾ ਜ਼ਿਲ੍ਹੇ ਦੇ ਕੋਟ ਈਸੇ
Publish Date: Tue, 20 Oct 2026 06:27 PM (IST)
Updated Date: Wed, 21 Oct 2026 04:01 AM (IST)
ਕੈਪਸ਼ਨ : ਦੋ ਗੱਡੀਆਂ ਦੀ ਭਿਆਨਕ ਟੱਕਰ ਦੀਆਂ ਵੱਖ ਵੱਖ ਫ਼ੋਟੋਆਂ। * ਹਾਦਸੇ ਦੌਰਾਨ ਵਾਹਨ ਨੁਕਸਾਨੇ, ਲਾਸ਼ਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਨੇੜਲੇ ਪਿੰਡ ਗਗੜਾ ਕੋਲ ਦੋ ਗੱਡੀਆਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੂਜੀ ਗੱਡੀ ’ਚ ਸਵਾਰ ਪਤੀ-ਪਤਨੀ ਵੀ ਜ਼ਖ਼ਮੀ ਹੋ ਗਏ। ਹਾਦਸੇ ’ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਦੁਪਹਿਰ ਕਰੀਬ ਸਾਢੇ 12 ਵਜੇ ਪਿੰਡ ਗਗੜਾ ਨੇੜੇ ਵਾਪਰਿਆ। ਇਕ ਐਕਸਯੂਵੀ ਤੇ ਕੀਆ ਕੰਪਨੀ ਦੀ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀਆਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ’ਚ ਮਰਨ ਵਾਲਿਆਂ ਦੀ ਪਛਾਣ ਕੁਲਦੀਪ ਸਿੰਘ (30) ਪੁੱਤਰ ਸੁਰਜੀਤ ਸਿੰਘ ਵਾਸੀ ਫਤਿਹਾਬਾਦ, ਹਰਿਆਣਾ ਅਤੇ ਮਨਦੀਪ ਕੌਰ ਪਤਨੀ ਅਰਮਾਨ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਦੱਸੀ ਗਈ ਹੈ। ਦੂਜੀ ਐਕਸਯੂਵੀ ਗੱਡੀ, ਜੋ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਦੱਸੀ ਜਾ ਰਹੀ ਹੈ, ’ਚ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਪਾਖਰ ਸਿੰਘ ਤੇ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਵੀ ਹਾਦਸੇ ਦੌਰਾਨ ਜ਼ਖ਼ਮੀ ਹੋ ਗਏ। ਥਾਣਾ ਕੋਟ ਈਸੇ ਖਾਂ ਦੇ ਮੁੱਖ ਮੁਨਸ਼ੀ ਗੁਰਜੰਟ ਸਿੰਘ ਅਨੁਸਾਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਤੇ ਕਾਫ਼ੀ ਮੁਸ਼ੱਕਤ ਮਗਰੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਦੇਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਗੰਭੀਰ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਭੇਜੇ ਜਾਣ ਦੀ ਜਾਣਕਾਰੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।