ਮੋਗਾ 'ਚ ਇਫਟੂ ਦੀ ਰੈਲੀ ਅੱਜ, ਪੰਜਾਬ ਦੇ ਪਾਣੀਆਂ ਤੋਂ ਲੈ ਕੇ 26 ਹਜ਼ਾਰ ਰੁਪਏ ਘੱਟੋ-ਘੱਟ ਮਜ਼ਦੂਰੀ ਤੱਕ ਉੱਠਣਗੇ ਮੁੱਦੇ
ਇਫਟੂ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਮੋਗਾ ਵਿਖੇ ਹੋਣ ਵਾਲੀ ਇਸ ਰੈਲੀ 'ਚ ਵੱਡੀ ਗਿਣਤੀ 'ਚ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਮੌਕੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾਈ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦੀਆਂ ਕੇਂਦਰੀਕਰਨ, ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਸੂਬਿਆਂ ਦੇ ਅਧਿਕਾਰਾਂ, ਜਮਹੂਰੀ ਹੱਕਾਂ ਅਤੇ ਮਜ਼ਦੂਰਾਂ ਦੇ ਹੱਕਾਂ ਨਾਲ ਜੁੜੇ ਮਸਲੇ ਪ੍ਰਭਾਵਿਤ ਹੋ ਰਹੇ ਹਨ।
Publish Date: Sat, 26 Sep 2026 01:30 PM (IST)
Updated Date: Sat, 26 Sep 2026 01:32 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਇੰਡੀਆਨ ਫੈਡਰੇਸ਼ਨ ਆਫ ਟ੍ਰੇਡ ਯੂਨੀਅਨਜ਼ (ਇਫਟੂ) ਪੰਜਾਬ ਵੱਲੋਂ ਅੱਜ ਸ਼ਨੀਵਾਰ ਮੋਗਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਤਿਆਰੀਆਂ ਚੱਲ ਰਹੀਆਂ ਸਨ। ਅੱਜ ਸਵੇਰ ਤੋਂ ਹੀ ਵੱਖ-ਵੱਖ ਜ਼ਿਲ੍ਹਿਆਂ ਤੋਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਹੋਰ ਵਰਗਾਂ ਨਾਲ ਸਬੰਧਤ ਲੋਕ ਦਾਣਾ ਮੰਡੀ ਮੋਗਾ 'ਚ ਪਹੁੰਚਣੇ ਸ਼ੁਰੂ ਹੋ ਗਏ ਹਨ। ਮੰਡੀ 'ਚ ਲੋਕਾਂ ਦਾ ਇਕੱਠ ਹੋ ਰਿਹਾ ਹੈ ਅਤੇ ਰੈਲੀ ਨੂੰ ਲੈ ਕੇ ਵਰਕਰਾਂ 'ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਫਟੂ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਮੋਗਾ ਵਿਖੇ ਹੋਣ ਵਾਲੀ ਇਸ ਰੈਲੀ 'ਚ ਵੱਡੀ ਗਿਣਤੀ 'ਚ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਮੌਕੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾਈ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦੀਆਂ ਕੇਂਦਰੀਕਰਨ, ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਸੂਬਿਆਂ ਦੇ ਅਧਿਕਾਰਾਂ, ਜਮਹੂਰੀ ਹੱਕਾਂ ਅਤੇ ਮਜ਼ਦੂਰਾਂ ਦੇ ਹੱਕਾਂ ਨਾਲ ਜੁੜੇ ਮਸਲੇ ਪ੍ਰਭਾਵਿਤ ਹੋ ਰਹੇ ਹਨ।
ਇਫਟੂ ਆਗੂਆਂ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ਦਾ ਸਥਾਈ ਹੱਲ ਕਰਨ, ਚੰਡੀਗੜ੍ਹ ਪੰਜਾਬ ਨੂੰ ਦੇਣ, ਡੈਮ ਸੇਫਟੀ ਐਕਟ ਰੱਦ ਕਰਨ ਅਤੇ ਸੂਬੇ ਦੇ ਵਿੱਤੀ ਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕਰਨ ਦੀ ਮੰਗ ਉਠਾਈ ਹੈ। ਇਸ ਦੇ ਨਾਲ ਹੀ ਕਿਸਾਨਾਂ ਲਈ ਕਾਨੂੰਨੀ ਐੱਮਐੱਸਪੀ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਨਸ਼ਿਆਂ 'ਤੇ ਰੋਕ ਲਗਾਉਣ ਅਤੇ ਘੱਟ ਗਿਣਤੀਆਂ ਤੇ ਦੱਬੇ-ਕੁਚਲੇ ਵਰਗਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ।
ਰੈਲੀ ਦੌਰਾਨ ਮਜ਼ਦੂਰਾਂ ਨਾਲ ਸਬੰਧਤ ਮੁੱਦੇ ਵੀ ਪ੍ਰਮੁੱਖਤਾ ਨਾਲ ਉਠਾਏ ਜਾਣਗੇ। ਇਫਟੂ ਵੱਲੋਂ ਚਾਰ ਲੇਬਰ ਕੋਡ ਰੱਦ ਕਰਨ, ਠੇਕਾ ਕਾਮਿਆਂ ਨੂੰ ਪੱਕਾ ਕਰਨ, ਘੱਟੋ-ਘੱਟ 26 ਹਜ਼ਾਰ ਰੁਪਏ ਮਹੀਨਾਵਾਰ ਮਜ਼ਦੂਰੀ ਲਾਗੂ ਕਰਨ ਅਤੇ ਸਕੀਮ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਸੂਬਾ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਰੈਲੀ 'ਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਭਵਿੱਖ ਦੇ ਸੰਘਰਸ਼ ਦੀ ਰੂਪ-ਰੇਖਾ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ 'ਚ ਵਰਕਰਾਂ ਦੇ ਸ਼ਾਮਲ ਹੋਣ ਕਾਰਨ ਦਾਣਾ ਮੰਡੀ 'ਚ ਭਾਰੀ ਇਕੱਠ ਹੋ ਰਿਹਾ ਹੈ।