ਡਾ. ਅੰਬੇਡਕਰ ਦੀ ਮੂਰਤੀ ਤੋੜਨ ਖ਼ਿਲਾਫ਼ ਰੋਸ
ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਅਮਨ-ਕਾਨੂੰਨ
Publish Date: Thu, 02 Apr 2026 03:34 PM (IST)
Updated Date: Fri, 03 Apr 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਅਮਨ-ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਘਟਨਾਵਾਂ ਦਰਮਿਆਨ ਬੀਤੇ ਦਿਨੀਂ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿਚ ਇਕ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਸਾਹਮਣੇ ਆਈ ਹੈ। ਇੱਥੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਤੋੜਫੋੜ ਕੀਤੀ ਗਈ, ਜਿਸ ਨਾਲ ਸਥਾਨਕ ਲੋਕਾਂ ਵਿਚ ਭਾਰੀ ਰੋਸ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਘਟਨਾ ਨੇ ਨਾ ਸਿਰਫ਼ ਸਮਾਜਿਕ ਸਾਂਝ ’ਤੇ ਅਸਰ ਪਾਇਆ ਹੈ, ਸਗੋਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸ਼ਿਵ ਸੈਨਾ ਪੰਜਾਬ ਦੇ ਗਗਨ ਨੌਹਰਿਆ, ਉੱਪ ਪ੍ਰਧਾਨ ਰਾਮ ਬਚਨ ,ਵਿਕਾਸ ਕਪੂਰ ਜਰਨਲ ਸਕੱਤਰ ਪੰਜਾਬ, ਮਨਦੀਪ ਸ਼ਰਮਾ ਮਹਿਲਾ ਸੈਨਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਨੂਰਪੁਰ ਜੱਟਾਂ ਵਿਚ ਪਿਛਲੇ ਇਕ ਸਾਲ ਦੌਰਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਕਈ ਵਾਰ ਵਾਪਰ ਚੁੱਕੀਆਂ ਹਨ, ਜੋ ਪ੍ਰਸ਼ਾਸਨ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕੇਵਲ ਨੂਰਪੁਰ ਜੱਟਾਂ ਹੀ ਨਹੀਂ, ਸਗੋਂ ਅੰਮ੍ਰਿਤਸਰ ਅਤੇ ਫ਼ਿਲੌਰ ਵਰਗੇ ਇਲਾਕਿਆਂ ਵਿਚ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਅਪਰਾਧਿਕ ਤੱਤਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ ਅਤੇ ਰੋਜ਼ਾਨਾ ਲੁੱਟ-ਖੋਹ, ਚੋਰੀਆਂ ਅਤੇ ਹਿੰਸਕ ਘਟਨਾਵਾਂ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਆਗੂਆਂ ਨੇ ਦੋਸ਼ ਲਗਾਇਆ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਅਤੇ ਸਕਾਲਰਸ਼ਿੱਪ ਵਰਗੀਆਂ ਜ਼ਰੂਰੀ ਯੋਜਨਾਵਾਂ ਵਿਚ ਵੀ ਬੇਵਜ੍ਹਾ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗ ਸਕੇ।