ਕੁੱਲ ਹਿੰਦ ਕਿਸਾਨ ਸਭਾ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾਈ
Publish Date: Mon, 16 Nov 2026 04:12 PM (IST)
Updated Date: Mon, 16 Nov 2026 04:15 PM (IST)
ਵਕੀਲ ਮਹਿਰੋਂ, ਪੰਜਾਬੀ ਜਗਾਰਣ ਮੋਗਾ: ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਵਰਕਿੰਗ ਪ੍ਰਧਾਨ ਮਹਾਂਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਸਾਨ ਸਭਾ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਸੰਘਰਸ਼ਾਂ ਅਤੇ ਜਥੇਬੰਦਕ ਸਰਗਰਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਅਤੇ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਵਿਖੇ ਚਾਰ ਵਿਸ਼ਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਆ ਰਹੇ ਸਮੁੱਚੇ ਝੋਨੇ ਦੀ ਖ਼ਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸੇ ਵੀ ਬਹਾਨੇ ਹੇਠ ਝੋਨੇ ਦੀ ਖ਼ਰੀਦ ਬੰਦ ਕੀਤੀ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿਚ ਕੁਲਵੰਤ ਸਿੰਘ ਮੌਲਵੀਵਾਲ, ਸੂਰਤ ਸਿੰਘ ਧਰਮਕੋਟ, ਗੁਰਪ੍ਰੀਤ ਸਿੰਘ ਕੱਟਿਆਂਵਾਲੀ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।