ਬਿਜਲੀ ਤੇ ਬੀਜ ਸੋਧ ਬਿੱਲ ਖ਼ਿਲਾਫ਼ ਮਾਰਚ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ
Publish Date: Fri, 02 Jan 2026 03:58 PM (IST)
Updated Date: Sat, 03 Jan 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਕਾਨੂੰਨਾਂ ਅਤੇ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ 4 ਜਨਵਰੀ ਨੂੰ ਵਿਸ਼ਾਲ ਮੋਟਰਸਾਈਕਲ ਤੇ ਸਕੂਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮਾਰਚ ਰਾਹੀਂ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਜਨਤਕ ਖੇਤਰ ਦੇ ਨਿੱਜੀਕਰਨ, ਚਾਰ ਲੇਬਰ ਕੋਡਾਂ ਅਤੇ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ ਦੇ ਕੇਂਦਰੀ ਫੈਸਲਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਬਕਾ ਸਰਪੰਚ ਲਖਵੀਰ ਸਿੰਘ ਸੰਧੂਆਣਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਅਤੇ ਦਫ਼ਤਰ ਸਕੱਤਰ ਪ੍ਰਕਾਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਤੁਰੰਤ ਵਾਪਸ ਕਰਵਾਉਣ ਲਈ ਵੱਡੀ ਜਨਤਕ ਲਾਮਬੰਦੀ ਕਰਨ ਦਾ ਫੈਸਲਾ ਲਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣਾ ਚਾਹੁੰਦੀ ਹੈ, ਜੋ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਹਿੱਤਾਂ ਉੱਤੇ ਸਿੱਧਾ ਹਮਲਾ ਹੈ। ਇਹ ਬਿਜਲੀ ਬਿੱਲ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਿਆਂਦਾ ਜਾ ਰਿਹਾ ਹੈ, ਜਿਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਮੋਟਰਸਾਈਕਲ ਮਾਰਚ, ਢੋਲ ਮਾਰਚ, ਜਾਗੋ, ਰੈਲੀਆਂ ਅਤੇ ਮੁਜ਼ਾਹਰੇ ਕਰਕੇ ਜਨਤਕ ਮੁਹਿੰਮ ਭਖਾਈ ਜਾ ਰਹੀ ਹੈ। ਇਸ ਦੌਰਾਨ ਘਰ–ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਵਰਕੀ ਲੀਫ਼ਲੇਟ ਵੀ ਵੰਡੇ ਜਾ ਰਹੇ ਹਨ। ਇਸਦੇ ਨਾਲ ਹੀ 16 ਜਨਵਰੀ ਨੂੰ ਬਿਜਲੀ ਵਿਭਾਗ ਦੇ ਐੱਸਈ ਦਫ਼ਤਰਾਂ ਅੱਗੇ ਇਕ ਦਿਨ ਦਾ ਵਿਸ਼ਾਲ ਧਰਨਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਐੱਸਕੇਐੱਮ ਮੋਗਾ ਵੱਲੋਂ 4 ਜਨਵਰੀ ਨੂੰ ਪਿੰਡ ਦੁੱਨੇਕੇ ਤੋਂ ਮੋਟਰਸਾਈਕਲ ਮਾਰਚ ਦੀ ਸ਼ੁਰੂਆਤ ਕੀਤੀ ਜਾਵੇਗੀ, ਜੋ ਵੱਖ–ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਡਗਰੂ ਵਿਖੇ ਇਕੱਠਾ ਹੋਵੇਗਾ। ਇਸ ਮਾਰਚ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ ਅਤੇ ਸਮਾਪਤੀ ਪਿੰਡ ਡਗਰੂ ਵਿਖੇ ਕੀਤੀ ਜਾਵੇਗੀ। ਚਰਚਾ ਦੌਰਾਨ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ ਅਤੇ ਇਸਦੀ ਥਾਂ ਹੋਰ ਯੋਜਨਾ ਲਿਆਂਦੇ ਜਾਣ ਦੀ ਵੀ ਤਿੱਖੀ ਨਿੰਦਾ ਕੀਤੀ ਗਈ। ਆਗੂਆਂ ਨੇ ਮਗਨਰੇਗਾ ਮਜ਼ਦੂਰਾਂ ਦੇ ਸੰਘਰਸ਼ ਦੀ ਪੂਰੀ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਸੰਧੂਆਣਾ, ਬਲਕਰਨ ਸਿੰਘ ਢਿੱਲੋਂ, ਪ੍ਰਕਾਸ਼ ਸਿੰਘ ਦੁੱਨੇਕੇ, ਜਗਸੀਰ ਸਿੰਘ ਬਰਾੜ ਮੋਗਾ, ਸੁਖਜੀਤ ਸਿੰਘ ਨਿਧਾਂਵਾਲਾ ਇਕਾਈ ਸੈਕਟਰੀ ਸਮੇਤ ਹੋਰ ਆਗੂ ਹਾਜ਼ਰ ਸਨ।